- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ੍ਰੇਸ਼ਨ ਪ੍ਰਹਾਰ ਦੇ ਤਹਿਤ ਗੈਂਗਸਟਰਾਂ ’ਤੇ ਪੁਲਿਸ ਦਾ ਸ਼ਿਕੰਜਾ, ਜ਼ਿਲ੍ਹੇ ਅੰਦਰ 110 ਤੋਂ ਵੱਧ ਸੱਕੀ ਵਿਅਕਤੀਆਂ ਨੂੰ ਕੀਤਾ ਕਾਬੂ

-ਬੱਸ ਅੱਡੇ ਤੇ ਸਟੇਸ਼ਨ ’ਤੇ ਤਲਾਸ਼ੀ ਮੁਹਿੰਮ ਦੌਰਾਨ 110 ਤੋਂ ਵੱਧ ਸ਼ੱਕੀ ਵਿਅਕਤੀ ਕਾਬੂ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਗੈਂਗਸਟਰਵਾਦ ਅਤੇ ਗੰਭੀਰ ਅਪਰਾਧਾਂ ਤੋਂ ਮੁਕਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਆਪ੍ਰੇਸ਼ਨ ਪ੍ਰਹਾਰ ਦੇ ਤਹਿਤ ਬਠਿੰਡਾ ਪੁਲਿਸ ਨੇ ਵੱਡੇ ਪੱਧਰ ’ਤੇ ਕਾਰਵਾਈ ਕਰਦਿਆਂ ਗੈਂਗਸਟਰਾਂ, ਉਨ੍ਹਾਂ ਦੇ ਸਹਿਯੋਗੀਆਂ ਅਤੇ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਵਿਅਕਤੀਆਂ ਦੇ ਠਿਕਾਣਿਆਂ ’ਤੇ ਛਾਪੇ ਮਾਰੇ। ਇਹ ਮੁਹਿੰਮ ਐਸਐਸਪੀ ਬਠਿੰਡਾ ਡਾ. ਜੋਤੀ ਯਾਦਵ ਦੀ ਅਗਵਾਈ ਹੇਠ ਚਲਾਈ ਗਈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ 72 ਘੰਟਿਆਂ ਦੇ ਵਿਸ਼ੇਸ਼ ਆਪ੍ਰੇਸ਼ਨ ਪ੍ਰਹਾਰ ਦੇ ਅੰਤਰਗਤ ਬਠਿੰਡਾ ਜ਼ਿਲ੍ਹੇ ਵਿੱਚ ਵੀ ਚੈਕਿੰਗ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਿਸ ਵੱਲੋਂ 20 ਜਨਵਰੀ ਨੂੰ ਕਰੀਬ 430 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ, ਜਿਨ੍ਹਾਂ ਦੀ 66 ਟੀਮਾਂ ਬਣਾਈਆਂ ਗਈਆਂ। 21 ਜਨਵਰੀ ਨੂੰ 340 ਪੁਲਿਸ ਕਰਮੀਆਂ ਦੀ ਤਾਇਨਾਤੀ ਕੀਤੀ ਗਈ ਤੇ 62 ਟੀਮਾਂ ਬਣਾਈਆਂ ਗਈਆਂ। ਇਨ੍ਹਾਂ ਟੀਮਾਂ ਵਿੱਚ 4 ਐੱਸਪੀ, 13 ਡੀਐੱਸਪੀ, ਐੱਸਐੱਚਓ ਤੇ ਚੌਕੀ ਇੰਚਾਰਜ ਵੀ ਸ਼ਾਮਲ ਸਨ। ਐਸਐਸਪੀ ਡਾ. ਜੋਤੀ ਯਾਦਵ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਹੁਣ ਤਕ 110 ਤੋਂ ਵੱਧ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਖਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਮਾਮਲੇ ਦਰਜ ਹਨ।
ਇਸ ਤੋਂ ਇਲਾਵਾ ਕਰੀਬ 30 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਆਪ੍ਰੇਸ਼ਨ ਪ੍ਰਹਾਰ ਤਹਿਤ ਜ਼ਿਲ੍ਹੇ ਦੇ ਸ਼ਹਿਰੀ ਤੇ ਪਿੰਡ ਲਈ ਇਲਾਕਿਆਂ ’ਚ ਨਾਕੇਬੰਦੀ ਕਰਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ। ਗੈਂਗਸਟਰਾਂ ਦੇ ਸੰਭਾਵਿਤ ਠਿਕਾਣਿਆਂ, ਉਨ੍ਹਾਂ ਦੇ ਸਹਿਯੋਗੀਆਂ ਤੇ ਅਪਰਾਧੀ ਸਰਗਰਮੀਆਂ ਨਾਲ ਜੁੜੇ ਲੋਕਾਂ ’ਤੇ ਖ਼ਾਸ ਨਜ਼ਰ ਰੱਖੀ ਗਈ। ਪੁਲਿਸ ਦਾ ਕਹਿਣਾ ਹੈ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਅਪਰਾਧੀਆਂ ਵਿੱਚ ਡਰ ਪੈਦਾ ਕਰਨਾ ਤੇ ਆਮ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਹੈ। ਇਸਦੇ ਨਾਲ-ਨਾਲ 26 ਜਨਵਰੀ ਗਣਤੰਤਰ ਦਿਵਸ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਵੱਲੋਂ ਰੇਲਵੇ ਸਟੇਸ਼ਨ ਅਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।
ਐੱਸਐੱਸਪੀ ਡਾ. ਯਾਦਵ ਨੇ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਜ਼ਿਲ੍ਹੇ ਵਿੱਚ ਕੜੇ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ। ਇਸ ਦੌਰਾਨ ਕਰੀਬ 550 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਜਾਵੇਗੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਘਟਨਾ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਨਸ਼ਿਆਂ ਵਿਚ ਖਿਲਾਫ਼ ਵੀ ਬਠਿੰਡਾ ਪੁਲਿਸ ਦੀ ਮੁਹਿੰਮ ਜਾਰੀ ਰਹੇਗੀ ਅਤੇ ਨਸ਼ਾ ਤਸਕਰਾਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਐੱਸਐੱਸਪੀ ਨੇ ਸਪੱਸ਼ਟ ਕੀਤਾ ਕਿ ਆਪ੍ਰੇਸ਼ਨ ਪ੍ਰਹਾਰ ਅੱਗੇ ਵੀ ਜਾਰੀ ਰਹੇਗਾ ਅਤੇ ਜ਼ਿਲ੍ਹੇ ਵਿੱਚ ਅਪਰਾਧ ਕਰਨ ਵਾਲਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਬਠਿੰਡਾ ਵਿਚ ਗੈਂਗਸਟਰਾਂ ਲਈ ਕੋਈ ਜਗ੍ਹਾ ਨਹੀਂ ਹੈ ਤੇ ਗੈਂਗਸਟਰਾਂ ਦੀ ਮਦਦ ਕਰਨ ਵਾਲਿਆਂ ’ਤੇ ਵੀ ਪੁਲਿਸ ਤਿੱਖੀ ਨਜ਼ਰ ਰੱਖ ਰਹੀ ਹੈ। ਉਨ੍ਹਾਂ ਆਮ ਜਨਤਾ ਤੋਂ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਗੈਂਗਸਟਰ, ਨਸ਼ਾ ਤਸਕਰ ਜਾਂ ਸ਼ੱਕੀ ਗਤੀ ਵਿਧੀ ਬਾਰੇ ਪਤਾ ਲੱਗਦਾ ਹੈ ਤਾਂ ਉਹ ਤਰੰਤ ਇਸਦੀ ਜਾਣਕਾਰੀ ਪੁਲਿਸ ਨੂੰ ਦੇਣ। ੳਨ੍ਹਾਂ ਕਿਹਾ ਕਿ ਅਜਿਹੀ ਜਾਣਕਾਰੀ ਦੇਣ ਵਾਲੇ ਦਾ ਨਾਂ ਤੇ ਪਤਾ ਗੁਪਤ ਰੱਖਿਆ ਜਵੇਗਾ।