- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਹਿਰਾ ਬੇਗਾ ਟੋਲ ਪਲਾਜ਼ਾ ਚਾਰ ਘੰਟਿਆਂ ਲਈ ਕੀਤਾ ਫਰੀ, ਕਿਸਾਨਾਂ ਨੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜਤਾਇਆ ਰੋਸ

-ਕਿਸਾਨਾਂ ਨੇ ਲਹਿਰਾ ਬੇਗਾ ਟੋਲ ਪਲਾਜ਼ਾ ਚਾਰ ਘੰਟਿਆਂ ਲਈ ਕੀਤਾ ਫ੍ਰੀ
ਹਰਮੇਲ ਸਾਗਰ, ਪੰਜਾਬੀ ਜਾਗਰਣ, ਭੁੱਚੋ ਮੰਡੀ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਕਿਸਾਨਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਲਹਿਰਾ ਬੇਗਾ ਟੋਲ ਪਲਾਜ਼ਾ ਨੂੰ ਚਾਰ ਘੰਟਿਆਂ ਲਈ ਮੁਫ਼ਤ ਕਰਵਾ ਕੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਮੰਗਲਵਾਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਵਾਹਨਾਂ ਤੋਂ ਕੋਈ ਟੋਲ ਫੀਸ ਨਹੀਂ ਲਈ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਆਮ ਲੋਕ ਇਕੱਠੇ ਹੋਏ ਅਤੇ ਕੇਂਦਰ ਤੇ ਰਾਜ ਸਰਕਾਰ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ।
ਧਰਨੇ ਦੌਰਾਨ ਕਿਸਾਨ ਆਗੂਆਂ ਨੇ ਬੈਂਕਾਂ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ, ਨਵੀਆਂ ਜ਼ਮੀਨੀ ਨੀਤੀਆਂ ਅਤੇ ਭਾਰਤ-ਅਮਰੀਕਾ ਵਿਚਾਲੇ ਹੋ ਰਹੇ ਵਪਾਰਕ ਸਮਝੌਤਿਆਂ ਦਾ ਵਿਰੋਧ ਕੀਤਾ। ਇਸ ਮੌਕੇ ਪੰਜਾਬ ਜਥੇਬੰਦਕ ਆਗੂ ਕਾਕਾ ਕੋਟੜਾ, ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ, ਇਕਾਈ ਰਾਮਪੁਰਾ ਦੇ ਪ੍ਰਧਾਨ ਭੋਲਾ ਸਿੰਘ, ਇਕਾਈ ਫੂਲ ਦੇ ਪ੍ਰਧਾਨ ਸੁਖਦੇਵ ਸਿੰਘ ਅਤੇ ਇਕਾਈ ਕਲਿਆਣ ਦੇ ਪ੍ਰਧਾਨ ਅੰਗਰੇਜ ਸਿੰਘ ਸਮੇਤ ਕਈ ਕਿਸਾਨ ਆਗੂ ਹਾਜ਼ਰ ਸਨ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਬੈਂਕਾਂ ਵੱਲੋਂ ਕਿਸਾਨਾਂ ਦੇ ਖਾਲੀ ਚੈੱਕ ਵਾਪਸ ਕੀਤੇ ਜਾਣ ਤੇ ਉਨ੍ਹਾਂ ਨਾਲ ਕੀਤੀ ਜਾ ਰਹੀ ਕਥਿਤ ਮਨਮਾਨੀ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਆਰਥਿਕ ਸੰਕਟ ਨਾਲ ਜੂਝ ਰਹੇ ਹਨ, ਇਸ ਲਈ ਬੈਂਕਾਂ ਨੂੰ ਕਿਸਾਨਾਂ ਪ੍ਰਤੀ ਸੰਵੇਦਨਸ਼ੀਲ ਰਵੱਈਆ ਅਪਣਾਉਣਾ ਚਾਹੀਦਾ ਹੈ। ਆਗੂਆਂ ਨੇ ਭਾਰਤ ਅਤੇ ਅਮਰੀਕਾ ਵਿਚਾਲੇ ਵਪਾਰਕ ਸਮਝੌਤਿਆਂ ਅਤੇ ਬਣਾਈ ਜਾ ਰਹੀ ਵਪਾਰਕ ਕਮੇਟੀ ਦੀ ਵੀ ਨਿਖੇਧੀ ਕੀਤੀ। ਅਜਿਹੀਆਂ ਨੀਤੀਆਂ ਨਾਲ ਦੇਸ਼ ਦੀ ਖੇਤੀ ਅਤੇ ਕਿਸਾਨੀ ਨੂੰ ਨੁਕਸਾਨ ਪਹੁੰਚ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਕੇ ਬਣਾਈ ਗਈ ਕੋਈ ਵੀ ਨੀਤੀ ਮਨਜ਼ੂਰ ਨਹੀਂ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਨਵੀਆਂ ਜ਼ਮੀਨੀ ਨੀਤੀਆਂ ਦਾ ਵਿਰੋਧ ਕਰਦਿਆਂ ਕਿਹਾ ਕਿ ਖੇਤੀਯੋਗ ਜ਼ਮੀਨਾਂ ਨੂੰ ਰਿਹਾਇਸ਼ੀ ਖੇਤਰਾਂ ਵਿੱਚ ਤਬਦੀਲ ਕਰਨ ਦੀ ਪ੍ਰਕਿਰਿਆ ਭਵਿੱਖ ਵਿੱਚ ਖੇਤੀ ਲਈ ਵੱਡੀ ਚੁਣੌਤੀ ਬਣ ਸਕਦੀ ਹੈ। ਉਪਜਾਊ ਜ਼ਮੀਨਾਂ ਦੀ ਰੱਖਿਆ ਕਰਨਾ ਸਮੇਂ ਦੀ ਲੋੜ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀ ਆਪਣਾ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਮਨੁੱਖੀ ਅਧਿਕਾਰਾਂ ਦੇ ਹੱਕ ਵਿੱਚ ਆਵਾਜ਼ ਚੁੱਕਣ ਵਾਲੇ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਫ਼ਿਲਮ ਵੀ ਦਿਖਾਈ। ਕਿਸਾਨ ਆਗੂਆਂ ਨੇ ਕਿਹਾ ਕਿ ਨੌਜਵਾਨਾਂ ਤੇ ਲੋਕਾਂ ਨੂੰ ਅਜਿਹੀਆਂ ਫ਼ਿਲਮਾਂ ਰਾਹੀਂ ਇਤਿਹਾਸ ਤੇ ਮਨੁੱਖੀ ਅਧਿਕਾਰਾਂ ਦੀ ਲੜਾਈ ਬਾਰੇ ਜਾਣਕਾਰੀ ਮਿਲਦੀ ਹੈ। ਅੰਤ ਵਿੱਚ ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਤੇ ਆਮ ਲੋਕਾਂ ਨਾਲ ਜੁੜੇ ਮਸਲਿਆਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।