- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਹਿਲਾ ਕਮਿਸ਼ਨ ਔਰਤਾਂ ਦੀਆਂ ਸਮੱਸਿਆਵਾਂ ਦੇ ਹੱਲ ’ਤੇ ਨਿਰਪੱਖ ਜਾਂਚ ਕਰਨ ਲਈ ਵਚਨਬੱਧ: ਰਾਜ ਲਾਲੀ ਗਿੱਲ

-ਕਿਹਾ, 50 ਫ਼ੀਸਦੀ ਕੇਸਾਂ ਦਾ ਮੌਕੇ ’ਤੇ ਕੀਤਾ ਜਾ ਰਿਹੈ ਨਿਪਟਾਰਾ
ਸਟਾਫ਼ ਰਿਪੋਰਟਰ , ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਸਥਾਨਕ ਪੁਲਿਸ ਮੀਟਿੰਗ ਹਾਲ ਵਿਖੇ ਲੋਕ ਅਦਾਲਤ ਲਗਾ ਕੇ ਮਹਿਲਾਵਾਂ ਦੀਆਂ ਮੁਸ਼ਕਲਾਂ ਸੁਣੀਆਂ।ਇਸ ਲੋਕ ਅਦਾਲਤ ਦੌਰਾਨ 35 ਕੇਸਾਂ ਦੀ ਸੁਣਵਾਈ ਕੀਤੀ ਗਈ, ਜਿਸ ਵਿਚੋਂ 20 ਕੇਸ ਮੌਕੇ ’ਤੇ ਹੀ ਪ੍ਰਾਪਤ ਹੋਈਆਂ ਸਨ। ਇਨ੍ਹਾਂ ਵਿਚੋਂ 50 ਫੀਸਦੀ ਕੇਸਾਂ ਦਾ ਨਿਪਟਾਰਾ ਮੌਕੇ ਉੱਤੇ ਹੀ ਕਰ ਦਿੱਤਾ ਗਿਆ। ਬਾਕੀ ਕੇਸਾਂ ਲਈ ਸਬੰਧਤ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਉਚਿਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਮਹਿਲਾ ਕਮਿਸ਼ਨ ਦੇ ਚੇਅਰਪਰਸਨ ਨੇ ਇਨ੍ਹਾਂ ਕੇਸਾਂ ਦੀ ਸੁਣਵਾਈ ਕਰਦਿਆਂ ਜਾਂਚ ਅਧਿਕਾਰੀਆਂ ਨੂੰ ਕਾਨੂੰਨੀ ਦਾਇਰੇ ਵਿਚ ਰਹਿੰਦਿਆਂ ਜਲਦ ਤੋਂ ਜਲਦ ਜਾਂਚ ਮੁਕੰਮਲ ਕਰਨ ਦੇ ਹੁਕਮ ਦਿੱਤੇ । ਉਨ੍ਹਾਂ ਹਦਾਇਤ ਕੀਤੀ ਕਿ ਪੀੜਤ ਧਿਰਾਂ ਨੂੰ ਇਨਸਾਫ਼ ਦਿਵਾਉਣਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਮਹਿਲਾ ਕਮਿਸ਼ਨ ਹਰੇਕ ਜ਼ਿਲ੍ਹੇ ਅੰਦਰ ਜਾ ਕੇ ਔਰਤਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਲੋਕ ਅਦਾਲਤ ਲਗਾ ਰਿਹਾ ਹੈ। ਹਰ ਇਕ ਪੀੜਤ ਮਹਿਲਾ ਮੋਹਾਲੀ ਵਿਖੇ ਸਥਿਤ ਮਹਿਲਾ ਕਮਿਸ਼ਨ ਦੇ ਦਫ਼ਤਰ ਵਿਖੇ ਨਹੀਂ ਪੁੱਜ ਸਕਦੀ, ਜਿਸ ਕਾਰਨ ਹੁਣ ਕਮਿਸ਼ਨ ਵੱਲੋਂ ਜ਼ਿਲ੍ਹਾ ਪੱਧਰ ’ਤੇ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਕਈ ਸਮੱਸਿਆਵਾਂ ਦਾ ਮੌਕੇ ਉੱਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਜਿੱਥੇ ਦੋਸ਼ੀਆਂ ਖਿਲਾਫ ਕਾਰਵਾਈ ਯਕੀਨੀ ਬਣਾਈ ਜਾਂਦੀ ਹੈ, ਉੱਥੇ ਇਹ ਵੀ ਕੋਸ਼ਿਸ਼ ਹੈ ਕਿ ਪਤੀ-ਪਤਨੀ ਦੇ ਝਗੜਿਆਂ ਦਾ ਕੋਈ ਸਾਰਥਕ ਹੱਲ ਨਿਕਲੇ ਅਤੇ ਗੱਲ ਤਲਾਕ ਤਕ ਨਾ ਜਾਵੇ।
ਉਨ੍ਹਾਂ ਕਿਹਾ ਕਿ ਕੋਈ ਵੀ ਪੀੜਤ ਔਰਤ ਕਮਿਸ਼ਨ ਤੱਕ ਪਹੁੰਚ ਕਰ ਸਕਦੀ ਹੈ। ਇਸ ਤੋਂ ਬਿਨਾਂ ਆਪਣੇ ਸਬੰਧਤ ਜ਼ਿਲ੍ਹੇ ਦੇ ਮਹਿਲਾ ਸੈੱਲ ਵਿਚ ਵੀ ਅਰਜ਼ੀ ਦਿੱਤੀ ਜਾਵੇ ਅਤੇ ਉਸਦੀ ਨਕਲ ਕਮਿਸ਼ਨ ਕੋਲ ਭੇਜ ਦਿੱਤੀ ਜਾਵੇ ਤਾਂ ਕਮਿਸ਼ਨ ਸ਼ਿਕਾਇਤ ’ਤੇ ਜਲਦੀ ਕਾਰਵਾਈ ਕਰਵਾਉਣੀ ਯਕੀਨੀ ਬਣਾਉਂਦਾ ਹੈ। ਉਨ੍ਹਾਂ ਦੱਸਿਆ ਕਿ ਅੱਜ ਵਿਆਹ ਸਬੰਧਾਂ, ਦਾਜ, ਕੁੜੀਆਂ ਅਤੇ ਔਰਤਾਂ ਦਾ ਸ਼ੋਸ਼ਣ, ਲਿਵ ਇਨ ਰਿਲੇਸ਼ਨ, ਘਰੇਲੂ ਮਾਰ-ਕੁੱਟ ਆਦਿ ਨਾਲ ਸਬੰਧਤ ਮਾਮਲੇ ਉਨ੍ਹਾਂ ਕੋਲ ਪੁੱਜੇ ਸਨ। ਇਸ ਮੌਕੇ ਉਨਾਂ ਨੇ ਸਮਾਜ ਨੂੰ ਅਪੀਲ ਕੀਤੀ ਕਿ ਛੋਟੀਆਂ-ਛੋਟੀਆਂ ਗੱਲਾਂ ਨਾਲ ਰਿਸ਼ਤਿਆਂ ਵਿੱਚ ਵਿਗਾੜ ਨਾ ਪਾਇਆ ਜਾਵੇ ਅਤੇ ਪਰਿਵਾਰਕ ਇਕਾਈ ਦੇ ਮਹੱਤਵ ਨੂੰ ਸਮਝਦਿਆਂ ਇਕ ਚੰਗੇ ਸਮਾਜ ਦੀ ਸਿਰਜਣਾ ਵਿਚ ਅਹਿਮ ਯੋਗਦਾਨ ਪਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਇਸ ਦੌਰਾਨ ਸੁਣਵਾਈ ਕਰਦਿਆਂ ਵੱਖ-ਵੱਖ ਮਾਮਲਿਆਂ ਵਿਚ ਪੁਲਿਸ ਵਿਭਾਗ ਨੂੰ ਜਾਂਚ ਜਲਦ ਤੋਂ ਜਲਦ ਮੁਕੰਮਲ ਕਰਨ ਦੀਆਂ ਸਖ਼ਤ ਹਦਾਇਤਾਂ ਵੀ ਦਿੱਤੀਆਂ। ਇਸ ਮੌਕੇ ਸਿਵਿਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ।