ਰੇਲਗੱਡੀ ਹੇਠ ਆਉਣ ਕਾਰਨ ਔਰਤ ਗੰਭੀਰ ਜ਼ਖ਼ਮੀ
ਰੇਲ ਗੱਡੀ ਹੇਠ ਆਉਣ ਕਾਰਨ ਔਰਤ ਗੰਭੀਰ ਜਖਮੀ
Publish Date: Sat, 14 Feb 2026 04:34 PM (IST)
Updated Date: Sun, 15 Feb 2026 04:03 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਚਾਰ ’ਤੇ ਸ਼ਨੀਵਾਰ ਨੂੰ ਦਰਦਨਾਕ ਹਾਦਸਾ ਵਾਪਰ ਗਿਆ। ਇਕ ਔਰਤ ਗੱਡੀ ’ਚ ਚੜ੍ਹ ਰਹੀ ਸੀ ਕਿ ਅਚਾਨਕ ਉਸਦਾ ਸੰਤੁਲਨ ਵਿਗੜ ਗਿਆ ਅਤੇ ਉਹ ਪਟੜੀ ਵਿੱਚ ਜਾ ਡਿੱਗੀ। ਹਾਦਸੇ ਦੌਰਾਨ ਉਸ ਦੀਆਂ ਦੋਵੇਂ ਲੱਤਾਂ ਟ੍ਰੇਨ ਹੇਠਾਂ ਆ ਕੇ ਕੁਚਲ ਗਈਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਵਿੱਕੀ ਕੁਮਾਰ ਤੁਰੰਤ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੇ। ਜ਼ਖ਼ਮੀ ਔਰਤ ਨੂੰ ਤੁਰੰਤ ਰੇਲਵੇ ਟ੍ਰੈਕ ਤੋਂ ਬਚਾ ਕੇ ਹਸਪਤਾਲ ਦੀ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਫੌਰੀ ਇਲਾਜ ਸ਼ੁਰੂ ਕਰ ਦਿੱਤਾ ਗਿਆ। ਫਿਲਹਾਲ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਡਾਕਟਰੀ ਨਿਗਰਾਨੀ ਹੇਠ ਇਲਾਜ ਜਾਰੀ ਹੈ। ਪਤਾ ਲੱਗਾ ਹੈ ਕਿ ਜ਼ਖ਼ਮੀ ਔਰਤ ਮਾਨਸਾ ਦੀ ਰਹਿਣ ਵਾਲੀ ਹੈ ਤੇ ਉਸਨੇ ਲਖਨਊ ਜਾਣਾ ਸੀ। ਗਲਤ ਗੱਡੀ ’ਚ ਚੜ੍ਹਣ ਦੀ ਘਬਰਾਹਟ ਵਿਚ ਇਹ ਹਾਦਸਾ ਵਾਪਰ ਗਿਆ। ਜ਼ਖ਼ਮੀ ਦੀ ਪਛਾਣ ਕਵਿਤਾ ਸ਼ਰਮਾ ਪਤਨੀ ਹਰਿਕ੍ਰਿਸ਼ਨ, ਉਮਰ ਕਰੀਬ 55 ਸਾਲ ਵਾਸੀ ਮਾਨਸਾ ਵਜੋਂ ਹੋਈ ਹੈ। ਰੇਲਵੇ ਸਟੇਸ਼ਨ ’ਤੇ ਇਸ ਘਟਨਾ ਤੋਂ ਬਾਅਦ ਹੜਕੰਪ ਮਚ ਗਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਮਦਦ ਲਈ ਦੌੜ ਲਾਈ ਤੇ ਐਮਰਜੈਂਸੀ ਸੇਵਾਵਾਂ ਨੂੰ ਸੂਚਿਤ ਕੀਤਾ। ਰੇਲਵੇ ਅਧਿਕਾਰੀਆਂ ਵੱਲੋਂ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।