ਪੀਆਰਟੀਸੀ ਮੁਲਾਜ਼ਮਾਂ ਵੱਲੋਂ 25 ਮਾਰਚ ਨੂੰ ਧਰਨੇ ਦਾ ਐਲਾਨ
ਪੀਆਰਟੀਸੀ ਕਰਮਚਾਰੀਆਂ ਵੱਲੋਂ ਸੂਬਾ ਭਰ ‘ਚ ਰੋਸ ਰੈਲੀਆਂ, 25 ਮਾਰਚ ਨੂੰ ਧਰਨੇ ਦਾ ਐਲਾਨ
Publish Date: Mon, 23 Mar 2026 05:05 PM (IST)
Updated Date: Tue, 24 Mar 2026 04:02 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕਾਂਟ੍ਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ 23 ਮਾਰਚ ਨੂੰ ਸੂਬੇ ਭਰ ਦੇ ਡਿਪੂਆਂ ਅੱਗੇ ਗੇਟ ਰੈਲੀਆਂ ਕਰਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਯੂਨੀਅਨ ਆਗੂ ਸਰਬਜੀਤ ਸਿੰਘ ਭੁੱਲਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਵੱਡੀ ਕੁਰਬਾਨੀ ਦਿੱਤੀ ਅਤੇ ਉਹ ਅੱਜ ਵੀ ਸੰਘਰਸ਼ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਵੱਲੋਂ ਆਵਾਜ਼ ਨੂੰ ਦਬਾਉਣ ਲਈ ਮੁਲਾਜ਼ਮਾਂ ‘ਤੇ ਨਜਾਇਜ਼ ਪਰਚੇ ਦਰਜ ਕਰਕੇ ਜੇਲ੍ਹਾਂ ਵਿਚ ਭੇਜਿਆ ਜਾ ਰਿਹਾ ਹੈ ਅਤੇ ਵਿਭਾਗਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਕਿਲੋਮੀਟਰ ਸਕੀਮ ਤਹਿਤ ਚਲ ਰਹੀਆਂ ਪ੍ਰਾਈਵੇਟ ਬੱਸਾਂ ਵਿਭਾਗ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਪਹੁੰਚਾ ਰਹੀਆਂ ਹਨ, ਜਿਸ ਦੇ ਸਬੂਤ ਦੇਣ ਦੇ ਬਾਵਜੂਦ ਸਰਕਾਰ ਇਸ ਨੂੰ ਜਾਰੀ ਰੱਖ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਟੈਂਡਰ ਪ੍ਰਕਿਰਿਆ ਵਿਚ ਵੀ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਡਿਪੂ ਪ੍ਰਧਾਨ ਹਰਤਾਰ ਸ਼ਰਮਾ ਅਤੇ ਹੋਰ ਆਗੂਆਂ ਨੇ ਕਿਹਾ ਕਿ ਠੇਕੇਦਾਰੀ ਪ੍ਰਣਾਲੀ ਕਾਰਨ ਮੁਲਾਜ਼ਮਾਂ ਦਾ ਸ਼ੋਸ਼ਣ ਹੋ ਰਿਹਾ ਹੈ। ਉਨ੍ਹਾਂ ਮੁਤਾਬਕ ਈਪੀਐੱਫ ਤੇ ਈਐੱਸਆਈ ਜਮ੍ਹਾਂ ਨਾ ਕਰਵਾਉਣ ਅਤੇ ਤਨਖਾਹਾਂ ਵਿਚ ਕਟੌਤੀਆਂ ਕਰਕੇ ਮੁਲਾਜ਼ਮਾਂ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁਲਜ਼ਮਾਂ ਪੱਕਾ ਕਰਨ ਦੇ ਵਾਅਦੇ ਵੀ ਪੂਰੇ ਨਹੀਂ ਕੀਤੇ ਗਏ। ਇਸ ਤੋਂ ਇਲਾਵਾ ਆਗੂਆਂ ਨੇ ਦੱਸਿਆ ਕਿ ਪੀਆਰਟੀਸੀ ਵਿਚ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਅਜੇ ਤਕ ਜਾਰੀ ਨਹੀਂ ਹੋਈਆਂ, ਜਿਸ ਕਾਰਨ ਮੁਲਾਜ਼ਮਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਤਨਖਾਹਾਂ ਜਲਦੀ ਜਾਰੀ ਨਾ ਕੀਤੀਆਂ ਗਈਆਂ ਤਾਂ 25 ਮਾਰਚ ਨੂੰ ਪੀਆਰਟੀਸੀ ਹੈੱਡ ਆਫਿਸ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ। ਯੂਨੀਅਨ ਨੇ ਐਲਾਨ ਕੀਤਾ ਕਿ 30 ਮਾਰਚ ਨੂੰ ਸੂਬਾ ਪੱਧਰੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦੀ ਰਣਨੀਤੀ ਤੈਅ ਕੀਤੀ ਜਾਵੇਗੀ।