- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀ ਗ੍ਰਿਫਤਾਰ

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਜ਼ਿਲ੍ਹ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 10 ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 73.63 ਗਰਾਮ ਹੈਰੋਇਨ ਤੇ 10 ਕਿੱਲੋ 150 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਬਠਿੰਡਾ ਬਾਦਲ ਫਲਾਈ ਓਵਰ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਛੇ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਮੰਗੂ ਸਿੰਘ ਵਾਸੀ ਅਮਰਪੁਰਾ ਬਸਤੀ ਵਜੋਂ ਹੋਈ ਹੈ। ਇਸੇ ਥਾਣੇ ਦੀ ਪੁਲਿਸ ਨੇ ਬਠਿੰਡਾ ਬਾਦਲ ਰੋਡ ਤੇ ਲਾਅ ਕਾਲਜ ਨੇੜੇ ਫਲਾਈ ਓਵਰ ਉੱਪਰ ਇਕ ਵਿਅਕਤੀ ਨੂੰ 40 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਸ ਦੀ ਪਛਾਣ ਸ਼ੌਂਕੀ ਵਾਸੀ ਅਮਰਪੁਰਾ ਬਸਤੀ ਬਠਿੰਡਾ ਵਜੋਂ ਹੋਈ ਹੈ। ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਗੁਪਤ ਸੂਚਨਾ ਮਿਲਣ ’ਤੇ ਬਸਤੀ ਨੰਬਰ ਇਕ ਬੀੜ ਤਲਾਬ ’ਚ ਛਾਪਾਮਾਰੀ ਕਰਦਿਆਂ ਅਰਜਨ ਨੂੰ 6.55 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਥਾਣੇ ਦੀ ਪੁਲਿਸ ਨੇ ਪਿੰਡ ਕਟਾਰ ਸਿੰਘ ਵਾਲਾ ਨੇੜੇ ਇੱਕ ਸ਼ੱਕੀ ਵਿਅਕਤੀ ਦੀ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 10 ਕਿੱਲੋ 150 ਗ੍ਰਾਮ ਗਾਂਜਾ ਬਰਾਮਦ ਹੋਇਆ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਮੁਹੰਮਦ ਸ਼ਮੀ ਆਲਮ ਵਾਸੀ ਰਾਮਾ ਮੰਡੀ ਵਜੋਂ ਹੋਈ ਹੈ। ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਆਕਲੀਆ ਜਲਾਲ ਵਿਖੇ ਛਾਪੇਮਾਰੀ ਕਰਦਿਆਂ ਬਖਤੌਰ ਸਿੰਘ ਨੂੰ ਦੋ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਦੋਂ ਕਿ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਭਾਰੀ ਮਾਤਰਾ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਸਿਟੀ ਰਾਮਪੁਰਾ ਦੀ ਪੁਲਿਸ ਨੇ ਦਾਣਾ ਮੰਡੀ ਨੇੜੇ ਸ਼ੱਕੀ ਹਾਲਾਤ ’ਚ ਘੁੰਮ ਰਹੇ ਦੋ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਛੇ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਸਲੀਮ ਖਾਨ ਅਤੇ ਚੰਦਨ ਸ਼ਰਮਾ ਵਾਸੀਆਨ ਪਿੰਡ ਬੁਰਜ ਮਾਨਸ਼ਾਹੀਆ ਵਜੋਂ ਹੋਈ ਹੈ। ਇਸ ਤਰ੍ਹਾਂ ਪੁਲਿਸ ਨੇ ਪਸ਼ੂ ਮੰਡੀ ਰਾਮਪੁਰਾ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 4.58 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਸੰਦੀਪ ਸਿੰਘ ਵਾਸੀ ਪੱਤੀ ਮੱਲੀ ਫੂਲ ਵਜੋਂ ਹੋਈ ਹੈ। ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਪਿੰਡ ਚਾਉਕੇ ’ਚ ਛਾਪਾਮਾਰੀ ਕਰਦਿਆਂ ਵਿਜੇਪਾਲ ਸਿੰਘ ਵਾਸੀ ਪੀਰਕੋਟ ਨੂੰ 5.50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਦੋਂ ਕਿ ਥਾਣਾ ਮੌੜ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਜੋਧਪੁਰ ਪਾਖਰ ਵਿੱਚ ਛਾਪੇਮਾਰੀ ਕਰਦਿਆਂ ਗੁਰਮੀਤ ਸਿੰਘ ਨੂੰ ਤਿੰਨ ਗ੍ਰਾਮ ਹੈਰੋਇਨ ਸਮੇਤ ਫੜਿਆ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਨਸ਼ਾ ਰੋਕੂ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।