- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫ਼ਿਰੋਜ਼ਪੁਰ ਜੇਲ੍ਹ ਤੋਂ ਚੱਲ ਰਿਹਾ ਸੀ ਨਸ਼ਾ ਤਸਕਰੀ ਦਾ ਧੰਦਾ, ਬਠਿੰਡਾ ਪੁਲਿਸ ਵੱਲੋਂ 1.50 ਕਿਲੋ ਹੈਰੋਇਨ ਸਮੇਤ ਇਕ ਕਾਬੂ

-ਫ਼ਿਰੋਜ਼ਪੁਰ ਜੇਲ੍ਹ ਤੋਂ ਚੱਲ ਰਿਹਾ ਸੀ ਨਸ਼ਾ ਤਸਕਰੀ ਦਾ ਧੰਦਾ, ਕਾਕੂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਜਲਦ ਲਿਆਂਦਾ ਜਾਵੇਗਾ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਬਠਿੰਡਾ ਖੇਤਰ ਵਿੱਚ ਨਸ਼ਾ ਤਸਕਰੀ ਦੇ ਵੱਡੇ ਜਾਲ ਦਾ ਪਰਦਾਫਾਸ਼ ਕਰਦੇ ਹੋਏ ਬਠਿੰਡਾ ਪੁਲਿਸ ਨੇ 1.50 ਕਿਲੋ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਸਾਰਾ ਗਿਰੋਹ ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਇਕ ਵਿਅਕਤੀ ਦੇ ਇਸ਼ਾਰੇ ‘ਤੇ ਚੱਲ ਰਿਹਾ ਸੀ। ਪੁਲਿਸ ਅਨੁਸਾਰ ਜੇਲ੍ਹ ਵਿੱਚ ਬੰਦ ਰਾਕੇਸ਼ ਕੁਮਾਰ ਕਾਕੂ ਨਾਮਕ ਦੋਸ਼ੀ ਦੇ ਕਹਿਣ ‘ਤੇ ਹੀ ਬਠਿੰਡਾ ਵਿਚ ਨਸ਼ੇ ਦੀ ਸਪਲਾਈ ਕੀਤੀ ਜਾ ਰਹੀ ਸੀ।
ਐੱਸਐੱਸਪੀ ਬਠਿੰਡਾ ਡਾ. ਜਯੋਤੀ ਯਾਦਵ ਬੈਂਸ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਨੇ ਬਰਨਾਲਾ ਬਾਈਪਾਸ ’ਤੇ ਪੁਲਿਸ ਨੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਿਸ ਨੇ ਇਕ ਸ਼ੱਕੀ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਚਾਲਕ ਕੋਲੋ ਡੇਢ ਕਿਲੋਂ ਹੈਰਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਰਾਜਾ ਵਾਸੀ ਹਰਦੇਵ ਨਗਰ ਬਠਿੰਡਾ ਨੂੰ ਗ੍ਰਿਫ਼ਤਾਰ ਕੀਤਾ। ਹਾਲਾਂਕਿ ਰਾਜਾ ਬਿਹਾਰ ਦਾ ਰਹਿਣ ਵਾਲਾ ਹੈ ਉਕਤ ਵਿਅਕਤੀ ਪਰ ਪਿਛਲੇ 10 ਤੋਂ 15 ਸਾਲਾਂ ਤੋਂ ਬਠਿੰਡਾ ਵਿੱਚ ਰਹਿ ਰਿਹਾ ਸੀ ਅਤੇ ਇੱਥੇ ਹੀ ਨਸ਼ਾ ਤਸਕਰੀ ਦਾ ਧੰਦਾ ਚਲਾ ਰਿਹਾ ਸੀ। ਪੁਲਿਸ ਨੇ ਉਸਦੇ ਕਬਜ਼ੇ ਵਿੱਚੋਂ 1.50 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸਦੀ ਅੰਤਰਰਾਸ਼ਟਰੀ ਮਾਰਕੀਟ ਵਿੱਚ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀ ਰਾਜਾ ਨੇ ਖੁਲਾਸਾ ਕੀਤਾ ਕਿ ਉਸਨੂੰ ਇਹ ਹੈਰੋਇਨ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਸੌਂਪੀ ਗਈ ਸੀ। ਇਹ ਸਪਲਾਈ ਜੇਲ੍ਹ ਵਿੱਚ ਬੰਦ ਰਾਕੇਸ਼ ਕੁਮਾਰ ਕਾਕੂ ਦੇ ਨਿਰਦੇਸ਼ਾਂ ਅਨੁਸਾਰ ਕੀਤੀ ਜਾ ਰਹੀ ਸੀ। ਪੁਲਿਸ ਅਨੁਸਾਰ ਕਾਕੂ ਪਹਿਲਾਂ ਤੋਂ ਹੀ ਨਸ਼ਾ ਤਸਕਰੀ ਦੇ ਮਾਮਲਿਆਂ ’ਚ ਸ਼ਾਮਲ ਰਹਿ ਚੁੱਕਾ ਹੈ ਅਤੇ ਜੇਲ੍ਹ ਵਿੱਚ ਬੈਠਿਆਂ ਹੀ ਆਪਣਾ ਜਾਲ ਚਲਾ ਰਿਹਾ ਸੀ। ਕਾਕੂ ਨੇ ਮੁਲਜ਼ਮ ਨੂੰ ਦੱਸਿਆ ਸੀ ਕਿ ਉਹ ਬਰਨਾਲਾ ਬਾਈਪਾਸ ’ਤੇ ਜਾ ਕੇ ਹੈਰੋਇਨ ਲੈ ਆਵੇ, ਪਰ ਜਦੋਂ ਉਹ ਹੈਰੋਇਨ ਦੀ ਖੇਪ ਲੈ ਕੇ ਜਾ ਰਿਹਾ ਸੀ ਤਾਂ ਪੁਲਿਸ ਦੇ ਹੱਥੇ ਚੜ੍ਹ ਗਿਆ। ਇਸ ਤੋਂ ਪਹਿਲਾਂ ਵੀ ਮੁਲਜ਼ਮ ਦੋ ਵਾਰ ਹੈਰੋਇਨ ਦੀ ਖੇਖ ਹਾਸਲ ਕਰ ਚੁੱਕਾ ਹੈ। ਐੱਸਐੱਸਪੀ ਨੇ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਫ਼ਿਰੋਜ਼ਪੁਰ ਜੇਲ੍ਹ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤੇ ਜਲਦ ਹੀ ਕਾਕੂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਬਠਿੰਡਾ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ। ਜੇਲ੍ਹਾਂ ਵਿੱਚੋਂ ਨਸ਼ਾ ਤਸਕਰੀ ਦੇ ਜਾਲ ਨੂੰ ਤੋੜਣ ਲਈ ਸਖ਼ਤ ਕਦਮ ਚੁੱਕੇ ਜਾਣਗੇ ਅਤੇ ਇਸ ਵਿਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਵੀ ਤਫ਼ਤੀਸ਼ ਕੀਤੀ ਜਾਵੇਗੀ ਕਿ ਫ਼ਿਰੋਜ਼ਪੁਰ ਜੇਲ੍ਹ ਬੰਦ ਵਿਅਕਤੀ ਕੋਲ ਫੋਨ ਕਿਸ ਤਰ੍ਹਾਂ ਪਹੁੰਚਿਆ ਹੈ।
ਪੁਲਿਸ ਵੱਲੋਂ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਹੈਰੋਇਨ ਕਿੱਥੋਂ ਮੰਗਵਾਈ ਗਈ ਸੀ ਅਤੇ ਕਿਹੜੇ-ਕਿਹੜੇ ਇਲਾਕਿਆਂ ਵਿੱਚ ਇਸਦੀ ਸਪਲਾਈ ਕੀਤੀ ਜਾਣੀ ਸੀ। ਦੋਸ਼ੀ ਦੇ ਮੋਬਾਈਲ ਫ਼ੋਨ ਅਤੇ ਹੋਰ ਡਿਜੀਟਲ ਸਬੂਤਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਦੇ ਮੋਬਾਇਲ ਫੋਨ ਨੂੰ ਜਾਂਚ ਲਈ ਭੇਜਿਆ ਗਿਆ ਹੈ। ਇਸ ਕਾਰਵਾਈ ਨੂੰ ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੀ ਵੱਡੀ ਸਫ਼ਲਤਾ ਮੰਨਿਆ ਜਾ ਰਿਹਾ ਹੈ। ਐੱਸਐੱਸਪੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਲ੍ਹਾਂ ਅੰਦਰੋਂ ਚੱਲ ਰਹੇ ਅਜਿਹੇ ਨੈੱਟਵਰਕ ਨੂੰ ਵੀ ਪੂਰੀ ਤਰ੍ਹਾਂ ਤੋੜਿਆ ਜਾਵੇਗਾ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੇ ਅਗਲੇ ਪੜਾਅ ਵਿੱਚ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ ਅਤੇ ਇਸ ਗਿਰੋਹ ਨਾਲ ਜੁੜੇ ਹੋਰ ਲੋਕਾਂ ਦੀ ਗ੍ਰਿਫ਼ਤਾਰੀ ਵੀ ਸੰਭਵ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।
-ਬਾਕਸ-
ਐੱਸਐੱਸਪੀ ਨੇ ਦੱਸਿਆ ਕਿ ਪੁਲਿਸ ਯੁੱਧ ਨਸ਼ਿਆਂ ਵਿਰੁੱਧ ਅਤੇ ਆਪ੍ਰੇਸ਼ਨ ਪ੍ਰਹਾਰ ਸਫ਼ਲਤਾ ਪੂਰਵਕ ਚਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵੇ ਮੁਹਿੰਮਾਂ ਤਹਿਤ 20 ਜਨਵਰੀ ਤੋਂ 20 ਫ਼ਰਵਰੀ ਤਕ ਵੱਖ ਵੱਖ ਕੇਸਾਂ ਵਿਚ 1054 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਕੋਲੋ 2 ਕਿਲੋ 600 ਗ੍ਰਾਮ ਹੈਰੋਇਨ, 8 ਕਿਲੋ ਅਫ਼੍ਰੀਮ, 32 ਬੋਰ ਦੇ ਚਾਰ ਪਿਸਤੌਲ, 42 ਚੋਰੀ ਦੇ ਵਹੀਕਲ, 17 ਚੋਰੀ ਦੇ ਮੋਬਾਇਲ ਫੋਨ ਅਤੇ 1.54 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਤਿੰਨ ਕੇਸਾਂ ਵਿਚ 32 ਲੱਖ 75 ਹਜ਼ਾਰ ਰੁਪਏ ਦੀ ਨਸ਼ਾ ਤਸਕਰਾਂ ਦੀ ਜਾਇਦਾਦ ਜਬਤ ਕਰਨ ਲਈ ਕੇਸ ਸਬੰਧਤ ਅਥਾਰਟੀ ਨੂੰ ਭੇਜੇ ਗਏ ਹਨ ਅਤੇ ਚਾਰ ਕੇਸ ਪਾਸ ਹੋ ਚੁੱਕੇ ਹਨ, ਜਿਨ੍ਹਾਂ ਵਿਚ 81 ਲੱਖ 84 ਹਜ਼ਾਰ 500 ਰੁਪਏ ਦੀ ਜਾਇਦਾਦ ਨੂੰ ਜ਼ਬਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਗੇ ਵੀ ਅਪਰਾਧੀਆਂ ਖਿਲਾਫ਼ ਮੁਹਿੰਮ ਇਸ ਤਰ੍ਹਾਂ ਜਾਰੀ ਰਹੇਗੀ।