- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਊਧਨ ਦੀ ਸਾਂਭ-ਸੰਭਾਲ ਤੇ ਸੁਰੱਖਿਆ ਲਈ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

-ਨਸਲ ਸੁਧਾਰ ਦੇ ਨਾਲ-ਨਾਲ ਵੈਕਸੀਨੇਸ਼ਨ ਕਰਨ ’ਤੇ ਵੀ ਦਿੱਤਾ ਜ਼ੋਰ
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਕੀਮਤੀ ਭਗਤ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਗਊਧਨ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਗਊਸ਼ਾਲਾਵਾਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਗਊਧਨ ਦੀ ਸੰਭਾਲ ਸਬੰਧੀ ਮੌਜੂਦਾ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਲੁੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਐੱਸਪੀ ਦੀ ਅਗਵਾਈ ਹੇਠ ਗਊ ਰੱਖਿਆ ਸੈੱਲ ਮੁੜ ਸੁਰਜੀਤ ਕੀਤਾ ਜਾਵੇਗਾ ਤਾਂ ਜੋ ਗਊ ਧਨ ਦੀ ਰੱਖਿਆ ਹਰ ਹਾਲ ਵਿਚ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਕਿਹਾ ਕਿ ਗਊਧਨ ਦੀ ਸੰਭਾਲ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲਾਵਾਰਸ ਗਊ ਵੰਸ਼ ਦੀ ਸੰਭਾਲ ਲਈ ਗਊਸ਼ਾਲਾ ਵਿਖੇ ਉਨ੍ਹਾਂ ਨੂੰ ਭੇਜ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਸਖ਼ਤ ਪਾਲਣਾ ਕੀਤੀ ਜਾਂਦੀ ਹੈ। ਕੀਮਤੀ ਭਗਤ ਨੇ ਨਗਰ ਨਿਗਮ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਲ 2016 ਤੋਂ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਗਊ ਸੇਵਾ ਸੈੱਸ ਬਾਰੇ ਮੁਕੰਮਲ ਰਿਪੋਰਟ ਤਿਆਰ ਕਰਕੇ ਪੇਸ਼ ਕੀਤੀ ਜਾਵੇ।
ਇਸ ਤੋਂ ਇਲਾਵਾ ਉਹਨਾਂ ਪਿੰਡ ਹਰਰਾਏਪੁਰ ਵਿਖੇ ਬਣੀ ਸਰਕਾਰੀ ਕੈਟਲ ਪਾਉਂਡ ਗਊਸ਼ਾਲਾ ਵਿੱਚ ਗਊਧਨ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਸ ਦਾ ਦੌਰਾ ਕੀਤਾ। ਵਾਈਸ ਚੇਅਰਮੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਚੱਲ ਰਹੀਆਂ ਪ੍ਰਾਈਵੇਟ ਗਊਸ਼ਾਲਾਵਾਂ ਦੀ ਗਿਣਤੀ, ਉਥੇ ਪਸ਼ੂ ਪਾਲਣ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਡਾਕਟਰੀ ਸਹੂਲਤਾਂ ਅਤੇ ਦਵਾਈਆਂ ਸਬੰਧੀ ਵਿਸਥਾਰਪੂਰਵਕ ਰਿਪੋਰਟ ਜਮ੍ਹਾਂ ਕਰਵਾਈ ਜਾਵੇ। ਉਨ੍ਹਾਂ ਪ੍ਰਾਈਵੇਟ ਗਊਸ਼ਾਲਾਵਾਂ ਦੇ ਬਿਜਲੀ ਬਿਲਾਂ ਦੀ ਮਾਫ਼ੀ ਨਾਲ ਜੁੜੇ ਮਾਮਲਿਆਂ ਵਿੱਚ ਹੋ ਰਹੀ ਕਾਰਵਾਈ ਬਾਰੇ ਵੀ ਜਾਣਿਆ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਨਸਲ ਸੁਧਾਰ ਯੋਜਨਾ ਤਹਿਤ ਸਾਹੀਵਾਲ ਨਸਲ ਦਾ ਸੀਮਨ ਗਊਸ਼ਾਲਾਵਾਂ ਅਤੇ ਗਊ ਭਗਤਾਂ ਤੱਕ ਸਮੇਂ ਸਿਰ ਪਹੁੰਚਾਇਆ ਜਾਵੇ। ਇਸਦੇ ਨਾਲ ਹੀ ਸ਼ਹਿਰ ਅੰਦਰ ਡੇਅਰੀ ਫਾਰਮਾਂ ਵੱਲੋਂ ਗਊਧਨ ਨੂੰ ਸੜਕਾਂ ’ਤੇ ਛੱਡਣ ਦੀ ਪ੍ਰਵਿਰਤੀ ’ਤੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੇਸਹਾਰਾ ਗਊਆਂ ਨੂੰ ਫੜ ਕੇ ਗਊਸ਼ਾਲਾਵਾਂ ਵਿੱਚ ਰੱਖਣ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਗਊਸ਼ਾਲਾਵਾਂ ਵਿਚ ਗਊਧਨ ਦੀ ਵੈਕਸੀਨੇਸ਼ਨ ਸਮੇਂ ਸਿਰ ਕਰਵਾਉਣ ’ਤੇ ਵੀ ਖਾਸ ਜ਼ੋਰ ਦਿੱਤਾ। ਇਸ ਮੀਟਿੰਗ ਵਿੱਚ ਪਸ਼ੂ ਪਾਲਣ ਵਿਭਾਗ, ਪੁਲਿਸ ਵਿਭਾਗ, ਨਗਰ ਨਿਗਮ ਅਤੇ ਗਊਧਨ ਨਾਲ ਸੰਬੰਧਿਤ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਹਾਜ਼ਰ ਸਨ।