- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਆਪ ਦੀ ਵੱਡੀ ਰੈਲੀ 16 ਫਰਵਰੀ ਨੂੰ ਮੋਗਾ ਵਿੱਚ, ਕੇਜਰੀਵਾਲ ਤੇ ਮੁੱਖ ਮੰਤਰੀ ਮਾਨ ਕਰਨਗੇ ਸੰਬੋਧਨ

-ਮੋਗਾ ਵਿਖੇ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਾਜ਼ਰੀਨ ਨੂੰ ਕਰਨਗੇ ਸੰਬੋਧਨ
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚਲ ਰਹੇ ਸੂਬਾ ਪੱਧਰੀ ਅਭਿਆਨ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਆਮ ਆਦਮੀ ਪਾਰਟੀ ਵੱਲੋਂ 16 ਫਰਵਰੀ ਨੂੰ ਮੋਗਾ ਵਿੱਚ ਇਕ ਵੱਡੀ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਰੈਲੀ ਵਿੱਚ ‘ਆਪ’ ਦੇ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਾਸ ਤੌਰ ’ਤੇ ਸ਼ਾਮਲ ਹੋ ਕੇ ਲੋਕਾਂ ਨੂੰ ਸੰਬੋਧਨ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰ ਜਤਿੰਦਰ ਸਿੰਘ ਭੱਲਾ ਨੇ ਦੱਸਿਆ ਕਿ ਇਹ ਰੈਲੀ ਇਕੱਠ ਅਤੇ ਲੋਕਾਂ ਦੀ ਸ਼ਮੂਲੀਅਤ ਦੇ ਪੱਖੋਂ ਇਤਿਹਾਸਕ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਮੋਗਾ ਹੀ ਨਹੀਂ, ਸਗੋਂ ਆਸ-ਪਾਸ ਦੇ ਜ਼ਿਲ੍ਹਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਲੋਕ ਰੈਲੀ ਵਿੱਚ ਸ਼ਮੂਲਤ ਕਰਨ ਲਈ ਪਹੁੰਚਣਗੇ।
ਜਤਿੰਦਰ ਸਿੰਘ ਭੱਲਾ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਲੜਾਈ ‘ਆਪ’ ਦੀ ਪਹਿਲ ਹੈ ਅਤੇ ਮੌਜੂਦਾ ਪੰਜਾਬ ਸਰਕਾਰ ਇਸ ਮਸਲੇ ’ਤੇ ਬਿਨਾਂ ਕਿਸੇ ਦਬਾਅ ਦੇ ਕਾਰਵਾਈ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਅੰਦਰ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਵੱਡੇ ਪੱਧਰ ’ਤੇ ਤੋੜਿਆ ਗਿਆ ਹੈ, ਜਿਸ ਕਾਰਨ ਨਸ਼ਿਆਂ ਦੀ ਉਪਲਬਧਤਾ ਕਾਫ਼ੀ ਘਟੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨਾਲ ਜੁੜੇ ਕਈ ਵੱਡੇ ਤਸਕਰ ਪੁਲਿਸ ਦੀ ਗ੍ਰਿਫ਼ਤ ਵਿੱਚ ਆਏ ਹਨ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਵਰਗੇ ਸਖ਼ਤ ਕਦਮ ਚੁੱਕੇ ਗਏ ਹਨ। ਇਸ ਦੇ ਨਾਲ ਹੀ ਗੈਂਗਸਟਰਾਂ ਖ਼ਿਲਾਫ਼ ਸ਼ੁਰੂ ਕੀਤਾ ਗਿਆ ‘ਅਭਿਆਨ ਪ੍ਰਹਾਰ’ ਵੀ ਕਾਮਯਾਬੀ ਨਾਲ ਅੱਗੇ ਵੱਧ ਰਿਹਾ ਹੈ, ਜਿਸ ਦੇ ਸਕਾਰਾਤਮਕ ਨਤੀਜੇ ਹੁਣ ਜ਼ਮੀਨੀ ਪੱਧਰ ’ਤੇ ਨਜ਼ਰ ਆ ਰਹੇ ਹਨ।
ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਨਸ਼ਿਆਂ ਦੇ ਨਾਲ-ਨਾਲ ਅਪਰਾਧ ’ਤੇ ਨਕੇਲ ਕਸਣ ਲਈ ਸਰਕਾਰ ਨੇ ਪੁਲਿਸ ਪ੍ਰਸ਼ਾਸਨ ਨੂੰ ਪੂਰੀ ਛੂਟ ਦਿੱਤੀ ਹੈ। ਇਸ ਕਾਰਨ ਗੈਂਗਸਟਰ ਸਭਿਆਚਾਰ ’ਤੇ ਵੱਡੀ ਹੱਦ ਤਕ ਕਾਬੂ ਪਾਇਆ ਗਿਆ ਹੈ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਹੋਈ ਹੈ। ਭੱਲਾ ਨੇ ਦੱਸਿਆ ਕਿ ਰੈਲੀ ਦੀ ਤਿਆਰੀਆਂ ਜੋਰਾਂ ’ਤੇ ਹਨ ਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਇਸ ਮੌਕੇ ਹਾਜ਼ਰ ਰਹੇਗੀ। ਰੈਲੀ ਨੂੰ ਲੈ ਕੇ ਵਰਕਰਾਂ ਤੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਪਿੰਡ ਪੱਧਰ ਤੋਂ ਲੈ ਕੇ ਸ਼ਹਿਰੀ ਇਲਾਕਿਆਂ ਤਕ ਲੋਕਾਂ ਨੂੰ ਰੈਲੀ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਰਾਹੀਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਸੁਨੇਹਾ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਸਰਕਾਰ ਦੇ ਨਾਲ ਖੜ੍ਹ ਕੇ ਇਸ ਲੜਾਈ ਨੂੰ ਅੰਜਾਮ ਤਕ ਪਹੁੰਚਾਉਣ ਦੀ ਅਪੀਲ ਕੀਤੀ ਜਾਵੇਗੀ। ‘ਆਪ’ ਦਾ ਮੰਨਣਾ ਹੈ ਕਿ ਜਦੋਂ ਤਕ ਸਮਾਜ ਤੇ ਸਰਕਾਰ ਮਿਲ ਕੇ ਕੰਮ ਨਹੀਂ ਕਰਦੇ, ਤਦ ਤਕ ਨਸ਼ਿਆਂ ਵਰਗੀ ਸਮੱਸਿਆ ਦਾ ਪੂਰਨ ਖ਼ਾਤਮਾ ਸੰਭਵ ਨਹੀਂ।