- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪਿੰਡਾਂ ‘ਚ ਕੈਂਪ ਲਗਾਏ

-ਕਿਹਾ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵੱਖ-ਵੱਖ ਪਿੰਡਾਂ ‘ਚ ਲਾਏ ਕੈਂਪ
ਵੀਰਪਾਲ ਭਗਤਾ, ਪੰਜਾਬੀ ਜਾਗਰਣ
ਭਗਤਾ ਭਾਈਕਾ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵੱਖ-ਵੱਖ ਪਿੰਡਾਂ ਵਿਚ ਸਿਹਤ ਬੀਮਾ ਕੈਂਪਾਂ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਕੈਂਪਾਂ ਦਾ ਆਗਾਜ਼ ਜਤਿੰਦਰ ਸਿੰਘ ਭੱਲਾ ਚੇਅਰਮੈਨ ਨਗਰ ਸੁਧਾਰ ਟਰੱਸਟ ਬਠਿੰਡਾ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਹਿਤੈਸ਼ੀ ਯੋਜਨਾ ਹੈ, ਜਿਸਦਾ ਮਕਸਦ ਹਰ ਵਰਗ ਦੇ ਨਾਗਰਿਕਾਂ ਨੂੰ ਸਸਤਾ ਅਤੇ ਗੁਣਵੱਤਾ ਭਰਪੂਰ ਇਲਾਜ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਵਾਉਣ ਨੂੰ ਲੈ ਕੇ ਪਿੰਡਾਂ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਕੈਂਪਾਂ ਵਿਚ ਸਵੇਰੇ ਤੋਂ ਹੀ ਲੋਕਾਂ ਦੀ ਲੰਬੀ ਕਤਾਰਾਂ ਲੱਗੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ਖ਼ਾਸ ਕਰਕੇ ਗਰੀਬ ਅਤੇ ਮੱਧ ਵਰਗ ਦੇ ਲੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ, ਕਿਉਂਕਿ ਹੁਣ ਕਿਸੇ ਨੂੰ ਵੀ ਪੈਸਿਆਂ ਦੀ ਕਮੀ ਕਾਰਨ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਪਵੇਗਾ। ਇਸ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਜਾਂ ਨਿਊਨਤਮ ਖਰਚ ’ਤੇ ਇਲਾਜ ਦੀ ਸਹੂਲਤ ਮਿਲੇਗੀ। ਇਸ ਨਾਲ ਮਹਿੰਗੇ ਇਲਾਜ ਦਾ ਭਾਰ ਗਰੀਬ ਪਰਿਵਾਰਾਂ ਦੇ ਸਿਰ ਤੋਂ ਉਤਰੇਗਾ ਅਤੇ ਉਹ ਨਿਸ਼ਚਿੰਤ ਹੋ ਕੇ ਆਪਣਾ ਇਲਾਜ ਕਰਵਾ ਸਕਣਗੇ। ਚੇਅਰਮੈਨ ਭੱਲਾ ਨੇ ਕਿਹਾ ਕਿ ਸਰਕਾਰ ਦੀ ਮੰਸ਼ਾ ਹੈ ਕਿ ਸਿਹਤ ਸਹੂਲਤਾਂ ਹਰ ਪਿੰਡ ਅਤੇ ਹਰ ਘਰ ਤਕ ਪਹੁੰਚਣ।
ਕੈਂਪਾਂ ਦੌਰਾਨ ਲੋਕਾਂ ਦੇ ਸਿਹਤ ਬੀਮਾ ਕਾਰਡ ਤਿਆਰ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਨੂੰ ਯੋਜਨਾ ਨਾਲ ਜੁੜੀਆਂ ਸਾਰੀਆਂ ਜਾਣਕਾਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਸਿਹਤ ਵਿਭਾਗ ਦੇ ਕਰਮਚਾਰੀ ਲੋਕਾਂ ਨੂੰ ਯੋਜਨਾ ਦੇ ਫਾਇਦਿਆਂ ਬਾਰੇ ਸਮਝਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ। ਚੇਅਰਮੈਨ ਭੱਲਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੀ ਪਿੰਡਾਂ ਅਤੇ ਕਸਬਿਆਂ ਵਿੱਚ ਇਸ ਤਰ੍ਹਾਂ ਦੇ ਕੈਂਪ ਲਗਾਏ ਜਾਣਗੇ, ਤਾਂ ਜੋ ਕੋਈ ਵੀ ਯੋਗ ਵਿਅਕਤੀ ਇਸ ਯੋਜਨਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਆਪਣੇ ਸਿਹਤ ਬੀਮਾ ਕਾਰਡ ਬਣਵਾਉਣ ਅਤੇ ਸਰਕਾਰ ਦੀ ਇਸ ਲੋਕ-ਹਿਤੈਸ਼ੀ ਯੋਜਨਾ ਦਾ ਲਾਭ ਉਠਾਉਣ। ਇਸ ਮੌਕੇ ਬਿੰਦਰ ਸਿੰਘ, ਮੁਹੰਮਦ ਅਸ਼ਰਫ ਅਲੀ ਖ਼ਾਨ ਬਲਾਕ ਪ੍ਰਧਾਨ ਯੂਥ ਵਿੰਗ ਆਮ ਆਦਮੀ ਪਾਰਟੀ, ਭੂਰਾ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਰਾਜਪਾਲ ਸਿੰਘ ਸੋਨੀ ਇਕਾਈ ਪ੍ਰਧਾਨ ਯੂਥ ਵਿੰਗ ਆਪ, ਗੁਰਵਿੰਦਰ ਸਿੰਘ ਗਿੰਦਾ, ਕੁਲਵੀਰ ਕੌਰ ਸੇਖੋਂ ਪੰਚਾਇਤ ਮੈਂਬਰ ਇਕਾਈ ਪ੍ਰਧਾਨ ਮਹਿਲਾ ਵਿੰਗ ਆਪ, ਹੈਪੀ ਸੰਧੂ , ਜਗਸੀਰ ਸਿੰਘ ਜੱਗਾ ਆਪ ਆਗੂ, ਠਾਕਰ ਸਿੰਘ, ਜਗਸੀਰ ਸਿੰਘ ਬਲਾਕ ਪ੍ਰਧਾਨ, ਅਮਰਜੀਤ ਸਿੰਘ, ਹਰਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਆਦਿ ਹਾਜ਼ਰ ਸਨ।