ਪੀੜਤ ਕਿਸਾਨਾਂ ਨੂੰ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ : ਪ੍ਰੋ. ਰੁਪਿੰਦਰ ਕੌਰ
ਪੀੜਤ ਕਿਸਾਨਾਂ ਨੂੰ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ: ਪ੍ਰੋ. ਰੁਪਿੰਦਰ ਕੌਰ ਰੂਬੀ
Publish Date: Fri, 10 Apr 2026 06:03 PM (IST)
Updated Date: Sat, 11 Apr 2026 04:09 AM (IST)
-ਏਡੀਸੀ ਬਠਿੰਡਾ ਨੂੰ ਸਪੈਸ਼ਲ ਗਿਰਦਾਵਰੀ ਕਰਨ ਤੇ ਮੁਆਵਜ਼ਾ ਜਾਰੀ ਕਰਨ ਲਈ ਮੰਗ-ਪੱਤਰ
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਵਿਧਾਨਸਭਾ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਲੂਲਬਾਈ, ਬਹਾਦਰਗੜ੍ਹ ਜੰਡੀਆ ਅਤੇ ਬੱਲੂਆਣਾ ਵਿਚ ਆਏ ਤੂਫ਼ਾਨੀ ਮੀਂਹ, ਤੇਜ਼ ਹਨੇਰੀ ਤੇ ਗੜਿਆਂ ਦੀ ਮਾਰ ਨਾਲ ਖੇਤਾਂ ਵਿਚ ਖੜ੍ਹੀ ਫ਼ਸਲ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ। ਇਸ ਬੇਮੌਸਮੀ ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਨਾਲ ਇਲਾਕੇ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ। ਜਿਸ ਨੁੰ ਵੇਖਦੇ ਹੋਏ ਸਾਬਕਾ ਵਿਧਾਇਕਾ ਹਲਕਾ ਬਠਿੰਡਾ ਦਿਹਾਤੀ ਪ੍ਰੋ. ਰੁਪਿੰਦਰ ਕੌਰ ਰੂਬੀ ਵੱਲੋਂ ਹਲਕੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਸਬੰਧ ਵਿਚ ਪ੍ਰੋ. ਰੁਪਿੰਦਰ ਕੌਰ ਰੂਬੀ ਵੱਲੋਂ ਏਡੀਸੀ ਕੰਚਨ ਸਿੰਗਲਾ ਨੂੰ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਪ੍ਰਭਾਵਿਤ ਇਲਾਕਿਆਂ ਵਿਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਨੁਕਸਾਨ ਦਾ ਸਹੀ ਅੰਦਾਜ਼ਾ ਲਗਾ ਕੇ ਹਰ ਕਿਸਾਨਾਂ ਨੂੰ ਫੌਰੀ ਰਾਹਤ ਤੇ ਯੋਗ ਮੁਆਵਜ਼ਾ ਦਿੱਤਾ ਜਾਵੇ।
ਉਨ੍ਹਾਂ ਖ਼ਾਸ ਤੌਰ 'ਤੇ ਮੰਗ ਕੀਤੀ ਕਿ ਘੱਟੋ-ਘੱਟ ਮੁਆਵਜ਼ਾ 50,000 ਰੁਪਏ ਪ੍ਰਤੀ ਏਕੜ ਦਿੱਤਾ ਜਾਵੇ ਅਤੇ ਇਹ ਰਕਮ ਸਿੱਧੀ ਕਾਸ਼ਤਕਾਰਾਂ ਦੇ ਬੈਂਕ ਖਾਤਿਆਂ ਵਿਚ ਜਮ੍ਹਾਂ ਕਰਵਾਈ ਜਾਵੇ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ ਅਤੇ ਇਸ ਕੁਦਰਤੀ ਆਫ਼ਤ ਨੇ ਉਨ੍ਹਾਂ ਦੀ ਕਮਰ ਤੋੜ ਦਿੱਤੀ ਹੈ। ਇਸ ਲਈ ਸੂਬਾ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੇ ਫਸਲੀ ਕਰਜ਼ਿਆਂ ਵਿਚ ਰਾਹਤ ਦਿੱਤੀ ਜਾਵੇ ਅਤੇ ਫਸਲ ਬੀਮਾ ਯੋਜਨਾ ਦਾ ਪੂਰਾ ਲਾਭ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਜਲਦ ਕਾਰਵਾਈ ਅਮਲ ’ਚ ਨਾ ਲਿਆਂਦੀ ਗਈ ਤਾਂ ਕਿਸਾਨ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾਂ ਕਿਸਾਨਾਂ ਦੇ ਨਾਲ ਖੜੇ ਹਨ ਅਤੇ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਉਠਾਉਂਦੇ ਰਹਿਣਗੇ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਪਾਰਟੀ ਦੇ ਵੱਖ ਵੱਖ ਆਗੂ ਸਹਿਬਾਨ ਹਾਜ਼ਰ ਸਨ।