- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦੀ ਜ਼ਿਲ੍ਹਾ ਪੱਧਰੀ ਸ਼ੁਰੂਆਤ

-ਕਿਹਾ, ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਦੀ ਜ਼ਿਲ੍ਹਾ ਪੱਧਰ ’ਤੇ ਕੀਤੀ ਸ਼ੁਰੂਆਤ
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦੀ ਜ਼ਿਲ੍ਹਾ ਪੱਧਰੀ ਸ਼ੁਰੂਆਤ ਅੱਜ ਸਥਾਨਕ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਇਕ ਵਿਸ਼ੇਸ਼ ਸਮਾਗਮ ਦੌਰਾਨ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਬਠਿੰਡਾ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਨੂੰ ਸਨਮਾਨਯੋਗ ਤੇ ਸੁਰੱਖਿਅਤ ਜੀਵਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਤਹਿਤ ਬਜ਼ੁਰਗਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਬਜ਼ੁਰਗਾਂ ਨੂੰ ਸੀਨੀਅਰ ਸਿਟੀਜ਼ਨ ਕਾਰਡ, ਬੁਢਾਪਾ ਪੈਨਸ਼ਨ, ਬੈਂਕਾਂ ਦੀਆਂ ਵਿਸ਼ੇਸ਼ ਸਕੀਮਾਂ ਅਤੇ ਆਨਲਾਈਨ ਫਰਾਡ ਤੋਂ ਬਚਾਅ ਸੰਬੰਧੀ ਜਾਣਕਾਰੀ ਪ੍ਰਦਾਨ ਕੀਤੀ ਜਾ ਰਹੀ ਹੈ।
ਡੀਸੀ ਰਾਜੇਸ਼ ਧੀਮਾਨ ਨੇ ਕਿਹਾ ਕਿ “ਸਾਡੇ ਬਜ਼ੁਰਗ ਸਾਡਾ ਮਾਣ” ਪੰਜਾਬ ਸਰਕਾਰ ਦੀ ਇਕ ਨਿਵੇਕਲੀ ਅਤੇ ਲੋਕ-ਹਿਤੈਸ਼ੀ ਪਹਿਲ ਹੈ। ਬਜ਼ੁਰਗ ਸਾਡੇ ਸਮਾਜ ਦੀ ਨੀਂਹ ਹਨ ਤੇ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਦਾ ਸਨਮਾਨ ਕਰਨਾ ਸਾਡਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਮੌਕੇ ’ਤੇ ਮੌਜੂਦ ਸਾਰੇ ਬਜ਼ੁਰਗਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਮਿਹਨਤ ਤੇ ਤਜਰਬੇ ਸਦਕਾ ਹੀ ਅੱਜ ਅਸੀਂ ਇਕ ਪ੍ਰਗਤੀਸ਼ੀਲ ਸਮਾਜ ਵਿਚ ਜੀਵਨ ਬਿਤਾ ਰਹੇ ਹਾਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੌਰਾਨ ਬਜ਼ੁਰਗਾਂ ਲਈ ਵਿਸ਼ੇਸ਼ ਮੈਡੀਕਲ ਕੈਂਪ ਵੀ ਲਗਾਇਆ ਗਿਆ, ਜਿੱਥੇ ਉਨ੍ਹਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਮੌਕੇ ’ਤੇ ਹੀ ਨਜ਼ਰ ਦੀਆਂ ਐਨਕਾਂ ਵੰਡੀਆਂ ਗਈਆਂ। ਇਸਦੇ ਨਾਲ ਹੀ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਇਕ ਵਿਸ਼ੇਸ਼ ਸੈਲਫੀ ਪੁਆਇੰਟ ਵੀ ਬਣਾਇਆ, ਜਿੱਥੇ ਬਜ਼ੁਰਗਾਂ ਨੇ ਯਾਦਗਾਰ ਤਸਵੀਰਾਂ ਖਿਚਵਾਈਆਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਸਰਕਾਰੀ ਅਤੇ ਮਨਜ਼ੂਰਸ਼ੁਦਾ ਨਿੱਜੀ ਹਸਪਤਾਲਾਂ ਵਿੱਚ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਵੇਗਾ। ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣਾ ਆਧਾਰ ਕਾਰਡ ਅਤੇ ਵੋਟਰ ਕਾਰਡ ਨਾਲ ਲੈ ਕੇ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਜਲਦ ਤੋਂ ਜਲਦ ਬਣਵਾਉਣ। ਇਹ ਕਾਰਡ ਪਿੰਡ-ਪਿੰਡ ਜਾ ਕੇ ਵੀ ਤਿਆਰ ਕੀਤੇ ਜਾਣਗੇ। ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਬਜ਼ੁਰਗਾਂ ਦੇ ਤਜਰਬੇ ਨੌਜਵਾਨ ਪੀੜ੍ਹੀ ਲਈ ਸੇਧ ਦਾ ਪਿਟਾਰਾ ਹਨ। ਬਜ਼ੁਰਗ ਸਾਡਾ ਮਾਣ ਹਨ ਅਤੇ ਉਨ੍ਹਾਂ ਤੋਂ ਸਾਨੂੰ ਜੀਵਨ ਦੇ ਅਨੇਕ ਪਾਠ ਸਿੱਖਣ ਨੂੰ ਮਿਲਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਸਿਹਤ ਪੱਖੋਂ ਅੱਗੇ ਲਿਜਾਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਮੌਕੇ ਬਜ਼ੁਰਗਾਂ ਨੂੰ ਉਨ੍ਹਾਂ ਦੀਆਂ ਵੱਖ-ਵੱਖ ਉਪਲਬਧੀਆਂ ਲਈ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਬਿਕਰਮ ਸਿੰਘ ਲਵਲੀ, ਅਮਰਦੀਪ ਸਿੰਘ ਰਾਜਨ (ਚੇਅਰਮੈਨ, ਬਠਿੰਡਾ ਕੇਂਦਰੀ ਸਹਿਕਾਰਤਾ ਬੈਂਕ),ਰਾਕੇਸ਼ ਪੂਰੀ (ਚੇਅਰਮੈਨ, ਪੰਜਾਬ ਸਟੇਟ ਜੰਗਲਾਤ ਕਾਰਪੋਰੇਸ਼ਨ), ਜਤਿੰਦਰ ਸਿੰਘ ਭੱਲਾ (ਚੇਅਰਮੈਨ, ਨਗਰ ਸੁਧਾਰ ਟਰੱਸਟ ਬਠਿੰਡਾ), ਹਰਪਾਲ ਸਿੰਘ ਖੁਰਮੀ, ਸਹਾਇਕ ਕਮਿਸ਼ਨਰ (ਜਨਰਲ), ਗਗਨਦੀਪ ਸਿੰਘ, ਰਮਨਜੀਤ (ਮੁੱਖ ਮੰਤਰੀ ਖੇਤਰੀ ਫੀਲਡ ਅਫ਼ਸਰ), ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੈਡਮ ਅਰਸ਼ਦੀਪ ਕੌਰ ਸਮੇਤ ਹੋਰ ਪਤਵੰਤੇ ਵਿਅਕਤੀ ਹਾਜ਼ਰ ਸਨ।