- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵੱਡਾ ਫੈਸਲਾ, ਹੁਣ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ’ਚ ਬਣਨਗੇ ਸਿਹਤ ਬੀਮਾ ਕਾਰਡ

-ਹੁਣ ਸਹਿਕਾਰੀ ਸਭਾਵਾਂ ’ਚ ਹਰ ਨਾਗਰਿਕ ਸਿਹਤ ਬੀਮਾ ਕਾਰਡ ਬਣਵਾ ਕੇ ਲਵੇ ਲਾਭ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਆਸਾਨੀ ਨਾਲ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਇਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੁਣ ਲੋਕਾਂ ਦੇ ਸਿਹਤ ਬੀਮਾ ਕਾਰਡ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਵਿਚ ਵੀ ਬਣਾਏ ਜਾਣਗੇ। ਇਸ ਫੈਸਲੇ ਨਾਲ ਖਾਸ ਕਰਕੇ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ, ਜੋ ਪਹਿਲਾਂ ਕਾਰਡ ਬਣਵਾਉਣ ਲਈ ਸ਼ਹਿਰਾਂ ਜਾਂ ਦਫ਼ਤਰਾਂ ਦੇ ਚੱਕਰ ਲਗਾਉਣ ਲਈ ਮਜਬੂਰ ਸਨ। ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਅੰਦਰ ਕੁੱਲ 161 ਸਹਿਕਾਰੀ ਸਭਾਵਾਂ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਮੰਸ਼ਾ ਹੈ ਕਿ ਸਿਹਤ ਸੇਵਾਵਾਂ ਹਰ ਨਾਗਰਿਕ ਤਕ ਪਹੁੰਚਣ ਅਤੇ ਕਿਸੇ ਨੂੰ ਵੀ ਇਲਾਜ ਤੋਂ ਵਾਂਝਾ ਨਾ ਰਹਿਣਾ ਪਵੇ। ਇਸ ਯੋਜਨਾ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਦੇ ਮੁਲਾਜ਼ਮਾਂ ਨੂੰ ਲੁੜੀਂਦੀ ਜਾਣਕਾਰੀ ਦਿੱਤੀ ਗਈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਚੇਅਰਮੈਨ ਨੇ ਕਿਹਾ ਕਿ ਪਿੰਡਾਂ ਵਿੱਚ ਰਹਿਣ ਵਾਲੇ ਬਜ਼ੁਰਗ, ਮਜ਼ਦੂਰ ਵਰਗ ਤੇ ਗਰੀਬ ਪਰਿਵਾਰ ਅਕਸਰ ਜਾਣਕਾਰੀ ਦੀ ਘਾਟ ਜਾਂ ਦੂਰੀ ਕਾਰਨ ਸਰਕਾਰੀ ਯੋਜਨਾਵਾਂ ਤੋਂ ਵਾਂਝੇ ਰਹਿ ਜਾਂਦੇ ਹਨ। ਹੁਣ ਸਹਿਕਾਰੀ ਸਭਾਵਾਂ ਵਿੱਚ ਹੀ ਸਿਹਤ ਬੀਮਾ ਕਾਰਡ ਬਣਨ ਨਾਲ ਲੋਕਾਂ ਨੂੰ ਆਪਣੇ ਹੀ ਇਲਾਕੇ ’ਚ ਇਹ ਸਹੂਲਤ ਉਪਲਬਧ ਹੋਵੇਗੀ, ਜਿਸ ਨਾਲ ਸਮਾਂ ਤੇ ਪੈਸਾ ਦੋਵੇਂ ਬਚਣਗੇ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਲਾਭਪਾਤਰੀਆਂ ਨੂੰ ਸਰਕਾਰੀ ਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਮਿਲਦੀ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਇਹ ਹੈ ਕਿ ਬਿਮਾਰੀ ਦੇ ਸਮੇਂ ਕਿਸੇ ਵੀ ਪਰਿਵਾਰ ’ਤੇ ਵਿੱਤੀ ਬੋਝ ਨਾ ਪਵੇ ਤੇ ਹਰ ਵਿਅਕਤੀ ਨੂੰ ਮਿਆਰੀ ਸਿਹਤ ਸੇਵਾ ਮਿਲ ਸਕੇ। ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਦਿੱਤੀ ਗਈ ਕਿ ਕਾਰਡ ਬਣਾਉਣ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇ ਅਤੇ ਕਿਸੇ ਵੀ ਯੋਗ ਲਾਭਪਾਤਰੀ ਨਾਲ ਭੇਦਭਾਵ ਨਾ ਕੀਤਾ ਜਾਵੇ। ਇਸ ਨਾਲ ਹੀ ਸਹਿਕਾਰੀ ਸਭਾਵਾਂ ਵਿੱਚ ਸਾਫ਼-ਸੁਥਰਾ ਰਿਕਾਰਡ ਰੱਖਣ ਅਤੇ ਡਿਜ਼ੀਟਲ ਡਾਟਾ ਨੂੰ ਸੁਰੱਖਿਅਤ ਢੰਗ ਨਾਲ ਸੰਭਾਲਣ ’ਤੇ ਵੀ ਜ਼ੋਰ ਦਿੱਤਾ ਗਿਆ। ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਪਹਿਲਾਂ ਹੀ ਕਿਸਾਨਾਂ ਅਤੇ ਪਿੰਡ ਵਾਸੀਆਂ ਨਾਲ ਜੁੜੀਆਂ ਹੋਈਆਂ ਹਨ, ਇਸ ਲਈ ਇਨ੍ਹਾਂ ਰਾਹੀਂ ਸਿਹਤ ਬੀਮਾ ਕਾਰਡ ਬਣਾਉਣ ਦਾ ਫੈਸਲਾ ਕਾਫ਼ੀ ਲਾਭਕਾਰੀ ਸਾਬਤ ਹੋਵੇਗਾ। ਭਵਿੱਖ ’ਚ ਇਸ ਯੋਜਨਾ ਬਾਰੇ ਪਿੰਡ ਪੱਧਰ ’ਤੇ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ। ਅੰਤ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ-ਪੱਖੀ ਨੀਤੀਆਂ ਰਾਹੀਂ ਸਿਹਤ, ਸਿੱਖਿਆ ਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਹੇਠਲੇ ਪੱਧਰ ਤਕ ਪਹੁੰਚਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।