ਚੇਅਰਮੈਨ ਨਵਦੀਪ ਸਿੰਘ ਜੀਦਾ ਵੱਲੋਂ ਮੰਡੀਆਂ ਦਾ ਦੌਰਾ
ਸ਼ੂਗਰਫੈਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਵੱਲੋਂ ਮੰਡੀਆਂ ਦਾ ਦੌਰਾ
Publish Date: Fri, 24 Apr 2026 05:09 PM (IST)
Updated Date: Sat, 25 Apr 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਸ਼ੂਗਰਫੈੱਡ ਦੇ ਚੇਅਰਮੈਨ ਤੇ ‘ਆਪ’ ਦੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਐਡਵੋਕੇਟ ਨਵਦੀਪ ਸਿੰਘ ਜੀਦਾ ਵੱਲੋਂ ਅੱਜ ਮਾਰਕੀਟ ਕਮੇਟੀ ਸੰਗਤ ਅਧੀਨ ਆਉਂਦੀਆਂ ਦਾਣਾ ਮੰਡੀਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਪੱਕਾ ਕਲਾਂ ਅਤੇ ਚੱਕ ਹੀਰਾ ਸਿੰਘ ਵਾਲਾ ਦੀਆਂ ਮੰਡੀਆਂ ’ਚ ਪਹੁੰਚ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਜਿੱਥੇ ਮੰਡੀਆਂ ’ਚ ਤੋਲ ਚੈੱਕ ਕੀਤਾ ਉਥੇ ਹੀ ਖਰੀਦ ਨੂੰ ਲੈ ਕੇ ਹੋਰਾਂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਜੀਦਾ ਨੇ ਕਿਸਾਨਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨ ਦੇਸ਼ ਅਤੇ ਸੂਬੇ ਦੀ ਅਰਥ-ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਤੇ ਮੰਡੀਆਂ ’ਚ ਉਨ੍ਹਾਂ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ ਕੀਤੇ ਹਨ। ਉਨ੍ਹਾਂ ਮੰਡੀਆਂ ’ਚ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਫਾਈ ਪ੍ਰਣਾਲੀ, ਤੋਲ ਪ੍ਰਕਿਰਿਆ ਤੇ ਦਾਣਾ ਮੰਡੀ ਦੀ ਲਿਫਟਿੰਗ ਦੇ ਕੰਮਾਂ ਦੀ ਵੀ ਜਾਂਚ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਤੇ ਸਾਰੀਆਂ ਪ੍ਰਕਿਰਿਆਵਾਂ ਸੁਚੱਜੇ ਢੰਗ ਨਾਲ ਚਲਾਈਆਂ ਜਾਣ। ਐਡਵੋਕੇਟ ਜੀਦਾ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਕਈ ਮਸਲਿਆਂ ਦਾ ਮੌਕੇ ’ਤੇ ਹੀ ਨਿਤਾਰਾ ਕੀਤਾ। ਪੰਜਾਬ ਸਰਕਾਰ ਕਿਸਾਨਾਂ ਦੀ ਤਰੱਕੀ ਲਈ ਲਗਾਤਾਰ ਯਤਨਸ਼ੀਲ ਹੈ ਤੇ ਫਸਲ ਦਾ ਦਾਣਾ ਦਾਣਾ ਖਰੀਦ ਕੀਤਾ ਜਾਵੇਗਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਦੀ ਤਰੱਕੀ ਹੀ ਸੂਬੇ ਦੀ ਤਰੱਕੀ ਦਾ ਆਧਾਰ ਹੈ, ਇਸ ਲਈ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਹਮੇਸ਼ਾ ਤੱਤਪਰ ਰਹੇਗੀ। ਇਸ ਮੌਕੇ ਮਾਰਕੀਟ ਕਮੇਟੀ ਸੰਗਤ ਦੇ ਚੇਅਰਮੈਨ ਲਖਵੀਰ ਸਿੰਘ ਮਾਨ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ। ਮੰਡੀ ਬੋਰਡ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ, ਜਿਨ੍ਹਾਂ ਨੇ ਮੰਡੀਆਂ ’ਚ ਚੱਲ ਰਹੀਆਂ ਵਿਵਸਥਾਵਾਂ ਬਾਰੇ ਜਾਣਕਾਰੀ ਦਿੱਤੀ।