- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 11 ਵਿਅਕਤੀ ਗ੍ਰਿਫ਼ਤਾਰ

-151 ਗ੍ਰਾਮ ਹੈਰੋਇਨ, 600 ਪਾਬੰਦੀਸ਼ੁਦਾ ਕੈਪਸੂਲ ਤੇ 30 ਗੋ਼ਲ਼ੀਆਂ ਬਰਾਮਦ
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 11 ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 151 ਗ੍ਰਾਮ ਹੈਰੋਇਨ, 600 ਪਾਬੰਦੀਸ਼ੁਦਾ ਕੈਪਸੂਲ ਅਤੇ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਸੀਆਈਏ ਸਟਾਫ 2 ਦੇ ਸਹਾਇਕ ਥਾਣੇਦਾਰ ਹਰਮਨਜੀਤ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਧੋਬੀਆਣਾ ਬਸਤੀ ਵਿਚ ਗਸ਼ਤ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਜਿਸ ਦੀ ਪਛਾਣ ਧਰਮਿੰਦਰ ਸਿੰਘ ਵਾਸੀ ਧੋਬੀਆਣਾ ਬਸਤੀ ਬਠਿੰਡਾ ਵਜੋਂ ਹੋਈ ਹੈ। ਇਸ ਤਰ੍ਹਾਂ ਹੀ ਥਾਣਾ ਸਿਵਲ ਲਾਈਨ ਦੇ ਸਹਾਇਕ ਥਾਣੇਦਾਰ ਗੁਰਸਾਹਿਬ ਸਿੰਘ ਨੇ ਮੱਛੀ ਚੌਂਕ ਵਿਚ ਸ਼ੱਕ ਪੈਣ ’ਤੇ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 150 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਦਲਜੀਤ ਸਿੰਘ ਵਾਸੀ ਭੁੱਚੋ ਮੰਡੀ ਹਾਲ ਆਬਾਦ ਸੁਰਖਪੀਰ ਰੋਡ ਬਠਿੰਡਾ ਵਜੋਂ ਹੋਈ ਹੈ। ਇਕ ਹੋਰ ਮਾਮਲੇ ਵਿਚ ਸੀਆਈਏ ਸਟਾਫ ਇਕ ਦੀ ਪੁਲਿਸ ਨੇ ਸਿਵਲ ਸਟੇਸ਼ਨ ਖੇਤਰ ਵਿਚ ਜਾ ਰਹੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 89 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮਾਂ ਨੂੰ ਮੌਕੇ ‘ਤੇ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਜੋਰਾ ਸਿੰਘ ਵਾਸੀ ਪਿੰਡ ਮਹਾਲਮ ਜ਼ਿਲ੍ਹਾ ਫਿਰੋਜ਼ਪੁਰ ਅਤੇ ਵਿਕਰਮਜੀਤ ਸਿੰਘ ਵਾਸੀ ਪਿੰਡ ਚੱਕ ਅਰਾਈਵਾਲਾ ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ। ਸੀਆਈਏ ਸਟਾਫ ਦੇ ਸਹਾਇਕ ਥਾਣੇਦਾਰ ਸੁਖਜੀਤ ਸਿੰਘ ਨੇ ਦੱਸਿਆ ਕਿ ਮੁਲਜਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਥਾਣਾ ਕੈਂਟ ਬਠਿੰਡਾ ਦੀ ਪੁਲਿਸ ਨੇ ਗਗਨਦੀਪ ਸਿੰਘ ਵਾਸੀ ਨੇੜੇ ਧਰਮਸ਼ਾਲਾ ਜੀਵਨ ਸਿੰਘ ਵਾਲਾ ਨੂੰ ਬੀਬੀ ਵਾਲਾ ਚੌਂਕ ਤੋਂ 450 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਤਰ੍ਹਾਂ ਹੀ ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਪਿੰਡ ਦਿਆਲਪੁਰਾ ਤੋਂ ਗੁਰਪ੍ਰੀਤ ਸਿੰਘ ਵਾਸੀ ਆਦਮਪੁਰਾ ਨੂੰ 30 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਹੈ। ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਪਰਮਿੰਦਰ ਸਿੰਘ ਵਾਸੀ ਰਾਮਪੁਰਾ ਮੰਡੀ ਨੂੰ 4.20 ਗ੍ਰਾਮ ਹੈਰੋਇਨ ਸਮੇਤ ਫੜਿਆ ਹੈ ਜਦੋਂਕਿ ਥਾਣਾ ਬਾਲਿਆਂਵਾਲੀ ਦੀ ਪੁਲਿਸ ਨੇ ਪਿੰਡ ਰਾਮ ਨਿਵਾਸ ’ਚ ਛਾਪੇਮਾਰੀ ਕਰਦਿਆਂ ਕੁਲਦੀਪ ਸਿੰਘ ਵਾਸੀ ਮੰਡੀ ਕਲਾਂ ਨੂੰ 2.20 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਹਵਾਲਾਤ ਵਿਚ ਬੰਦ ਕਰ ਦਿੱਤਾ ਹੈ। ਥਾਣਾ ਮੌੜ ਮੰਡੀ ਦੀ ਪੁਲਿਸ ਨੇ ਵੀ ਨਸ਼ੀਲੇ ਪਦਾਰਥਾਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਸਹਾਇਕ ਥਾਣੇਦਾਰ ਜਗਦੀਪ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਟਾਹਲਾ ਸਾਹਿਬ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 6.30 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਸੰਦੋਹਾ ਵਜੋਂ ਹੋਈ ਹੈ। ਇਸੇ ਥਾਣੇ ਦੀ ਪੁਲਿਸ ਨੇ ਪਿੰਡ ਰਾਮ ਨਗਰ ਵਿਚ ਛਾਪੇਮਾਰੀ ਕਰਦਿਆਂ ਸ਼ਿਵਮ ਕੁਮਾਰ ਨੂੰ 105 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਨੰਦਗੜ੍ਹ ਦੀ ਪੁਲਿਸ ਨੇ ਵੀ ਇਕ ਵਿਅਕਤੀ ਨੂੰ ਇਕ ਗ੍ਰਾਮ ਹੈਰੋਇਨ ਸਮੇਤ ਫੜਿਆ ਹੈ, ਜਿਸ ਦੀ ਪਛਾਣ ਬੂਟਾ ਸਿੰਘ ਵਾਸੀ ਪਿੰਡ ਝੂੰਬਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਸਾਰੇ ਮੁਲਜ਼ਮਾਂ ਖਿਲਾਫ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।