- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਖ਼ਤ ਸਾਹਿਬ ਵਿਖੇ ਮਨਾਇਆ ਗਿਆ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ

-ਜਥੇ. ਗਿਆਨੀ ਟੇਕ ਸਿੰਘ ਅਨੁਸਾਰ ਮੁਗਲ ਹਕੂਮਤ ਵਾਂਗ ਸਰਕਾਰਾਂ ਅੱਜ ਵੀ ਢਾਹ ਰਹੀਆਂ ਨੇ ਤਸ਼ੱਦਦ
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ
ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਅੱਜ ਮਹਾਨ ਸ਼ਹੀਦ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਪੂਰਨ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਇਤਿਹਾਸਕ ਦਿਹਾੜੇ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਇਲਾਹੀ ਬਾਣੀ ਦੇ ਸ਼ੁਕਰਾਨੇ ਦੀ ਅਰਦਾਸ ਦੀ ਸੇਵਾ ਨਿਭਾਈ ਗਈ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਗਿਆਨੀ ਜਗਤਾਰ ਸਿੰਘ ਕੀਰਤਪੁਰੀ ਨੇ ਕਥਾ-ਵਿਚਾਰਾਂ ਰਾਹੀਂ ਸੰਗਤ ਨੂੰ ਭਾਈ ਮਨੀ ਸਿੰਘ ਦੇ ਮਹਾਨ ਅਤੇ ਲਾਸਾਨੀ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸਿੱਖ ਇਤਿਹਾਸ ਅੰਦਰ ਭਾਈ ਸਾਹਿਬ ਦੀ ਸ਼ਹਾਦਤ ਕੌਮ ਲਈ ਇੱਕ ਬੇਮਿਸਾਲ ਪ੍ਰੇਰਨਾ ਸਰੋਤ ਹੈ। ਸ਼ਹੀਦੀ ਦਿਹਾੜੇ ਮੌਕੇ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ, ਜਿਨ੍ਹਾਂ ਨੇ ਗੁਰਬਾਣੀ ਕੀਰਤਨ ਅਤੇ ਇਤਿਹਾਸਕ ਵਿਚਾਰਾਂ ਦਾ ਸਰਵਣ ਕੀਤਾ।
ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ "ਜਿਸ ਤਰੀਕੇ ਨਾਲ ਕਦੀ ਜਬਰ-ਜ਼ੁਲਮ ਦੀ ਹੱਦ ਪਾਰ ਕਰਦਿਆਂ ਮੁਗਲ ਹਕੂਮਤ ਨੇ ਭਾਈ ਮਨੀ ਸਿੰਘ 'ਤੇ ਅੰਨ੍ਹਾ ਤਸ਼ੱਦਦ ਢਾਹਿਆ ਅਤੇ ਉਨ੍ਹਾਂ ਦਾ ਬੰਦ-ਬੰਦ ਕੱਟ ਕੇ ਸ਼ਹੀਦ ਕੀਤਾ, ਬੜੇ ਅਫ਼ਸੋਸ ਅਤੇ ਚਿੰਤਾ ਦੀ ਗੱਲ ਹੈ ਕਿ ਅੱਜ ਲੋਕਤੰਤਰ ਦੇ ਮੁਖੌਟੇ ਹੇਠ ਮੌਜੂਦਾ ਸਰਕਾਰਾਂ ਵੀ ਸਿੱਖ ਕੌਮ ਨਾਲ ਉਹੀ ਪੁਰਾਣਾ ਰਵੱਈਆ ਅਪਣਾ ਰਹੀਆਂ ਹਨ। ਅੱਜ ਵੀ ਪੰਥਕ ਅਵਾਜ਼ ਨੂੰ ਦਬਾਉਣ ਲਈ ਸਰਕਾਰੀ ਤੰਤਰ ਅਤੇ ਕਾਲੇ ਕਾਨੂੰਨਾਂ ਦੀ ਨਾਜਾਇਜ਼ ਵਰਤੋਂ ਕਰਕੇ ਸਿੱਖ ਨੌਜਵਾਨਾਂ ਅਤੇ ਸੰਸਥਾਵਾਂ 'ਤੇ ਮਾਨਸਿਕ ਤੇ ਪ੍ਰਸ਼ਾਸਨਿਕ ਤਸ਼ੱਦਦ ਢਾਹਿਆ ਜਾ ਰਿਹਾ ਹੈ। ਉਨ੍ਹਾਂ ਸਖ਼ਤ ਲਹਿਜ਼ੇ ਵਿੱਚ ਚੇਤਾਵਨੀ ਦਿੱਤੀ ਕਿ ਹਕੂਮਤਾਂ ਭਾਵੇਂ ਬਦਲ ਗਈਆਂ ਹਨ, ਪਰ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਦੀ ਮਾਨਸਿਕਤਾ ਅੱਜ ਵੀ ਉਹੀ ਹੈ। ਜੇਕਰ ਸਰਕਾਰਾਂ ਨੇ ਸਿੱਖਾਂ ਨਾਲ ਵਿਤਕਰਾ ਅਤੇ ਬੇਗਾਨਗੀ ਦਾ ਅਹਿਸਾਸ ਕਰਵਾਉਣਾ ਬੰਦ ਨਾ ਕੀਤਾ, ਤਾਂ ਇਤਿਹਾਸ ਗਵਾਹ ਹੈ ਕਿ ਸਿੱਖ ਕੌਮ ਨੇ ਕਦੇ ਵੀ ਜ਼ੁਲਮ ਅੱਗੇ ਗੋਡੇ ਨਹੀਂ ਟੇਕੇ। ਸਿੰਘ ਸਾਹਿਬ ਨੇ ਸਮੁੱਚੀ ਕੌਮ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਭਾਈ ਮਨੀ ਸਿੰਘ ਦੇ ਜੀਵਨ ਤੋਂ ਦ੍ਰਿੜਤਾ ਦੀ ਪ੍ਰੇਰਨਾ ਲੈ ਕੇ ਅਜਿਹੇ ਸਰਕਾਰੀ ਜਬਰ ਵਿਰੁੱਧ ਇੱਕਜੁੱਟ ਹੋਣ। ਜਥੇਦਾਰ ਸਾਹਿਬ ਨੇ ਕੌਮ ਨੂੰ ਆਪਣੇ ਮਹਾਨ ਅਮੀਰ ਵਿਰਸੇ ਅਤੇ ਸ਼ਹੀਦਾਂ ਦੇ ਪੂਰਨਿਆਂ 'ਤੇ ਚੱਲਣ ਦੀ ਅਪੀਲ ਕੀਤੀ ਤਾਂ ਜੋ ਮੌਜੂਦਾ ਚੁਣੌਤੀਆਂ ਦਾ ਦ੍ਰਿੜਤਾ ਨਾਲ ਸਾਹਮਣਾ ਕੀਤਾ ਜਾ ਸਕੇ। ਸਮਾਗਮ ਦੀ ਸਮਾਪਤੀ 'ਤੇ ਪ੍ਰਬੰਧਕਾਂ ਵੱਲੋਂ ਆਈਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਵਧੀਕ ਮੈਨੇਜਰ ਗੁਰਦੇਵ ਸਿੰਘ ਮੀਤ ਮੈਨੇਜਰ, ਮਨਦੀਪ ਸਿੰਘ, ਗੁਰਸੇਵਕ ਸਿੰਘ ਕਿੰਗਰਾ ਹਾਜ਼ਰ ਸਨ ।