- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਮਾਨ ਸਰਕਾਰ ’ਤੇ ਚੱਕੇ ਸਵਾਲ

-ਕਿਹਾ, ਕੇਂਦਰ ਸਰਕਾਰ ਖੋਹ ਰਹੀ ਕਿਸਾਨਾਂ ਤੇ ਮਜ਼ਦੂਰਾਂ ਦਾ ਹੱਕ
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ’ਤੇ ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਪੱਧਰ ’ਤੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਕੀਤੇ ਜਾ ਰਹੇ ਹਨ। ਇਸੇ ਸਬੰਧੀ ਅੱਜ ਬਠਿੰਡਾ ਕਾਂਗਰਸ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਹੇਠ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਐੱਸਸੀ ਸੈੱਲ ਪੰਜਾਬ ਦੇ ਚੇਅਰਮੈਨ ਅਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਘੇਰਿਆ। ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨਵੀਂ ਮਨਰੇਗਾ ਸਕੀਮ ਤਹਿਤ ਮਹਾਤਮਾ ਗਾਂਧੀ ਦਾ ਨਾਮ ਹਟਾ ਕੇ ਦੇਸ਼ ਵਿਰੋਧੀ ਸੋਚ ਨੂੰ ਦਰਸਾ ਰਹੀ ਹੈ ਅਤੇ ਇਸ ਰਾਹੀਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਫੈਸਲੇ ਸੂਬਾ ਸਰਕਾਰਾਂ ’ਤੇ ਵਾਧੂ ਬੋਝ ਪਾ ਰਹੇ ਹਨ।
ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮਹਿਲਾਵਾਂ ਦੇ ਚਾਰ ਸਾਲਾਂ ਦੇ 48 ਹਜ਼ਾਰ ਰੁਪਏ ਬਕਾਇਆ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਿਰਫ਼ ਇੱਕ ਮਹੀਨੇ ਦੇ 1000 ਰੁਪਏ ਜਾਰੀ ਕਰਕੇ ਖਾਨਾਪੂਰਤੀ ਕਰਦੀ ਹੈ ਤਾਂ ਇਸ ਨੂੰ ਚੋਣੀ ਸਟੰਟ ਹੀ ਮੰਨਿਆ ਜਾਵੇਗਾ, ਕਿਉਂਕਿ ਚੋਣਾਂ ਦੌਰਾਨ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ 10 ਲੱਖ ਰੁਪਏ ਦੀ ਮੁਫ਼ਤ ਬੀਮਾ ਯੋਜਨਾ ’ਤੇ ਵੀ ਸਵਾਲ ਚੁੱਕਦੇ ਹੋਏ ਕਿਹਾ ਕਿ ਹੁਣ ਤਕ ਦੀਆਂ ਰਿਪੋਰਟਾਂ ਅਨੁਸਾਰ ਇਸ ਯੋਜਨਾ ਤਹਿਤ ਕਿਸੇ ਵੀ ਪੰਜਾਬੀ ਦਾ ਇਲਾਜ ਨਹੀਂ ਹੋਇਆ, ਜਿਸ ਤੋਂ ਸਾਬਤ ਹੁੰਦਾ ਹੈ ਕਿ ਇਹ ਵੀ ਇਕ ਚੋਣੀ ਸਟੰਟ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਐੱਮਐੱਸਪੀ ਦੇਣ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਵਾਅਦੇ ਵੀ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕੇਂਦਰ ਸਰਕਾਰ ’ਤੇ ਤੰਜ਼ ਕਸਦਿਆਂ ਕਿਹਾ ਕਿ ਭਾਰਤ–ਅਮਰੀਕਾ ਟ੍ਰੇਡ ਐਗਰੀਮੈਂਟ ਕਿਸਾਨਾਂ ਤੇ ਮਜ਼ਦੂਰਾਂ ਵਿਰੋਧੀ ਨੀਤੀ ਹੈ ਅਤੇ ਇਸ ਨਾਲ ਦੇਸ਼ ਦੀ ਖੇਤੀਬਾੜੀ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਫੈਸਲੇ ਦਾ ਡਟ ਕੇ ਵਿਰੋਧ ਕਰਦੇ ਹੋਏ ਰੱਦ ਕਰਨ ਦੀ ਮੰਗ ਕਰਦੀ ਹੈ।
ਇਸ ਮੌਕੇ ਸਾਬਕਾ ਵਿਧਾਇਕ ਰੁਪਿੰਦਰ ਕੌਰ ਰੂਬੀ, ਟਹਿਲ ਸਿੰਘ ਸੰਧੂ, ਜ਼ਿਲ੍ਹਾ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਬਲਾਕ ਪ੍ਰਧਾਨ ਮਾਧਵ ਸ਼ਰਮਾ, ਬਲਜੀਤ ਸਿੰਘ, ਸਾਬਕਾ ਮੇਅਰ ਕੁਲਵੰਤ ਰਾਏ, ਸੁਨੀਲ ਕੁਮਾਰ, ਜਗਰਾਜ ਸਿੰਘ, ਸੁਖਦੇਵ ਸਿੰਘ ਬਾਹੀਆ ਅਤੇ ਸਨੀ ਬਰਾੜ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਮੌਜੂਦ ਸਨ।