ਕਣਕ ਦੀ ਸਰਕਾਰੀ ਖ਼ਰੀਦ ਅੱਜ ਤੋਂ ਸ਼ੁਰੂ, ਆੜ੍ਹਤੀਆਂ ਦੀ ਹੜਤਾਲ ਕਾਰਨ ਖ਼ਰੀਦ ਹੋ ਸਕਦੀ ਹੈ ਪ੍ਰਭਾਵਿਤ
---ਜ਼ਿਲ੍ਹੇ ਅੰਦਰ ਅੱਜ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ, ਆੜ੍ਹਤੀਆਂ ਦੀ ਹੜਤਾਲ ਕਾਰਨ ਖਰੀਦ ਹੋ ਸਕਦੀ ਹੈ ਪ੍ਰਭਾਵਿਤ
Publish Date: Tue, 31 Mar 2026 05:48 PM (IST)
Updated Date: Wed, 01 Apr 2026 04:07 AM (IST)

-200 ਦਾਣਾ ਮੰਡੀਆਂ ਤੇ ਕੇਂਦਰਾਂ ’ਚ ਹੋਵੇਗੀ ਖ਼ਰੀਦ, ਅਪ੍ਰੈਲ ਦੇ ਦੂਜੇ ਹਫ਼ਤੇ ਤਕ ਫ਼ਸਲ ਮੰਡੀਆਂ ’ਚ ਆਉਣ ਦੀ ਸੰਭਾਵਨਾ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਵਿੱਚ ਅੱਜ ਤੋਂ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂ ਹੋ ਗਈ ਹੈ, ਪਰ ਦੂਜੇ ਪਾਸੇ ਆੜ੍ਹਤੀਆਂ ਨੇ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ ਹੈ, ਜਿਸ ਕਾਰਨ ਖਰੀਦ ਪ੍ਰਭਾਵਿਤ ਹੋ ਸਕਦੀ ਹੈ। ਦੂਜੇ ਪਾਸੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੇ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਦਾਅਵਾ ਕੀਤਾ ਹੈ। ਮੌਸਮ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ। ਅਧਿਕਾਰੀਆਂ ਮੁਤਾਬਕ ਅਪ੍ਰੈਲ ਦੇ ਦੂਜੇ ਹਫ਼ਤੇ ਤਕ ਕਣਕ ਦੀ ਫਸਲ ਮੰਡੀਆਂ ਵਿੱਚ ਆਉਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਖਰੀਦ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਆਵੇਗੀ। ਜ਼ਿਲ੍ਹੇ ਅੰਦਰ ਵਿਸਾਖੀ ਮੇਲੇ ਤੋਂ ਬਾਅਦ ਹੀ ਜ਼ਿਆਦਾਤਰ ਕਣਕ ਦੀ ਫ਼ਸਲ ਮੰਡੀਆਂ ’ਚ ਪੁੱਜਦੀ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹੇ ਦੀਆਂ 10 ਮਾਰਕਿਟ ਕਮੇਟੀਆਂ ਦੇ ਅਧੀਨ ਲਗਭਗ 200 ਦਾਣਾ ਮੰਡੀਆਂ ਅਤੇ ਪੇਂਡੂ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਕੀਤੀ ਜਾਵੇਗੀ। ਇਸ ਨਾਲ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਹ ਨੇੜਲੀ ਮੰਡੀ ਵਿੱਚ ਹੀ ਆਪਣੀ ਉਪਜ ਵੇਚ ਸਕਣ। ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ 75 ਅਸਥਾਈ ਮੰਡੀਆਂ ਬਣਾਉਣ ਲਈ ਸਰਕਾਰ ਨੂੰ ਮਨਜ਼ੂਰੀ ਲਈ ਪੱਤਰ ਵੀ ਭੇਜਿਆ ਗਿਆ ਹੈ। ਜੇਕਰ ਮਨਜ਼ੂਰੀ ਮਿਲਦੀ ਹੈ ਤਾਂ ਕੁੱਲ 275 ਦਾਣਾ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿਚ ਕਣਕ ਦੀ ਵਿਕਰੀ ਹੋ ਸਕੇਗੀ। ਪਿਛਲੇ ਸਾਲ ਦੇ ਅੰਕੜਿਆਂ ਨੂੰ ਦੇਖਿਆ ਜਾਵੇ ਤਾਂ ਜ਼ਿਲ੍ਹੇ ਵਿੱਚ ਕਰੀਬ 8.91 ਲੱਖ ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਸੀ। ਇਸ ਵਾਰ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ 9 ਲੱਖ ਮੀਟਰਕ ਟਨ ਤੋਂ ਵੱਧ ਕਣਕ ਮੰਡੀਆਂ ਵਿੱਚ ਆ ਸਕਦੀ ਹੈ। ਵਧਦੀ ਉਪਜ ਤੇ ਮੌਸਮੀ ਹਾਲਾਤ ਨੂੰ ਧਿਆਨ ’ਚ ਰੱਖਦੇ ਹੋਏ ਪ੍ਰਸ਼ਾਸਨ ਪਹਿਲਾਂ ਹੀ ਚੌਕਸ ਹੈ ਅਤੇ ਹਰ ਤਰ੍ਹਾਂ ਦੇ ਇੰਤਜ਼ਾਮ ਕਰ ਰਿਹਾ ਹੈ। ਜ਼ਿਲ੍ਹਾ ਮੰਡੀ ਅਫਸਰ ਗੌਰਵ ਗਰਗ ਦਾ ਕਹਿਣਾ ਹੈ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਲਈ ਸੁਵਿਧਾਵਾਂ ਦਾ ਵੀ ਖਾਸ ਧਿਆਨ ਰੱਖਿਆ ਗਿਆ ਹੈ। ਮੰਡੀਆਂ ’ਚ ਸਫ਼ਾਈ ਦੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਸਾਫ਼-ਸੁਥਰਾ ਮਾਹੌਲ ਮਿਲ ਸਕੇ। ਇਸ ਦੇ ਨਾਲ ਹੀ ਬਿਜਲੀ ਦੀ ਪੂਰੀ ਵਿਵਸਥਾ ਕੀਤੀ ਗਈ ਹੈ, ਤਾਂ ਜੋ ਰਾਤ ਸਮੇਂ ਵੀ ਕੰਮ ’ਚ ਰੁਕਾਵਟ ਨਾ ਆਵੇ। ਪਾਵਰਕਾਮ ਤੋਂ ਦਾਣਾ ਮੰਡੀਆਂ ਵਿਚ ਆਰਜ਼ੀ ਬਿਜਲੀ ਕੁਨੈਕਸ਼ਨ ਲਏ ਗਏ ਹਨ। ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਪਖਾਨਿਆਂ ਦੀ ਵਿਵਸਥਾ ਕੀਤੀ ਗਈ ਹੈ ਅਤੇ ਪੀਣ ਵਾਲੇ ਸਾਫ਼ ਪਾਣੀ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ। ਗਰਮੀ ਦੇ ਮੌਸਮ ਨੂੰ ਧਿਆਨ ’ਚ ਰੱਖਦੇ ਹੋਏ ਛਾਂ ਦੇ ਪ੍ਰਬੰਧ ਵੀ ਕੀਤੇ ਹਨ, ਤਾਂ ਜੋ ਕਿਸਾਨ ਧੁੱਪ ਤੋਂ ਬਚ ਸਕਣ। ਅਚਾਨਕ ਮੀਂਹ ਤੋਂ ਕਣਕ ਦੀ ਫਸਲ ਨੂੰ ਬਚਾਉਣ ਲਈ ਤਰਪਾਲਾਂ ਦਾ ਵੀ ਪ੍ਰਬੰਧ ਕੀਤਾ ਹੈ। ਕਣਕ ਦੀ ਖਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁਚਾਰੂ ਢੰਗ ਨਾਲ ਚਲਾਇਆ ਜਾਵੇਗਾ। ਕਿਸਾਨਾਂ ਨੂੰ ਸਮੇਂ ‘ਤੇ ਭੁਗਤਾਨ ਕਰਨ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਆਰਥਿਕ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। -ਬਾਕਸ- -ਆੜ੍ਹਤੀਆਂ ਵੱਲੋਂ ਹੜਤਾਲ ਦਾ ਐਲਾਨ, ਖਰੀਦ ’ਤੇ ਅਸਰ ਪੈਣ ਦੇ ਆਸਾਰ ਜ਼ਿਲ੍ਹੇ ਵਿੱਚ ਕਣਕ ਦੀ ਸਰਕਾਰੀ ਖਰੀਦ ਦੇ ਮੌਸਮ ਦੌਰਾਨ ਆੜ੍ਹਤੀਆਂ ਵੱਲੋਂ ਹੜਤਾਲ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਨਾਲ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣ ਗਈ ਹੈ। ਆੜ੍ਹਤੀਆਂ ਦੇ ਇਸ ਫੈਸਲੇ ਨਾਲ ਕਿਸਾਨਾਂ ਵਿੱਚ ਵੀ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ, ਕਿਉਂਕਿ ਕਣਕ ਦੀ ਫਸਲ ਅਪ੍ਰੈਲ ਦੇ ਦੂਜੇ ਹਫ਼ਤੇ ਦਾਣਾ ਮੰਡੀਆਂ ’ਚ ਆਉਣੀ ਸ਼ੁਰੂ ਹੋ ਜਾਣੀ ਹੈ। ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸਤੀਸ਼ ਬੱਬੂ ਨੇ ਕਿਹਾ ਕਿ ਸਰਕਾਰ ਵੱਲੋਂ ਆੜ੍ਹਤ ਵਿੱਚ ਕੀਤੀ ਕਟੌਤੀ ਨੂੰ ਲੈ ਕੇ ਆੜ੍ਹਤੀ ਵਰਗ ਵਿਚ ਭਾਰੀ ਰੋਸ ਹੈ। ਪਹਿਲਾਂ ਆੜ੍ਹਤੀਆਂ ਨੂੰ 2.50 ਫੀਸਦੀ ਦੇ ਹਿਸਾਬ ਨਾਲ ਆੜ੍ਹਤ ਮਿਲਦੀ ਸੀ, ਜਿਸਨੂੰ ਘਟਾ ਕੇ ਸਾਲ 2019 ’ਚ 2 ਫੀਸਦੀ ਕੀਤਾ ਗਿਆ ਹੈ। ਇਸ ਫ਼ੈਸਲੇ ਨਾਲ ਆੜ੍ਹਤੀਆਂ ਦੀ ਆਮਦਨ ‘ਤੇ ਵੱਡਾ ਅਸਰ ਪਿਆ ਹੈ। ਪਹਿਲਾਂ ਪ੍ਰਤੀ ਕੁਇੰਟਲ ਕਣਕ ‘ਤੇ ਆੜ੍ਹਤ ਵਜੋਂ ਲਗਭਗ 64 ਰੁਪਏ ਮਿਲਦੇ ਸਨ, ਪਰ ਹੁਣ ਇਹ ਰਕਮ ਘਟ ਕੇ ਸਿਰਫ਼ 46 ਰੁਪਏ ਰਹਿ ਗਈ ਹੈ। ਉਨ੍ਹਾਂ ਅਨੁਸਾਰ ਇਹ ਕਟੌਤੀ ਨਾਜਾਇਜ਼ ਹੈ ਤੇ ਇਸ ਨਾਲ ਆੜ੍ਹਤੀਆਂ ਦੇ ਖਰਚੇ ਪੂਰੇ ਕਰਨਾ ਮੁਸ਼ਕਲ ਹੋ ਗਿਆ ਹੈ। ਇਸ ਕਾਰਨ ਉਨ੍ਹਾਂ ਨੇ ਇਕਜੁੱਟ ਹੋ ਕੇ ਹੜਤਾਲ ਕਰਨ ਦਾ ਫੈਸਲਾ ਲਿਆ ਹੈ। ਸਤੀਸ਼ ਬੱਬੂ ਨੇ ਸਪਸ਼ਟ ਕੀਤਾ ਕਿ ਜੇਕਰ ਸਰਕਾਰ ਵੱਲੋਂ ਆੜ੍ਹਤ ਦੀ ਦਰ ਮੁੜ ਪਹਿਲਾਂ ਵਾਂਗ ਨਹੀਂ ਕੀਤੀ, ਤਾਂ ਆੜ੍ਹਤੀ ਕਣਕ ਦੀ ਖਰੀਦ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਇਹ ਫੈਸਲਾ ਮਜਬੂਰੀ ਵਿੱਚ ਲਿਆ ਗਿਆ ਹੈ ਤੇ ਉਹ ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਜਾਰੀ ਰੱਖਣਗੇ। ਦੂਜੇ ਪਾਸੇ ਇਸ ਹੜਤਾਲ ਦੇ ਐਲਾਨ ਨਾਲ ਮੰਡੀਆਂ ’ਚ ਆਉਣ ਵਾਲੇ ਕਿਸਾਨਾਂ ਲਈ ਮੁਸ਼ਕਲਾਂ ਖੜ੍ਹੀਆਂ ਹੋ ਸਕਦੀਆਂ ਹਨ। ਜੇਕਰ ਖਰੀਦ ਪ੍ਰਕਿਰਿਆ ਰੁਕਦੀ ਹੈ ਤਾਂ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਦੇਰੀ ਹੋ ਸਕਦੀ ਹੈ, ਜਿਸ ਨਾਲ ਉਨ੍ਹਾਂ ਨੂੰ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ।