- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਹੋਟਲਾਂ, ਗੈਸਟ ਹਾਊਸਾਂ ਅਤੇ ਪੀਜੀ ਦੀ ਸਖ਼ਤ ਚੈਕਿੰਗ

-ਕੁਝ ਥਾਵਾਂ ’ਤੇ ਰਿਕਾਰਡ ਅਧੂਰੇ ਮਿਲਣ ’ਤੇ ਐੱਸਐੱਚਓ ਵੱਲੋਂ ਸੰਚਾਲਕਾਂ ਨੂੰ ਹਦਾਇਤਾਂ ਜਾਰੀ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਆਉਣ ਵਾਲੇ ਗਣਤੰਤਰ ਦਿਵਸ ਨੂੰ ਸ਼ਾਂਤੀਪੂਰਕ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਵੱਲੋਂ ਸ਼ਹਿਰ ਭਰ ਵਿੱਚ ਸਖ਼ਤ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਪੁਲਿਸ ਟੀਮਾਂ ਨੇ ਸ਼ਹਿਰ ਦੇ ਵੱਖ-ਵੱਖ ਹੋਟਲਾਂ, ਗੈਸਟ ਹਾਊਸਾਂ ਅਤੇ ਪੀਜੀ. (ਪੇਅਿੰਗ ਗੈਸਟ) ਦੀ ਡੂੰਘਾਈ ਨਾਲ ਜਾਂਚ ਕੀਤੀ। ਚੈਕਿੰਗ ਦੌਰਾਨ ਪੁਲਿਸ ਅਧਿਕਾਰੀਆਂ ਵੱਲੋਂ ਉੱਥੇ ਰਹਿ ਰਹੇ ਲੋਕਾਂ ਦੀ ਪਛਾਣ ਦੀ ਤਸਦੀਕ ਕੀਤੀ ਗਈ ਅਤੇ ਸਬੰਧਤ ਰਿਕਾਰਡ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ। ਪੁਲਿਸ ਨੇ ਹੋਟਲ ਪ੍ਰਬੰਧਕਾਂ ਅਤੇ ਪੀਜੀ. ਸੰਚਾਲਕਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਠਹਿਰਣ ਵਾਲੇ ਹਰ ਵਿਅਕਤੀ ਦੀ ਪੂਰੀ ਜਾਣਕਾਰੀ, ਪਛਾਣ ਪੱਤਰ ਅਤੇ ਸੰਪਰਕ ਵੇਰਵੇ ਦਰਜ ਹੋਣੇ ਲਾਜ਼ਮੀ ਹਨ। ਬਿਨਾਂ ਪਛਾਣ ਪੱਤਰ ਦੇ ਕਿਸੇ ਵੀ ਵਿਅਕਤੀ ਨੂੰ ਠਹਿਰਾਉਣ ’ਤੇ ਸਖ਼ਤ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ ਗਈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਸੰਚਾਲਕਾਂ ਨੂੰ ਆਪਣੇ ਇਲਾਕੇ ਵਿੱਚ ਹੋ ਰਹੀਆਂ ਸ਼ੱਕੀ ਸਰਗਰਮੀਆਂ ’ਤੇ ਨਿਗਰਾਨੀ ਰੱਖਣ ਅਤੇ ਕਿਸੇ ਵੀ ਅਸਧਾਰਣ ਹਲਚਲ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਗਈ। ਚੈਕਿੰਗ ਮੁਹਿੰਮ ਦੌਰਾਨ ਕਈ ਥਾਵਾਂ ’ਤੇ ਰਜਿਸਟਰਾਂ ਦੀ ਜਾਂਚ ਕੀਤੀ ਗਈ, ਜਿੱਥੇ ਕੁਝ ਸਥਾਨਾਂ ’ਤੇ ਰਿਕਾਰਡ ਅਧੂਰੇ ਮਿਲਣ ’ਤੇ ਸਬੰਧਤ ਸੰਚਾਲਕਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਇਸ ਮੌਕੇ ਐੱਸਐੱਸਪੀ. ਡਾ. ਜੋਤੀ ਯਾਦਵ ਨੇ ਕਿਹਾ ਕਿ ਗਣਤੰਤਰ ਦਿਵਸ ਵਰਗੇ ਰਾਸ਼ਟਰੀ ਤਿਉਹਾਰ ਦੌਰਾਨ ਸਮਾਜ ਵਿਰੋਧੀ ਤੱਤਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਗੜਬੜ ਪੈਦਾ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਬਣਾਉਣ ਲਈ ਇਹ ਚੈਕਿੰਗ ਮੁਹਿੰਮ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਹਰ ਪੱਧਰ ’ਤੇ ਨਿਗਰਾਨੀ ਵਧਾ ਦਿੱਤੀ ਗਈ ਹੈ। ਐੱਸਐੱਸਪੀ ਨੇ ਇਹ ਵੀ ਕਿਹਾ ਕਿ ਇਹ ਮੁਹਿੰਮ ਸਿਰਫ਼ ਹੋਟਲਾਂ ਅਤੇ ਪੀਜੀ. ਤਕ ਸੀਮਤ ਨਹੀਂ ਹੈ, ਸਗੋਂ ਰੇਲਵੇ ਸਟੇਸ਼ਨ, ਬੱਸ ਅੱਡੇ, ਜਨਤਕ ਥਾਵਾਂ ਅਤੇ ਮੁੱਖ ਚੌਕ-ਚੌਰਾਹਿਆਂ ’ਤੇ ਵੀ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।
ਸੰਵੇਦਨਸ਼ੀਲ ਇਲਾਕਿਆਂ ਵਿੱਚ ਗਸ਼ਤ ਵਧਾ ਦਿੱਤੀ ਗਈ ਹੈ ਅਤੇ ਆਉਣ-ਜਾਣ ਵਾਲੇ ਵਾਹਨਾਂ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਗਣਤੰਤਰ ਦਿਵਸ ਮੌਕੇ ਸ਼ਹਿਰ ਵਿੱਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਕਿਸਮ ਦੀ ਕਾਨੂੰਨ-ਵਿਵਸਥਾ ਸੰਬੰਧੀ ਸਥਿਤੀ ਨਾਲ ਨਿਪਟਣ ਲਈ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ। ਬਠਿੰਡਾ ਪੁਲਿਸ ਵੱਲੋਂ ਆਮ ਲੋਕਾਂ ਨੂੰ ਵੀ ਸਹਿਯੋਗ ਦੀ ਅਪੀਲ ਕੀਤੀ ਗਈ ਹੈ। ਲੋਕਾਂ ਨੂੰ ਕਿਹਾ ਗਿਆ ਹੈ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਵੇ ਤਾਂ ਤੁਰੰਤ ਨਜ਼ਦੀਕੀ ਪੁਲਿਸ ਚੌਕੀ ਜਾਂ ਕੰਟਰੋਲ ਰੂਮ ਨੂੰ ਜਾਣਕਾਰੀ ਦਿਓ। ਪੁਲਿਸ ਦਾ ਕਹਿਣਾ ਹੈ ਕਿ ਜਨਤਾ ਦੇ ਸਹਿਯੋਗ ਨਾਲ ਹੀ ਸ਼ਹਿਰ ਵਿੱਚ ਸ਼ਾਂਤੀ ਅਤੇ ਸੁਰੱਖਿਆ ਕਾਇਮ ਰੱਖੀ ਜਾ ਸਕਦੀ ਹੈ। ਇਸਦੇ ਨਾਲ ਹੀ ਖੇਡ ਸਟੇਡੀਅਮ ਦੇ ਆਸੇ ਪਾਸੇ ਵੀ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ।