ਨੌਜਵਾਨ ਦੀ ਗ੍ਰਿਫਤਾਰੀ ਦੇ ਵਿਰੋਧ ’ਚ ਕਿਸਾਨਾਂ ਨੇ ਘੇਰਿਆ ਥਾਣਾ
ਨੌਜਵਾਨ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਕਿਸਾਨਾਂ ਨੇ ਘੇਰਿਆ ਥਾਣਾ
Publish Date: Sun, 01 Mar 2026 06:48 PM (IST)
Updated Date: Mon, 02 Mar 2026 04:11 AM (IST)

ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ, ਮੌੜ ਮੰਡੀ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਤੇ ਵਰਕਰਾਂ ਨੇ ਕਿਸਾਨ ਨੌਜਵਾਨ ਨੂੰ ਨਾਜਾਇਜ਼ ਤੌਰ ’ਤੇ ਹਿਰਾਸਤ ’ਚ ਲਏ ਜਾਣ ਦੇ ਵਿਰੋਧ ’ਚ ਮੌੜ ਥਾਣੇ ਦਾ ਘਿਰਾਓ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ ਜਨਰਲ ਸਕੱਤਰ ਬਲਾਕ ਮਾਨਸਾ ਨੇ ਦੱਸਿਆ ਕਿ ਸਰਕਾਰ ਦੀ ਸ਼ਹਿ ’ਤੇ ਚਲਦਿਆਂ ਪੰਜਾਬ ਪੁਲਿਸ ਕਿਸਾਨ ਯੂਨੀਅਨਾਂ ਨੂੰ ਖ਼ਤਮ ਕਰਨ ਦੇ ਇਰਾਦੇ ਨਾਲ ਕਿਸਾਨ ਯੂਨੀਅਨ ਦੇ ਵਰਕਰਾਂ ਨੂੰ ਨਾਜਾਇਜ਼ ਤੌਰ ’ਤੇ ਹਿਰਾਸਤ ’ਚ ਲੈ ਕੇ ਉਨ੍ਹਾਂ ਦਾ ਭਵਿੱਖ ਖਰਾਬ ਕਰਨ ’ਤੇ ਤੁਲੀ ਹੋਈ ਹੈ। 11 ਮਹੀਨੇ ਪੁਰਾਣੇ ਲੜਾਈ ਝਗੜੇ ਦੇ ਕੇਸ ਵਿੱਚ ਢਿੱਲਵਾਂ ਬੁਰਜ ਦੇ ਨੌਜਵਾਨ ਨੂੰ ਸਿਆਸੀ ਸ਼ਹਿ ’ਤੇ ਬਿਨਾਂ ਕਾਰਨ ਹਿਰਾਸਤ ’ਚ ਲੈ ਕੇ ਉਸ ਦਾ ਭਵਿੱਖ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਗ੍ਰਿਫ਼ਤਾਰ ਕੀਤੇ ਨੌਜਵਾਨ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਤੇ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਥਾਣਾ ਮੌੜ ਦੇ ਮੁਖੀ ਤਰੁਨਦੀਪ ਸਿੰਘ ਨੇ ਦੱਸਿਆ ਕਿ ਢਿੱਲਵਾਂ ਬੁਰਜ ਦੇ ਕਮਲਪ੍ਰੀਤ ਸਿੰਘ ’ਤੇ ਕਾਨੂੰਨ ਤਹਿਤ ਕਾਰਵਾਈ ਕੀਤੀ ਗਈ ਹੈ। ਇਸ ਮੌਕੇ ਭਾਕਿਯੂ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਰਾਜਮਹਿੰਦਰ ਕੋਟਭਾਰਾ, ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਮਹਿੰਦਰ ਸਿੰਘ ਭੈਣੀ ਬਾਘਾ, ਹਰਦੇਵ ਸਿੰਘ ਬੁਰਜ ਰਾਠੀ ਬਲਾਕ ਪ੍ਰਧਾਨ ਮਾਨਸਾ, ਨਿਰਮਲ ਸਿੰਘ, ਅਵਤਾਰ ਸਿੰਘ ਖਜਾਨਚੀ ਜ਼ਿਲ੍ਹਾ ਬਠਿੰਡਾ, ਕੁਲਦੀਪ ਸਿੰਘ, ਲਾਭ ਸਿੰਘ, ਜਰਨੈਲ ਸਿੰਘ, ਅਮਰੀਕ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਕਿਸਾਨ ਯੂਨੀਅਨ ਦੇ ਵਰਕਰ ਮੌਜੂਦ ਸਨ।