ਵਾਹਨਾਂ ਦੀ ਟੱਕਰ ਤੋਂ ਬਾਅਦ ਝਗੜੇ ’ਚ ਦੋ ਵਿਅਕਤੀ ਜ਼ਖ਼ਮੀ
ਵਾਹਨਾਂ ਦੀ ਟੱਕਰ ਤੋਂ ਬਾਅਦ ਵਿਵਾਦ ’ਚ ਦੋ ਵਿਅਕਤੀ ਜ਼ਖ਼ਮੀ
Publish Date: Mon, 16 Feb 2026 05:34 PM (IST)
Updated Date: Tue, 17 Feb 2026 04:04 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸ਼ਹਿਰ ਦੇ ਮਾਲ ਰੋਡ ‘ਤੇ ਸੋਮਵਾਰ ਸਵੇਰੇ ਦੋ ਵਾਹਨਾਂ ਦੀ ਟੱਕਰ ਤੋਂ ਬਾਅਦ ਹੋਏ ਝਗੜੇ ’ਚ ਤਿੰਨ ਵਿਅਕਤੀਆਂ ਵੱਲੋਂ ਦੋ ਲੋਕਾਂ ਨਾਲ ਮਾਰਕੁੱਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ’ਚ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਤਿੰਨ ਨਿਹੰਗ ਸਿੰਘ ਇਕ ਮੋਟਰਸਾਈਕਲ ‘ਤੇ ਸਵਾਰ ਸਨ, ਜਿਨ੍ਹਾਂ ਨੂੰ ਪਿੱਛੋਂ ਆ ਰਹੀ ਕਾਰ ਨੇ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਦੋਹਾਂ ਧਿਰਾਂ ’ਚ ਤਕਰਾਰ ਸ਼ੁਰੂ ਹੋ ਗਈ ਜੋ ਕੁਝ ਹੀ ਸਮੇਂ ਵਿੱਚ ਝਗੜੇ ਵਿਚ ਤਬਦੀਲ ਹੋ ਗਈ। ਦੋਸ਼ ਹੈ ਕਿ ਗੁੱਸੇ ’ਚ ਆਏ ਨਿਹੰਗਾਂ ਨੇ ਕਾਰ ਸਵਾਰਾਂ ਨੂੰ ਰੋਕ ਲਿਆ ਤੇ ਉਨ੍ਹਾਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਦੋ ਵਿਅਕਤੀ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਮੌਕੇ ’ਤੇ ਅਫ਼ਰਾ-ਤਫ਼ਰੀ ਦਾ ਮਾਹੌਲ ਬਣ ਗਿਆ ਤੇ ਆਸ-ਪਾਸ ਖੜ੍ਹੇ ਲੋਕਾਂ ’ਚ ਦਹਿਸ਼ਤ ਫੈਲ ਗਈ। ਸੂਚਨਾ ਮਿਲਦੇ ਹੀ ਪੀਸੀਆਰ ਟੀਮ ਸਮੇਤ ਪੁਲਿਸ ਮੌਕੇ ’ਤੇ ਪਹੁੰਚੀ ਤੇ ਸਥਿਤੀ ਨੂੰ ਕਾਬੂ ਕੀਤਾ। ਪੁਲਿਸ ਨੇ ਸਥਾਨਕ ਲੋਕਾਂ ਤੇ ਇਕ ਸਮਾਜਿਕ ਸੰਸਥਾ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਡਾਕਟਰਾਂ ਅਨੁਸਾਰ ਜ਼ਖ਼ਮੀਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਇਸ ਘਟਨਾ ਕਾਰਨ ਮਾਲ ਰੋਡ ‘ਤੇ ਕਾਫ਼ੀ ਸਮੇਂ ਤਕ ਟ੍ਰੈਫਿਕ ਪ੍ਰਭਾਵਿਤ ਰਿਹਾ, ਜਿਸ ਨਾਲ ਯਾਤਰੀਆਂ ਨੂੰ ਪਰੇਸ਼ਾਨੀ ਝੱਲਣੀ ਪਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਲਾਕੇ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਪੂਰੀ ਘਟਨਾ ਦੀ ਸਚਾਈ ਸਾਹਮਣੇ ਆ ਸਕੇ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਪੱਖਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਵਧ ਰਹੀਆਂ ਅਜਿਹੀਆਂ ਘਟਨਾਵਾਂ ਨੂੰ ਦੇਖਦੇ ਹੋਏ ਸ਼ਹਿਰ ’ਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੀ ਲੋੜ ਹੈ, ਤਾਂ ਜੋ ਛੋਟੇ ਵਿਵਾਦ ਵੱਡੇ ਝਗੜਿਆਂ ਵਿਚ ਨਾ ਬਦਲਣ।