ਨਸ਼ਿਆਂ ਖ਼ਿਲਾਫ਼ ਪੰਜਾਬ ਪੁਲਿਸ ਸਖ਼ਤ, ਨਸ਼ਾ ਵੇਚਣ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ : ਡੀਐੱਸਪੀ ਕਰਮਜੀਤ ਸਿੰਘ ਨਸ਼ਿਆਂ ਖ਼ਿਲਾਫ਼ ਪੰਜਾਬ ਪੁਲਿਸ ਸਖ਼ਤ, ਨਸ਼ਾ ਵੇਚਣ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ : ਡੀਐੱਸਪੀ ਕਰਮਜੀਤ ਸਿੰਘ
Publish Date: Wed, 07 Oct 2026 04:54 PM (IST)
Updated Date: Wed, 07 Oct 2026 04:56 PM (IST)
ਹਰਮੇਲ ਸਾਗਰ, ਪੰਜਾਬੀ ਜਾਗਰਣ ਭੁੱਚੋ ਮੰਡੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਇਸੇ ਤਹਿਤ ਭੁੱਚੋ ਮੰਡੀ ਵਿਚ ਨਸ਼ਿਆਂ ਦੀ ਰੋਕਥਾਮ ਲਈ ਤਾਇਨਾਤ ਡੀਐੱਸਪੀ ਕਰਮਜੀਤ ਸਿੰਘ ਅਤੇ ਭੁੱਚੋ ਪੁਲਿਸ ਚੌਕੀ ਦੇ ਇੰਚਾਰਜ ਐੱਸਆਈ ਗੁਰਪ੍ਰੀਤ ਸਿੰਘ ਵੱਲੋਂ ਦੇਰ ਰਾਤ ਮੰਡੀ ਦੇ ਵੱਖ-ਵੱਖ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੰਡੀ ਦੇ ਆਗੂਆਂ ਵੱਲੋਂ ਨਸ਼ਿਆਂ ਨਾਲ ਸਬੰਧਤ ਸਮੱਸਿਆਵਾਂ ਤੇ ਸ਼ਿਕਾਇਤਾਂ ਪੁਲਿਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ। ਡੀਐੱਸਪੀ ਕਰਮਜੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਵੱਲੋਂ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਨਸ਼ਾ ਛੱਡਣਾ ਚਾਹੁੰਦੇ ਹਨ, ਉਹ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਪ੍ਰਸ਼ਾਸਨ ਨਾਲ ਸੰਪਰਕ ਕਰਨ। ਨਸ਼ਾ ਛੱਡਣ ਦੇ ਚਾਹਵਾਨਾਂ ਦੀ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ ਤੇ ਉਨ੍ਹਾਂ ਨੂੰ ਨਸ਼ੇ ਦੀ ਲਤ ਤੋਂ ਬਾਹਰ ਕੱਢਣ ਲਈ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਮੰਡੀ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਜਾਂ ਕਿਸੇ ਵੀ ਸਮਾਜ ਵਿਰੋਧੀ ਗਤੀਵਿਧੀ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ। ਇਸ ਮੌਕੇ ਸੀਨੀਅਰ ਆਗੂ ਆਮ ਆਦਮੀ ਪਾਰਟੀ ਅਤੇ ਵਾਰਡ ਨੰਬਰ 1 ਦੇ ਐੱਮਸੀ ਪ੍ਰਿੰਸ ਗੋਲਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਭੁੱਚੋ ਮੰਡੀ ਵਿੱਚ ਵੀ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨਾਲ ਮਿਲ ਕੇ ਨਸ਼ਿਆਂ ਦੇ ਖ਼ਾਤਮੇ ਲਈ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਜਾਵੇਗੀ। ਪ੍ਰਿੰਸ ਗੋਲਨ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲਿਆਂ ਨੂੰ ਵੀ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਸਮੱਗਲਰਾਂ ਦੀ ਕਿਸੇ ਵੀ ਆਗੂ ਵੱਲੋਂ ਕਿਸੇ ਤਰ੍ਹਾਂ ਦੀ ਮਦਦ ਜਾਂ ਸਿਫ਼ਾਰਸ਼ ਨਹੀਂ ਕੀਤੀ ਜਾਵੇਗੀ। ਉਨ੍ਹਾਂ ਮੰਡੀ ਵਾਸੀਆਂ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਭੁੱਚੋ ਪੁਲਿਸ ਚੌਕੀ ਇੰਚਾਰਜ ਐੱਸਆਈ ਗੁਰਪ੍ਰੀਤ ਸਿੰਘ, ਰਾਜਵਿੰਦਰ ਸਿੰਘ ਰਾਜੂ ਬਲਾਕ ਪ੍ਰਧਾਨ, ਕੁਲਦੀਪ ਸਿੰਘ ਬਲਾਕ ਪ੍ਰਧਾਨ, ਨਵਦੀਪ ਲਵੀ ਖੁਰਮੀ, ਚੇਅਰਮੈਨ ਸਵਰਨਕਾਰ ਹਲਕਾ ਭੁੱਚੋ ਮੰਡੀ, ਦਰਸ਼ਨ ਕੁਮਾਰ ਦਰਸ਼ੀ ਚੇਅਰਮੈਨ ਟਰੇਡ ਵਿੰਗ ਹਲਕਾ ਭੁੱਚੋ ਮੰਡੀ, ਰਾਜਾ ਸਿੱਧੂ ਸਰਪੰਚ ਲਹਿਰਾਖਾਨਾ, ਗੁਰਦੀਪ ਉਪਲੀ, ਦਲਜੀਤ ਸਿੰਘ ਸਾਬਕਾ ਐੱਮਸੀ, ਸਨੀ ਸ਼ਰਮਾ, ਲਵਪ੍ਰੀਤ ਲੱਭੀ ਅਤੇ ਪ੍ਰਿੰਕਲ ਖੁਰਮੀ ਸਮੇਤ ਹੋਰ ਆਗੂ ਤੇ ਮੰਡੀ ਵਾਸੀ ਹਾਜ਼ਰ ਸਨ।