ਸੜਕ ਹਾਦਸਿਆਂ ਦੇ ਮਾਮਲਿਆਂ ’ਚ ਤਿੰਨ ਚਾਲਕਾਂ ਖ਼ਿਲਾਫ਼ ਕੇਸ ਦਰਜ
ਸੜਕ ਹਾਦਸਿਆਂ ਦੇ ਮਾਮਲਿਆਂ ’ਚ ਤਿੰਨ ਚਾਲਕਾਂ ਖਿਲਾਫ ਕੇਸ ਦਰਜ
Publish Date: Mon, 09 Feb 2026 04:25 PM (IST)
Updated Date: Tue, 10 Feb 2026 04:00 AM (IST)

ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਅੰਦਰ ਵਾਪਰੇ ਤਿੰਨ ਸੜਕ ਹਾਦਸਿਆਂ ਦੇ ਮਾਮਲਿਆਂ ਵਿੱਚ ਪੁਲਿਸ ਨੇ ਲਾਪਰਵਾਹ ਚਾਲਕਾਂ ਖਿਲਾਫ ਕੇਸ ਦਰਜ ਕੀਤਾ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਕੁਲਵਿੰਦਰ ਕੌਰ ਵਾਸੀ ਰਾਣੀਪੁਰ ਜ਼ਿਲ੍ਹਾ ਪਠਾਨਕੋਟ ਨੇ ਦੱਸਿਆ ਕਿ ਉਹ ਆਪਣੇ ਬੇਟੇ ਨਾਲ ਮੁਲਤਾਨੀਆ ਪੁੱਲ ਦੇ ਥੱਲੇ ਸੜਕ ਦੇ ਕਿਨਾਰੇ ਖੜੀ ਹੋਈ ਸੀ। ਇਸ ਦੌਰਾਨ ਹੀ ਇਕ ਨਾਮਲੂਮ ਕਾਰ ਚਾਲਕ ਨੇ ਬੜੀ ਤੇਜ਼ ਰਫਤਾਰ ਤੇ ਲਾਪਰਵਾਹੀ ਨਾਲ ਆਪਣੀ ਕਾਰ ਉਸ ਵਿੱਚ ਮਾਰੀ, ਜਿਸ ਕਾਰਨ ਉਸ ਦੇ ਕਾਫੀ ਸੱਟਾਂ ਲੱਗੀਆਂ ਤੇ ਉਹ ਜ਼ਖਮੀ ਹੋ ਗਈ। ਥਾਣਾ ਕੈਨਾਲ ਕਾਲੋਨੀ ਦੇ ਸਹਾਇਕ ਥਾਣੇਦਾਰ ਰਣਧੀਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਕਾਰ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਭੁਪਿੰਦਰ ਸਿੰਘ ਵਾਸੀ ਪਾਵਰ ਹਾਊਸ ਰੋਡ ਬਠਿੰਡਾ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਲੜਕਾ ਗੁਰਮੀਤ ਸਿੰਘ ਆਪਣੇ ਮੋਟਰਸਾਈਕਲ ਨੰਬਰ ਪੀਬੀ 29 ਐਚ 0336 ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਰਾਮਪੁਰਾ ਕੋਲ ਇੱਕ ਫਾਰਚੂਨਰ ਗੱਡੀ ਨੰਬਰ ਪੀਬੀ 03 ਬੀਟੀ 4902 ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੇ ਸੱਟਾਂ ਲੱਗੀਆਂ ਅਤੇ ਮੋਟਰਸਾਈਕਲ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਥਾਣਾ ਸਿਟੀ ਰਾਮਪੁਰਾ ਦੇ ਸਹਾਇਕ ਥਾਣੇਦਾਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਫਾਰਚੂਨਰ ਦੇ ਚਾਲਕ ਖਿਲਾਫ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਕ ਹੋਰ ਮਾਮਲੇ ਵਿੱਚ ਥਾਣਾ ਸੰਗਤ ਮੰਡੀ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਸੁਖਵਿੰਦਰ ਸਿੰਘ ਵਾਸੀ ਪਿੰਡ ਪ੍ਰੇਮਗੜ੍ਹ ਢਾਣੀ ਡੱਬਵਾਲੀ ਹਰਿਆਣਾ ਨੇ ਦੱਸਿਆ ਕਿ ਉਸ ਦੇ ਤਾਏ ਦਾ ਲੜਕਾ ਰਾਮਪਾਲ ਆਪਣੇ ਮੋਟਰਸਾਈਕਲ ਨੰਬਰ ਐਚਆਰ 25 ਸੀ 4468 ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਜਦੋਂ ਪਿੰਡ ਮਸ਼ਾਣਾ ਕੋਲ ਪੁੱਜਾ ਤਾਂ ਇਸ ਦੌਰਾਨ ਸਾਡੇ ਰਿਸ਼ਤੇਦਾਰ ਮੰਗਾ ਸਿੰਘ ਅਤੇ ਅਮਰਨਾਥ ਸਿਵੀਆਂ ਉਨਾਂ ਨੂੰ ਮਿਲ ਗਏ। ਇਸ ਦੌਰਾਨ ਉਹ ਸਾਰੇ ਸੜਕ ਕੰਢੇ ਖੜ੍ਹੇ ਗੱਲਾਂ ਕਰ ਰਹੇ ਸਨ ਕਿ ਇਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਮੰਗਾ ਸਿੰਘ ਦੀ ਮੌਤ ਹੋ ਗਈ। ਥਾਣਾ ਸੰਗਤ ਮੰਡੀ ਦੇ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਅਣਪਛਾਤੇ ਕਾਰ ਡਰਾਈਵਰ ਖਿਲਾਫ ਕੇਸ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।