ਸੰਗਤ ਨੂੰ ਗੁਰੂ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ
Publish Date: Sun, 15 Feb 2026 04:37 PM (IST)
Updated Date: Mon, 16 Feb 2026 04:01 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਵਿਖੇ ਕਰਵਾਏ ਹਫ਼ਤਾਵਾਰੀ ਗੁਰਮਤਿ ਸਮਾਗਮ ਬੜੀ ਸ਼ਰਧਾ ਨਾਲ ਮਨਾਇਆ। ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ ਤੇ ਗੁਰਬਾਣੀ ਕੀਰਤਨ, ਢਾਡੀ ਵਾਰਾਂ ਤੇ ਗੁਰ ਇਤਿਹਾਸ ਦਾ ਆਨੰਦ ਮਾਣਿਆ। ਇਸ ਮੌਕੇ ਭਾਈ ਜਗਤਾਰ ਸਿੰਘ ਹੈੱਡ ਗ੍ਰੰਥੀ ਨੇ ਗੁਰਬਾਣੀ ਦੇ ਅਮੋਲਕ ਉਪਦੇਸ਼ਾਂ ਬਾਰੇ ਸੰਗਤ ਨੂੰ ਸੰਬੋਧਨ ਕੀਤਾ। ਭਾਈ ਨਿਰਭੈ ਸਿੰਘ ਹਜ਼ੂਰੀ ਰਾਗੀ ਜਥੇ ਵੱਲੋਂ ਰਸਭਰੀ ਕੀਰਤਨ ਸੇਵਾ ਨਿਭਾਈ ਗਈ, ਜਦਕਿ ਭਾਈ ਕੁਲਵੰਤ ਸਿੰਘ ਭੈਣੀ ਪ੍ਰਚਾਰਕ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਗੁਰੂ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਭਾਈ ਚਮਕੌਰ ਸਿੰਘ ਕਕਰਾਲਾ ਢਾਡੀ ਜਥੇ ਨੇ ਸਿੱਖ ਇਤਿਹਾਸਕ ਵਾਰਾਂ ਸੁਣਾ ਕੇ ਮਾਹੌਲ ਨੂੰ ਗੁਰਮਤਿ ਰੰਗ ਵਿਚ ਰੰਗ ਦਿੱਤਾ। ਸਮਾਗਮ ਦੌਰਾਨ ਪੰਜ ਪਿਆਰੇ ਸਹਿਬਾਨਾਂ ਵੱਲੋਂ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ, ਜਿਸ ਵਿਚ 156 ਪ੍ਰਾਣੀਆਂ ਨੇ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਬਣਨ ਦਾ ਸੁਭਾਗ ਪ੍ਰਾਪਤ ਕੀਤਾ। ਇਸ ਮੌਕੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਧਨੌਲਾ ਜਥੇਦਾਰ ਨੇ ਆਈਆਂ ਸੰਗਤਾਂ ਨੂੰ ਜੀ ਆਇਆਂ ਕਹਿੰਦੇ ਹੋਏ ਅੰਮ੍ਰਿਤ ਛਕਣ ਵਾਲਿਆਂ ਨੂੰ ਵਧਾਈ ਦਿੱਤੀ ਅਤੇ ਗੁਰਮਤਿ ਜੀਵਨ ਅਪਣਾਉਣ ਦੀ ਅਪੀਲ ਕੀਤੀ। ਤਖ਼ਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ, ਸਬ ਆਫ਼ਿਸ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਭੋਲਾ ਸਿੰਘ ਹੀਰੇਵਾਲਾ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।