ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਫੂਕੀ ਅਰਥੀ
ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ
Publish Date: Wed, 08 Apr 2026 05:10 PM (IST)
Updated Date: Thu, 09 Apr 2026 04:03 AM (IST)
-11 ਅਪ੍ਰੈਲ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੀਤਾ ਜਾਵੇਗਾ ਰੋਸ ਮੁਜ਼ਾਹਰਾ
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਲੰਬੇ ਸਮੇਂ ਤੋਂ ਸਕੂਲਾਂ ਵਿਚ ਸੇਵਾ ਨਿਭਾ ਰਹੇ ਅਧਿਆਪਕਾਂ ‘ਤੇ ਜਬਰੀ ਟੈੱਟ ਦੀ ਸ਼ਰਤ ਲਾਗੂ ਕਰਨ ਦੇ ਵਿਰੋਧ ਵਿਚ ਵੱਖ-ਵੱਖ ਅਧਿਆਪਕ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਮੁਜ਼ਾਹਰਾਕਾਰੀਆਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਜਾਹਰ ਕੀਤਾ। ਇਸ ਮੌਕੇ ਡੈਮੋਕ੍ਰੈਟਿਕ ਟੀਚਰ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ, ਡੀਟੀਐਫ (ਵਿਕਰਮਦੇਵ) ਦੇ ਜ਼ਿਲ੍ਹਾ ਪ੍ਰਧਾਨ ਜਗਪਾਲ ਸਿੰਘ, ਜੀਟੀਯੂ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਅਤੇ ਬੀਐਡ ਅਧਿਆਪਕ ਫਰੰਟ ਦੇ ਆਗੂ ਰਾਜਵੀਰ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਟੈੱਟ ਦੀ ਸ਼ਰਤ ਹਟਾਉਣ ਸਬੰਧੀ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਵੱਲੋਂ ਜਥੇਬੰਦੀਆਂ ਨਾਲ ਹੋਈਆਂ ਮੀਟਿੰਗਾਂ ਵਿਚ ਸੁਪਰੀਮ ਕੋਰਟ ਵਿਚ ਰਿਵਿਊ ਪਟੀਸ਼ਨ ਪਾਉਣ ਅਤੇ ਵਿਧਾਨ ਸਭਾ ਵਿਚ ਮਤਾ ਲਿਆਂਦਾ ਜਾਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤਕ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਉਲਟਾ ਅਧਿਆਪਕਾਂ ਨੂੰ ਜਬਰੀ ਟੈੱਟ ਪੇਪਰ ਦੇਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਕੇਂਦਰ ਦੀਆਂ ਨੀਤੀਆਂ ਦੇ ਅਨੁਸਾਰ ਸਿੱਖਿਆ ਖੇਤਰ ਵਿੱਚ ਨਿਜੀਕਰਨ ਵਧਾਉਣ, ਅਸਾਮੀਆਂ ਘਟਾਉਣ ਅਤੇ ਨਵੀਂ ਸਿੱਖਿਆ ਨੀਤੀ 2020 ਨੂੰ ਲਾਗੂ ਕਰਨ ਵੱਲ ਵਧ ਰਹੀ ਹੈ। ਇਸ ਕਾਰਨ ਅਧਿਆਪਕਾਂ ਦੀਆਂ ਨੌਕਰੀਆਂ ਅਤੇ ਹੱਕਾਂ ‘ਤੇ ਅਸਰ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਹਜ਼ਾਰਾਂ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਟੈੱਟ ਦੀ ਸ਼ਰਤ ਲਾਗੂ ਕਰਕੇ ਤਰੱਕੀਆਂ ਰੋਕੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਡੀਏ ਦੀਆਂ ਕਿਸ਼ਤਾਂ ਜਾਰੀ ਕਰਨ ਅਤੇ ਹੋਰ ਭੱਤਿਆਂ ਸਬੰਧੀ ਮੰਗਾਂ ਵੀ ਅਣਦੇਖੀਆਂ ਕੀਤੀਆਂ ਜਾ ਰਹੀਆਂ ਹਨ। ਅਧਿਆਪਕ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਬਰੀ ਟੈੱਟ ਦੀ ਸ਼ਰਤ ਵਾਪਸ ਨਾ ਲਈ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ 11 ਅਪ੍ਰੈਲ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਜਸਵਿੰਦਰ ਸਿੰਘ, ਕਰਮਜੀਤ ਸਿੰਘ ਜਲਾਲ, ਕੁਲਵਿੰਦਰ ਸਿੰਘ ਵਿਰਕ ਅਤੇ ਰੇਸ਼ਮ ਸਿੰਘ ਖੇਮੋਆਣਾ ਸਮੇਤ ਹੋਰ ਆਗੂ ਵੀ ਮੌਜੂਦ ਸਨ।