- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਗਲੇ ਦਿਨਾਂ ’ਚ ਜ਼ਿਲ੍ਹੇ ਅੰਦਰ ਮੀਂਹ ਪੈਣ ਦੀ ਭਵਿੱਖਬਾਣੀ, ਧੁੱਪ ਨਾਲ ਲੋਕਾਂ ਨੂੰ ਕੜਾਕੇ ਦੀ ਠੰਢ ਤੋਂ ਕੁਝ ਰਾਹਤ

-ਜ਼ਿਲ੍ਹੇ ਅੰਦਰ ਲਗਾਤਾਰ ਵਧਣ ਲੱਗਾ ਤਾਪਮਾਨ, ਪੰਜ ਦਿਨਾਂ ’ਚ 2.2 ਡਿਗਰੀ ਦਾ ਹੋਇਆ ਵਾਧਾ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਜ਼ਿਲ੍ਹੇ ਅੰਦਰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਠੰਢ ਤੋਂ ਬਾਅਦ ਹੁਣ ਮੌਸਮ ਵਿੱਚ ਹੌਲੀ-ਹੌਲੀ ਬਦਲਾਅ ਨਜ਼ਰ ਆਉਣ ਲੱਗਾ ਹੈ। ਹੁਣ ਜ਼ਿਲ੍ਹੇ ਅੰਦਰ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਠੰਢ ਤੋਂ ਕੁਝ ਰਾਹਤ ਮਿਲੀ ਹੈ। ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਅੰਦਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਨਾਲ ਮੌਸਮ ਇੱਕ ਵਾਰ ਫਿਰ ਕਰਵਟ ਬਦਲ ਸਕਦਾ ਹੈ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਪਿਛਲੇ ਪੰਜ ਦਿਨਾਂ ਦੌਰਾਨ ਘੱਟ ਤੋਂ ਘੱਟ ਤਾਪਮਾਨ ਵਿੱਚ ਲਗਭਗ 2.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਮੰਗਲਵਾਰ ਨੂੰ ਜ਼ਿਲ੍ਹੇ ਅੰਦਰ ਘੱਟ ਤੋਂ ਘੱਟ ਤਾਪਮਾਨ 5.2 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 21.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਜੇਕਰ ਪਿਛਲੇ ਦਿਨਾਂ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ 16 ਜਨਵਰੀ ਨੂੰ ਜ਼ਿਲ੍ਹੇ ਅੰਦਰ ਘੱਟ ਤੋਂ ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਇਸ ਤੋਂ ਅਗਲੇ ਦਿਨ 17 ਜਨਵਰੀ ਨੂੰ ਘੱਟ ਤੋਂ ਘੱਟ ਤਾਪਮਾਨ ਵਧ ਕੇ 5 ਡਿਗਰੀ ਸੈਲਸੀਅਸ ਹੋ ਗਿਆ, ਜਦਕਿ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਸੈਲਸੀਅਸ ਦੇ ਆਸ-ਪਾਸ ਹੀ ਬਣਿਆ ਰਿਹਾ। 18 ਜਨਵਰੀ ਨੂੰ ਤਾਪਮਾਨ ਵਿੱਚ ਹੋਰ ਵਾਧਾ ਦੇਖਣ ਨੂੰ ਮਿਲਿਆ ਅਤੇ ਇਸ ਦਿਨ ਘੱਟ ਤੋਂ ਘੱਟ ਤਾਪਮਾਨ ਵਿੱਚ ਲਗਭਗ 2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਸ ਦੌਰਾਨ ਘੱਟ ਤੋਂ ਘੱਟ ਤਾਪਮਾਨ 7.5 ਡਿਗਰੀ ਸੈਲਸੀਅਸ ਦੇ ਕਰੀਬ ਅਤੇ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਅਗਲੇ ਦਿਨ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਿਸ ਨਾਲ ਸਵੇਰ ਅਤੇ ਸ਼ਾਮ ਦੀ ਠੰਢ ਵਿੱਚ ਕੁਝ ਕਮੀ ਮਹਿਸੂਸ ਕੀਤੀ ਗਈ। ਭਾਵੇਂ ਪਿਛਲੇ ਕੁਝ ਦਿਨਾਂ ਦੌਰਾਨ ਜ਼ਿਲ੍ਹੇ ਅੰਦਰ ਠੰਢ ਨੇ ਕਾਫ਼ੀ ਜ਼ੋਰ ਫੜਿਆ ਹੋਇਆ ਸੀ, ਪਰ ਸੋਮਵਾਰ ਨੂੰ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹਿਣ ਅਤੇ ਮੰਗਲਵਾਰ ਨੂੰ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਠੰਢ ਤੋਂ ਕੁਝ ਹੱਦ ਤਕ ਰਾਹਤ ਜ਼ਰੂਰ ਮਿਲੀ ਹੈ। ਸਵੇਰੇ ਅਤੇ ਦਿਨ ਦੇ ਸਮੇਂ ਧੁੱਪ ਨਿਕਲਣ ਨਾਲ ਬਾਜ਼ਾਰਾਂ ਅਤੇ ਖੁੱਲ੍ਹੀਆਂ ਥਾਵਾਂ ‘ਤੇ ਲੋਕਾਂ ਦੀ ਆਵਾਜਾਈ ਵਧੀ ਹੋਈ ਨਜ਼ਰ ਆਈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਤਿੰਨ ਤੋਂ ਚਾਰ ਦਿਨਾਂ ਦੌਰਾਨ ਬਠਿੰਡਾ ਜ਼ਿਲ੍ਹੇ ਅੰਦਰ ਹਲਕਾ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਘੱਟ ਤੋਂ ਘੱਟ ਤਾਪਮਾਨ 4 ਤੋਂ 6 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 15 ਤੋਂ 20 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਜਤਾਈ ਗਈ ਹੈ। ਮੌਸਮ ਵਿਭਾਗ ਨੇ ਇਹ ਵੀ ਦੱਸਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਹਵਾ ਵਿੱਚ ਨਮੀ ਦੀ ਮਾਤਰਾ 67 ਤੋਂ 90 ਫੀਸਦੀ ਦੇ ਦਰਮਿਆਨ ਰਹਿ ਸਕਦੀ ਹੈ, ਜਦਕਿ ਹਵਾ ਦੀ ਰਫ਼ਤਾਰ 1 ਤੋਂ 2 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦੀ ਸੰਭਾਵਨਾ ਹੈ। ਨਮੀ ਵਧਣ ਕਾਰਨ ਸਵੇਰੇ ਧੁੰਦ ਅਤੇ ਠੰਢਕ ਮਹਿਸੂਸ ਹੋ ਸਕਦੀ ਹੈ, ਜਦਕਿ ਮੀਂਹ ਪੈਣ ਨਾਲ ਤਾਪਮਾਨ ਵਿੱਚ ਮੁੜ ਗਿਰਾਵਟ ਆ ਸਕਦੀ ਹੈ।
ਜ਼ਿਲ੍ਹੇ ਅੰਦਰ ਲਗਾਤਾਰ ਤਾਪਮਾਨ ਵਧਣ ਨਾਲ ਭਾਵੇਂ ਲੋਕਾਂ ਨੂੰ ਠੰਢ ਤੋਂ ਕੁਝ ਰਾਹਤ ਮਿਲੀ ਹੈ, ਪਰ ਕਿਸਾਨ ਇਸ ਬਦਲਦੇ ਮੌਸਮ ਨੂੰ ਲੈ ਕੇ ਚਿੰਤਤ ਨਜ਼ਰ ਆ ਰਹੇ ਹਨ। ਇਸ ਸਮੇਂ ਕਣਕ ਦੀ ਫ਼ਸਲ ਆਪਣੇ ਮਹੱਤਵਪੂਰਨ ਦੌਰ ਵਿਚ ਹੈ ਤੇ ਇਸ ਲਈ ਠੰਢਾ ਮੌਸਮ ਬਹੁਤ ਜ਼ਰੂਰੀ ਮੰਨਿਆ ਜਾਂਦਾ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਕਣਕ ਦੀ ਫ਼ਸਲ ਲਈ ਠੰਢਾ ਅਤੇ ਸਥਿਰ ਮੌਸਮ ਸਭ ਤੋਂ ਅਨੁਕੂਲ ਹੁੰਦਾ ਹੈ। ਜੇਕਰ ਇਸ ਸਮੇਂ ਦੌਰਾਨ ਤਾਪਮਾਨ ਲਗਾਤਾਰ ਵਧਦਾ ਹੈ ਜਾਂ ਗਰਮੀ ਜ਼ਿਆਦਾ ਪੈਂਦੀ ਹੈ, ਤਾਂ ਇਸ ਦਾ ਸਿੱਧਾ ਅਸਰ ਫ਼ਸਲ ਦੇ ਝਾੜ ‘ਤੇ ਪੈ ਸਕਦਾ ਹੈ। ਅਧਿਕਾਰੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਮੌਸਮ ਦੇ ਬਦਲਾਅ ’ਤੇ ਨਜ਼ਰ ਰੱਖਣੀ ਚਾਹੀਦੀ ਹੈ ਅਤੇ ਖੇਤੀਬਾੜੀ ਵਿਭਾਗ ਵੱਲੋਂ ਜਾਰੀ ਕੀਤੀਆਂ ਜਾਣ ਵਾਲੀਆਂ ਸਲਾਹਾਂ ਦੀ ਪਾਲਣਾ ਕਰਨੀ ਚਾਹੀਦੀ ਹੈ।