- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਲਵੰਡੀ ਸਾਬੋ ਨੂੰ 40 ਸਾਲ ਬਾਅਦ ਮਿਲਿਆ ਆਧੁਨਿਕ ਪ੍ਰਸ਼ਾਸਨਿਕ ਕੰਪਲੈਕਸ

-ਕਿਹਾ, ਤਲਵੰਡੀ ਸਾਬੋ ਦੇ ਲੋਕਾਂ ਨੂੰ 40 ਸਾਲ ਬਾਅਦ ਮਿਲਿਆ ਆਧੁਨਿਕ ਪ੍ਰਸ਼ਾਸਨਿਕ ਕੰਪਲੈਕਸ
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ
ਲਗਭਗ 40 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਤਲਵੰਡੀ ਸਾਬੋ ਨੂੰ ਇਕ ਨਵਾਂ ਅਤੇ ਅਤਿ-ਆਧੁਨਿਕ ਪ੍ਰਸ਼ਾਸਨਿਕ ਕੰਪਲੈਕਸ ਮਿਲ ਗਿਆ ਹੈ। ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪ੍ਰਾਜੈਕਟ ਦਾ ਉਦਘਾਟਨ ਕੀਤਾ। ਲਗਭਗ 6 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਇਹ ਆਧੁਨਿਕ ਇਮਾਰਤ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੀ ਹੈ। ਇਹ ਨਵਾਂ ਪ੍ਰਸ਼ਾਸਨਿਕ ਕੰਪਲੈਕਸ ਤਿੰਨ ਮੰਜ਼ਿਲਾਂ ਵਾਲਾ ਹੈ ਤੇ ਲਗਭਗ 3 ਹਜ਼ਾਰ ਵਰਗ ਫੁੱਟ ਖੇਤਰ ਵਿਚ ਬਣਾਇਆ ਗਿਆ ਹੈ। ਇਸ ਇਮਾਰਤ ਵਿਚ ਕੁੱਲ 28 ਕਮਰੇ ਬਣਾਏ ਗਏ ਹਨ, ਜਿਨ੍ਹਾਂ ਵਿਚ ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੇ ਐੱਸਡੀਐੱਮ ਦੇ ਦਫ਼ਤਰ ਸ਼ਾਮਲ ਹਨ। ਇਸ ਤੋਂ ਇਲਾਵਾ ਤਿੰਨਾਂ ਅਧਿਕਾਰੀਆਂ ਲਈ ਵੱਖ-ਵੱਖ ਕੋਰਟ ਰੂਮ ਵੀ ਤਿਆਰ ਕੀਤੇ ਗਏ ਹਨ, ਜਿੱਥੇ ਛੋਟੇ-ਮੋਟੇ ਵਿਵਾਦਾਂ ਦਾ ਨਿਤਾਰਾ ਕੀਤਾ ਜਾਵੇਗਾ। ਇਸ ਨਾਲ ਆਮ ਲੋਕਾਂ ਨੂੰ ਨਿਆਇਕ ਅਤੇ ਪ੍ਰਸ਼ਾਸਨਿਕ ਸੇਵਾਵਾਂ ਇੱਕੋ ਛੱਤ ਹੇਠਾਂ ਉਪਲੱਬਧ ਹੋਣਗੀਆਂ।
ਕੰਪਲੈਕਸ ਵਿਚ ਫਰਦ ਕੇਂਦਰ ਤੇ ਰਜਿਸਟਰੀ ਸਹਾਇਤਾ ਕੇਂਦਰ ਦੀ ਵੀ ਸੁਵਿਧਾ ਦਿੱਤੀ ਗਈ ਹੈ, ਜਿੱਥੇ ਸਿਰਫ਼ 550 ਰੁਪਏ ਵਿਚ ਰਜਿਸਟਰੀ ਲਿਖਣ ਦੀ ਵਿਵਸਥਾ ਕੀਤੀ ਗਈ ਹੈ। ਇਸ ਦੇ ਨਾਲ ਆਧੁਨਿਕ ਰਿਕਾਰਡ ਰੂਮ, ਲਿਫਟ ਤੇ ਕੈਂਟੀਨ ਵਰਗੀਆਂ ਸਹੂਲਤਾਂ ਵੀ ਉਪਲੱਬਧ ਕਰਵਾਈਆਂ ਗਈਆਂ ਹਨ, ਜਿਸ ਨਾਲ ਮੁਲਾਜ਼ਮਾਂ ਤੇ ਆਮ ਨਾਗਰਿਕਾਂ ਨੂੰ ਬਿਹਤਰ ਸੁਵਿਧਾਵਾਂ ਮਿਲ ਸਕਣ। ਜ਼ਿਕਰਯੋਗ ਹੈ ਕਿ ਪੁਰਾਣੀ ਇਮਾਰਤ ਦਾ ਨਿਰਮਾਣ ਸਾਲ 1986 ਵਿਚ ਹੋਇਆ ਸੀ, ਜੋ ਹੁਣ ਪੂਰੀ ਤਰ੍ਹਾਂ ਜਰਜਰ ਹੋ ਚੁੱਕੀ ਸੀ। ਬਾਰਸ਼ ਦੇ ਮੌਸਮ ਵਿਚ ਇਮਾਰਤ ਵਿਚ ਪਾਣੀ ਟਪਕਦਾ ਸੀ ਤੇ ਕੰਮ-ਕਾਜ ਕਰਨਾ ਬਹੁਤ ਜ਼ਿਆਦਾ ਮੁਸ਼ਕਿਲ ਹੋ ਜਾਂਦਾ ਸੀ। ਇਸ ਲਈ ਇਹ ਨਵੀਂ ਇਮਾਰਤ ਖੇਤਰ ਦੇ ਵਿਕਾਸ ਦੀ ਦਿਸ਼ਾ ਵਿਚ ਇਕ ਵੱਡਾ ਕਦਮ ਮੰਨੀ ਜਾ ਰਹੀ ਹੈ। ਉਦਘਾਟਨ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਲੋਕਾਂ ਨੂੰ ਸਾਰੀਆਂ ਸਰਕਾਰੀ ਸੇਵਾਵਾਂ ਇੱਕੋ ਥਾਂ ’ਤੇ ਉਪਲੱਬਧ ਕਰਵਾਉਣਾ ਹੈ, ਤਾਂ ਜੋ ਉਨ੍ਹਾਂ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਭਵਿੱਖ ’ਚ ਹੋਰ ਵੀ ਅਜਿਹੇ ਆਧੁਨਿਕ ਕੰਪਲੈਕਸ ਬਣਾਏ ਜਾਣਗੇ। ਮੁੱਖ ਮੰਤਰੀ ਨੇ ਵਿਰੋਧੀ ਧਿਰ ‘ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਕੁਝ ਦਿਨ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਸਵਾਲ ਚੁੱਕਿਆ ਸੀ ਕਿ ਮੌਜੂਦਾ ਸਰਕਾਰ ਨੇ ਕਿਹੜੀ ਨਵੀਂ ਇਮਾਰਤ ਬਣਾਈ ਹੈ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਹੁਣ ਇਹ ਆਧੁਨਿਕ ਕੰਪਲੈਕਸ ਉਨ੍ਹਾਂ ਨੂੰ ਦਿਖਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 1997 ਤੋਂ 2002 ਤੇ 2007 ਤੋਂ 2017 ਤਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਰਹੀ, ਪਰ ਇਸ ਦੌਰਾਨ ਵਿਕਾਸ ਦੇ ਨਾਮ ‘ਤੇ ਕੋਈ ਖਾਸ ਕੰਮ ਨਹੀਂ ਹੋਇਆ। ਉਨ੍ਹਾਂ ਦੀ ਸਰਕਾਰ ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਵੀ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਹੁਣ ਤਕ 990 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ, ਜਿੱਥੇ 5 ਕਰੋੜ ਤੋਂ ਵੱਧ ਲੋਕ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ ਤੇ ਭਵਿੱਖ ’ਚ ਲੋਕਾਂ ਨੂੰ ਹੋਰ ਬਿਹਤਰ ਸਹੂਲਤਾਂ ਮਿਲਣਗੀਆਂ। ਇਹ ਨਵਾਂ ਪ੍ਰਸ਼ਾਸਨਿਕ ਕੰਪਲੈਕਸ ਤਲਵੰਡੀ ਸਾਬੋ ਦੇ ਵਿਕਾਸ ’ਚ ਇਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਵੇਗਾ।