- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਮਾਨ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਨੂੰ ਲੋਕ ਲਹਿਰ ਵਿਚ ਬਦਲਣ ਸਬੰਧੀ ਕੀਤੀ ਅਪੀਲ

-ਕਿਹਾ, ਪਿਛਲੀਆਂ ਸਰਕਾਰਾਂ ਵੱਲੋਂ ਨਸ਼ਾ ਤਸਕਰੀ ਨੂੰ ਸਿਆਸੀ ਸੁਰੱਖਿਆ ਮਿਲੀ ਸੀ, ਜਦਕਿ ਮੌਜੂਦਾ ਸਰਕਾਰ ਨੇ ਇਕ ਸਾਲ ’ਚ 28,000 ਨਸ਼ਾ ਤਸਕਰਾਂ ’ਤੇ ਦਰਜ ਕੀਤੇ ਕੇਸ
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਵਿਚ ਹੋਈ ਲੋਕ ਮਿਲਣੀ ਦੌਰਾਨ ਪਾਰਟੀ ਆਗੂਆਂ, ਵਰਕਰਾਂ ਅਤੇ ਕਾਡਰਾਂ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਨੂੰ ਇਕ ਲੋਕ ਲਹਿਰ ਵਿਚ ਬਦਲਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਫੈਸਲਾਕੁੰਨ ਜੰਗ ਦੀ ਅਗਵਾਈ ਕਰ ਰਿਹਾ ਹੈ ਅਤੇ ਇਸ ਮੁਹਿੰਮ ਦੇ ਸਕਾਰਾਤਮਕ ਨਤੀਜੇ ਜਲਦੀ ਸਾਹਮਣੇ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਨਸ਼ਿਆਂ ਦੀ ਜੜ੍ਹ ਨੂੰ ਖਤਮ ਕਰਨ ਦੇ ਉਦੇਸ਼ ਨਾਲ ਇਸ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਨਸ਼ਾ ਤਸਕਰੀ ਨੂੰ ਰਾਜਨੀਤਿਕ ਸੁਰੱਖਿਆ ਮਿਲੀ ਸੀ, ਜਦਕਿ ਮੌਜੂਦਾ ਸਰਕਾਰ ਨੇ ਪਿਛਲੇ ਇਕ ਸਾਲ ਵਿਚ 28,000 ਨਸ਼ਾ ਤਸਕਰਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਇਨ੍ਹਾਂ ਵਿੱਚੋਂ 88 ਫੀਸਦੀ ਮਾਮਲਿਆਂ ਵਿਚ ਦੋਸ਼ ਸਾਬਤ ਹੋਣਾ ਸਰਕਾਰ ਦੀ ਸਖਤ ਅਤੇ ਪਾਰਦਰਸ਼ੀ ਕਾਰਵਾਈ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਜ਼ੋਰ ਦਿੱਤਾ ਕਿ ਸਿਰਫ ਪੁਲਿਸ ਜਾਂ ਪ੍ਰਸ਼ਾਸਕੀ ਕਾਰਵਾਈ ਨਾਲ ਨਸ਼ਿਆਂ ਦੇ ਖਿਲਾਫ ਜੰਗ ਨਹੀਂ ਜਿੱਤੀ ਜਾ ਸਕਦੀ, ਇਸ ਲਈ ਜਨ ਭਾਗੀਦਾਰੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਧਦਾ ਉਤਸਾਹ ਇਹ ਦਰਸਾਉਂਦਾ ਹੈ ਕਿ ਪੰਜਾਬ ਨਸ਼ਾ ਮੁਕਤ ਬਣਨ ਵੱਲ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।
ਇਸ ਮੁਹਿੰਮ ਦਾ ਮੁੱਖ ਉਦੇਸ਼ ਆਉਣ ਵਾਲੀਆਂ ਪੀੜੀਆਂ ਨੂੰ ਨਸ਼ਿਆਂ ਦੇ ਨੁਕਸਾਨਾਂ ਤੋਂ ਬਚਾਉਣਾ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ, ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵੱਡੇ ਤਸਕਰਾਂ ਨੂੰ ਜੇਲ੍ਹ ਵਿਚ ਸੁੱਟ ਦਿੱਤਾ ਗਿਆ ਹੈ, ਨਸ਼ਾ ਪੀੜਤਾਂ ਲਈ ਇਲਾਜ ਅਤੇ ਮੁੜ ਵਸੇਬਾ ਯਕੀਨੀ ਬਣਾਇਆ ਗਿਆ ਹੈ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ 'ਤੇ ਬੁਲਡੋਜ਼ਰ ਚਲਾਏ ਗਏ ਹਨ। ਉਨ੍ਹਾਂ ਕਿਹਾ ਕਿ ਜਦ ਤਕ ਪੰਜਾਬ ਨਸ਼ਾ ਮੁਕਤ ਨਹੀਂ ਹੋ ਜਾਂਦਾ, ਇਹ ਮੁਹਿੰਮ ਜਾਰੀ ਰਹੇਗੀ। ਸਰਕਾਰ ਦੀਆਂ ਹੋਰ ਸਫਲਤਾਵਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਬੰਦ ਪਈਆਂ ਨਹਿਰਾਂ ਅਤੇ ਰਜਬਾਹਾਂ ਨੂੰ ਦੁਬਾਰਾ ਚਾਲੂ ਕੀਤਾ ਗਿਆ ਹੈ, ਕਿਸਾਨਾਂ ਨੂੰ ਦਿਨ ਵਿਚ ਬਿਜਲੀ ਮਿਲ ਰਹੀ ਹੈ ਅਤੇ ਸੂਬੇ ਦੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 61,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ ਸਰਕਾਰੀ ਨੌਕਰੀ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ 17 ਟੋਲ ਪਲਾਜ਼ਾ ਬੰਦ ਹੋਣ ਨਾਲ ਲੋਕਾਂ ਨੂੰ ਹਰ ਰੋਜ਼ ਲਗਭਗ 64 ਲੱਖ ਰੁਪਏ ਬੱਚਤ ਹੋ ਰਹੀ ਹੈ। ਸਿਹਤ ਖੇਤਰ ਵਿਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਮੁਫ਼ਤ ਇਲਾਜ ਅਤੇ ਦਵਾਈਆਂ ਮਿਲਦੀਆਂ ਹਨ। ਜਲਦ ਹੀ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਜਾਵੇਗੀ, ਜਿਸ ਦੇ ਤਹਿਤ 10 ਲੱਖ ਰੁਪਏ ਤਕ ਦਾ ਕੈਸ਼ਲੇਸ ਇਲਾਜ ਹੋਵੇਗਾ। ਸਿੱਖਿਆ ਖੇਤਰ ਵਿਚ ਕੀਤੇ ਗਏ ਸੁਧਾਰਾਂ ਦੇ ਬਾਰੇ ਮੁੱਖ ਮੰਤਰੀ ਨੇ ਦੱਸਿਆ ਕਿ 118 ਸਕੂਲ ਆਫ ਐਮੀਨੇਸ ਸਥਾਪਤ ਕੀਤੇ ਜਾ ਰਹੇ ਹਨ। ਇਹ ਸਕੂਲ ਦੇ ਵਿਦਿਆਰਥੀਆਂ ਨੇ ਜੇਈਈ, ਨੀਟ ਵਰਗੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਰਾਜ ਦਾ ਨਾਮ ਰੌਸ਼ਨ ਕੀਤਾ ਹੈ। ਇੰਝ ਹੀ ਸੜਕ ਸੁਰੱਖਿਆ ਫੋਰਸ ਦੀ ਦੇਸ਼ ਭਰ ਵਿਚ ਸਰਾਹਨਾ ਹੋ ਰਹੀ ਹੈ। ਅੰਤ ਵਿਚ ਮੁੱਖ ਮੰਤਰੀ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਨਾਲ ਜੋੜ ਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ, ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ।