- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੁੱਟਖੋਹ ਤੇ ਝਪਟਮਾਰੀ ਦੀਆਂ ਵਾਰਦਾਤਾਂ ਵਧਣ ਕਾਰਨ ਡਰ ਦਾ ਮਾਹੌਲ

-ਔਰਤ ਦਾ ਝਪਟਿਆ ਪਰਸ ਤੇ ਵਿਅਕਤੀ ਤੋਂ ਖੋਹੇ ਹਜ਼ਾਰਾਂ ਰੁਪਏ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਸ਼ਹਿਰ ਵਿੱਚ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਵੱਧ ਰਹੀਆਂ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੇ ਆਮ ਲੋਕਾਂ ਦੀ ਨੀਂਦ ਉਡਾ ਦਿੱਤੀ ਹੈ। ਦਿਨ ਦਿਹਾੜੇ ਹੋ ਰਹੀਆਂ ਘਟਨਾਵਾਂ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਸ਼ਹਿਰ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਤਾਜ਼ਾ ਦੋ ਘਟਨਾਵਾਂ ਨੇ ਇਸ ਚਿੰਤਾ ਨੂੰ ਹੋਰ ਵੀ ਗੰਭੀਰ ਕਰ ਦਿੱਤਾ ਹੈ। ਪਹਿਲੀ ਘਟਨਾ ਅਮਰੀਕ ਸਿੰਘ ਰੋਡ ’ਤੇ ਵਾਪਰੀ, ਜਿੱਥੇ ਦੋ ਅਣਪਛਾਤੇ ਵਿਅਕਤੀਆਂ ਨੇ ਇਕ ਰਾਹਗੀਰ ਨੂੰ ਡਰਾ ਧਮਕਾ ਕੇ ਉਸ ਦਾ ਪਰਸ ਖੋਹ ਲਿਆ।
ਜਾਣਕਾਰੀ ਅਨੁਸਾਰ ਪੀੜਤ ਗੁਰਦੀਪ ਚੰਦ ਅਗਰਸੈਨ ਨਗਰ ਤੋਂ ਅਮਰੀਕ ਸਿੰਘ ਰੋਡ ਵੱਲ ਜਾ ਰਿਹਾ ਸੀ ਕਿ ਅਚਾਨਕ ਦੋ ਨੌਜਵਾਨ ਉਸ ਦੇ ਕੋਲ ਆ ਖੜੇ ਹੋਏ। ਦੋਸ਼ੀਆਂ ਨੇ ਪਹਿਲਾਂ ਉਸ ਨੂੰ ਧਮਕਾਇਆ ਅਤੇ ਫਿਰ ਜ਼ਬਰਦਸਤੀ ਉਸ ਦਾ ਪਰਸ ਖੋਹ ਲਿਆ। ਪਰਸ ਵਿੱਚ ਲਗਭਗ 6800 ਰੁਪਏ ਨਗਦ ਅਤੇ ਦੋ ਏਟੀਐੱਮ ਕਾਰਡ ਮੌਜੂਦ ਸਨ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਪੀੜਤ ਨੇ ਤੁਰੰਤ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ। ਦੂਜੀ ਘਟਨਾ ਮਾਡਲ ਟਾਊਨ ਫੇਜ਼-4/5 ਇਲਾਕੇ ਵਿਚ ਵਾਪਰੀ। ਪੀੜਤ ਸੁਖਵਿੰਦਰ ਕੌਰ ਆਪਣੇ ਘਰ ਵੱਲ ਪੈਦਲ ਜਾ ਰਹੀ ਸੀ, ਉਸ ਸਮੇਂ ਦੋ ਨੌਜਵਾਨ ਬਿਨਾਂ ਨੰਬਰ ਦੇ ਬਾਈਕ ’ਤੇ ਸਵਾਰ ਹੋ ਕੇ ਆਏ ਅਤੇ ਝੱਟਕਾ ਮਾਰ ਕੇ ਉਸ ਦਾ ਪਰਸ ਲੈ ਉੱਡੇ। ਇਸ ਅਚਾਨਕ ਵਾਪਰੀ ਘਟਨਾ ਕਾਰਨ ਮਹਿਲਾ ਘਬਰਾ ਗਈ ਤੇ ਸਹਿਮ ਗਈ। ਉਸ ਦੇ ਪਰਸ ਵਿਚ ਲਗਭਗ 4000 ਰੁਪਏ ਦੀ ਨਕਦੀ ਤੇ ਇਕ ਮੋਬਾਈਲ ਫੋਨ ਸੀ। ਦੋਵੇਂ ਨੌਜਵਾਨ ਵਾਰਦਾਤ ਨੂੰ ਅੰਜਾਮ ਦੇ ਕੇ ਤੇਜ਼ ਰਫ਼ਤਾਰ ਨਾਲ ਮੌਕੇ ਤੋਂ ਫਰਾਰ ਹੋ ਗਏ। ਇਹ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਹੈ। ਇਨ੍ਹਾਂ ਦੋਵੇਂ ਘਟਨਾਵਾਂ ਨੇ ਸ਼ਹਿਰ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਖੜੇ ਕਰ ਦਿੱਤੇ ਹਨ। ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਹਫ਼ਤਿਆਂ ਤੋਂ ਲੁੱਟ-ਖੋਹ ਅਤੇ ਝਪਟਮਾਰੀ ਦੀਆਂ ਵਾਰਦਾਤਾਂ ਵਿੱਚ ਇਜਾਫ਼ਾ ਹੋਇਆ ਹੈ, ਪਰ ਪੁਲਿਸ ਵੱਲੋਂ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ। ਖ਼ਾਸ ਕਰਕੇ ਮਹਿਲਾਵਾਂ ਅਤੇ ਬਜ਼ੁਰਗ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਸਥਾਨਕ ਨਿਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਗਸ਼ਤ ਵਧਾਈ ਜਾਵੇ ਅਤੇ ਬਿਨਾਂ ਨੰਬਰੀ ਵਾਹਨਾਂ ’ਤੇ ਸਖ਼ਤ ਨਜ਼ਰ ਰੱਖੀ ਜਾਵੇ। ਇਸ ਦੇ ਨਾਲ ਹੀ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਕੇ ਦੋਸ਼ੀਆਂ ਦੀ ਪਛਾਣ ਕੀਤੀ ਜਾਵੇ ਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵੇਂ ਮਾਮਲਿਆਂ ਵਿੱਚ ਸ਼ਿਕਾਇਤ ਦਰਜ ਕਰ ਲਈ ਗਈ ਹੈ ਤੇ ਦੋਸ਼ੀਆਂ ਦੀ ਪਛਾਣ ਲਈ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।