ਵਾਹਨ ਚੋਰੀ ਕਰਨ ਦੇ ਦੋਸ਼ ’ਚ ਕੇਸ ਦਰਜ
ਵਾਹਨ ਚੋਰੀ ਕਰਨ ਦੇ ਦੋਸ਼ ਵਿਚ ਕੇਸ ਦਰਜ
Publish Date: Sun, 08 Mar 2026 04:21 PM (IST)
Updated Date: Mon, 09 Mar 2026 04:00 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸ਼ਹਿਰ ਤੇ ਆਲੇ-ਦੁਆਲੇ ਦੇ ਇਲਾਕਿਆਂ ’ਚ ਵਾਹਨ ਚੋਰੀ ਦੇ ਕਈ ਮਾਮਲੇ ਸਾਹਮਣੇ ਆਏ ਹਨ। ਪੁਲਿਸ ਨੇ ਵੱਖ-ਵੱਖ ਥਾਣਿਆਂ ’ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਜਦਕਿ ਚੋਰੀ ਦੇ ਮੋਟਰਸਾਈਕਲ ਵੇਚਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਪਹਿਲੇ ਮਾਮਲੇ ’ਚ ਗੁਰੂ ਨਾਨਕਪੁਰਾ ਬਠਿੰਡਾ ਇਲਾਕੇ ’ਚ ਇਕ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਹੋ ਗਿਆ। ਥਾਣਾ ਕੋਤਵਾਲੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਕਰਮਜੀਤ ਸਿੰਘ ਨੇ ਦੱਸਿਆ ਕਿ 3 ਮਾਰਚ ਦੀ ਰਾਤ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੇ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਕਰ ਲਿਆ। ਇਸੇ ਤਰ੍ਹਾਂ ਮਾਡਲ ਟਾਊਨ ਬਠਿੰਡਾ ਦੇ ਇਲਾਕੇ ’ਚ ਇਕ ਘਰ ਦੇ ਬਾਹਰੋਂ ਆਟੋ ਰਿਕਸ਼ਾ ਚੋਰੀ ਹੋ ਗਿਆ। ਥਾਣਾ ਸਿਵਲ ਲਾਈਨ ਬਠਿੰਡਾ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਆਟੋ ਰਿਕਸ਼ਾ ਚਲਾਉਂਦਾ ਹੈ ਅਤੇ 7 ਮਾਰਚ ਦੀ ਰਾਤ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦਾ ਆਟੋ ਰਿਕਸ਼ਾ ਚੋਰੀ ਕਰ ਲਿਆ। ਤਲਵੰਡੀ ਸਾਬੋਂ ਦੇ ਕੋਰਟ ਕੰਪਲੈਕਸ ਦੇ ਬਾਹਰੋਂ ਵੀ ਇਕ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਤਲਵੰਡੀ ਸਾਬੋਂ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਕ੍ਰਿਸ਼ਨਾ ਲਾਲ ਵਾਸੀ ਡਬਵਾਲੀ ਨੇ ਦੱਸਿਆ ਕਿ 7 ਮਾਰਚ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦਾ ਮੋਟਰਸਾਈਕਲ ਕੋਰਟ ਕੰਪਲੈਕਸ ਦੇ ਬਾਹਰੋਂ ਚੋਰੀ ਕਰ ਲਿਆ। ਪੁਲਿਸ ਨੇ ਉਕਤ ਸਾਰੇ ਮਾਮਲਿਆਂ ’ਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਸਦਰ ਰਾਮਪੁਰਾ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਵਾਲੇ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਗੁਪਤ ਸੂਚਨਾ ਦੇ ਆਧਾਰ ‘ਤੇ ਪਿੰਡ ਜੇਠੂਕੇ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੂੰ ਚੋਰੀ ਦੇ ਇਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।