ਪਾਬੰਦੀਸ਼ੁਦਾ ਦਵਾਈਆਂ ਸਮੇਤ ਦੋ ਵਿਅਕਤੀ ਕਾਬੂ
ਪਾਬੰਦੀਸ਼ੁਦਾ ਦਵਾਈਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ, ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਵੱਲੋਂ ਪੁਲਿਸ ਦੀ ਸ਼ਲਾਘਾ
Publish Date: Sat, 07 Mar 2026 05:38 PM (IST)
Updated Date: Sun, 08 Mar 2026 04:09 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਦੋ ਵਿਅਕਤੀਆਂ ਨੂੰ ਵੱਡੀ ਮਾਤਰਾ ਵਿੱਚ ਪਾਬੰਦੀਸ਼ੁਦਾ ਦਵਾਈਆਂ ਪ੍ਰੀਗਾਬਾਲਿਨ ਕੈਪਸੂਲ ਅਤੇ ਟ੍ਰਾਮਾਡੋਲ ਸਮੇਤ ਗ੍ਰਿਫ਼ਤਾਰ ਕਰਨ ਦੇ ਮਾਮਲੇ ਵਿੱਚ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਬਠਿੰਡਾ ਨੇ ਪੁਲਿਸ ਦੀ ਸ਼ਲਾਘਾ ਕੀਤੀ ਹੈ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਕਿਹਾ ਕਿ ਬਾਹਰੀ ਲੋਕਾਂ ਵੱਲੋਂ ਪਾਬੰਦੀਸ਼ੁਦਾ ਦਵਾਈਆਂ ਤੇ ਪਾਬੰਦੀਸ਼ੁਦਾ ਪਦਾਰਥਾਂ ਦੀ ਤਸਕਰੀ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਅਜਿਹੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਦੋਸ਼ੀ ਸੰਦੀਪ ਉਰਫ਼ ਸੰਜੀਵ, ਜੋ ਕਿ ਮੇਰਠ ਦਾ ਰਹਿਣ ਵਾਲਾ ਹੈ ਤੇ ਉਸਦੇ ਸਾਥੀ, ਜਿਸਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਦਾ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਨਾਲ ਕੋਈ ਸਬੰਧ ਨਹੀਂ ਹੈ। ਨਾ ਹੀ ਉਹ ਹੋਲਸੇਲ ਜਾਂ ਰਿਟੇਲ ਕੈਮਿਸਟ ਐਸੋਸੀਏਸ਼ਨ ਦੇ ਮੈਂਬਰ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕੁਝ ਬਾਹਰੀ ਲੋਕ ਨਸ਼ਿਆਂ ਦੀ ਤਸਕਰੀ ਕਰਕੇ ਕੈਮਿਸਟ ਭਾਈਚਾਰੇ ਨੂੰ ਬਦਨਾਮ ਕਰਨ ਤੇ ਨੌਜਵਾਨ ਪੀੜ੍ਹੀ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੁਲਿਸ ਵਿਭਾਗ ਨੂੰ ਦੋਸ਼ੀਆਂ ਤੋਂ ਪੂਰੀ ਤਰ੍ਹਾਂ ਪੁੱਛਗਿੱਛ ਕਰਨੀ ਚਾਹੀਦੀ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਨ੍ਹਾਂ ਪਾਬੰਦੀਸ਼ੁਦਾ ਦਵਾਈਆਂ ਦੀ ਸਪਲਾਈ ਤੇ ਵਿਕਰੀ ਕੌਣ ਕਰ ਰਿਹਾ ਸੀ, ਤਾਂ ਜੋ ਉਨ੍ਹਾਂ ਸਾਰਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਕਿਸੇ ਵੀ ਨਸ਼ਾ ਤਸਕਰੀ ਦਾ ਸਮਰਥਨ ਨਹੀਂ ਕਰਦੀ, ਸਗੋਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਪੂਰਾ ਸਮਰਥਨ ਕਰਦੀ ਹੈ ਤੇ ਨਸ਼ਿਆਂ ਦੀ ਦੁਰਵਰਤੋਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਕੈਮਿਸਟ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਨਾਰਕੋਟਿਕ ਡਰੱਗਜ਼ ਤੇ ਸ਼ਡਿਊਲ ਐੱਚ-ਵਨ ਦੇ ਸੇਲ-ਪਰਚੇਜ਼ ਦਾ ਪੂਰਾ ਰਿਕਾਰਡ ਰੱਖਣ ਅਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ। ਇਸ ਮਾਮਲੇ 'ਤੇ ਚਿੰਤਾ ਪ੍ਰਗਟ ਕਰਦੇ ਹੋਏ, ਪੰਜਾਬ ਕੈਮਿਸਟ ਐਸੋਸੀਏਸ਼ਨ (ਪੀਸੀਏ) ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਕਿਹਾ ਕਿ ਨਸ਼ਾ ਤਸਕਰੀ ਕਰਨ ਵਾਲੇ ਸਮਾਜ ਦੇ ਦੁਸ਼ਮਣ ਹਨ ਅਤੇ ਉਨ੍ਹਾਂ ਦਾ ਪੀਸੀਏ ਜਾਂ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ, ਬਠਿੰਡਾ ਨਾਲ ਕੋਈ ਸਬੰਧ ਨਹੀਂ ਹੈ।