- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਪਾਰਟੀ ਦੀ ਚੜ੍ਹਦੀ ਕਲਾ, ਬੰਦੀ ਸਿੰਘਾਂ ਦੀ ਰਿਹਾਈ ਅਤੇ ਪਾਰਟੀ ਦੀ ਕਾਮਯਾਬੀ ਲਈ ਅਰਦਾਸ ਕੀਤੀ।

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਪਾਰਟੀ ਦੀ ਚੜ੍ਹਦੀ ਕਲਾ, ਬੰਦੀ ਸਿੰਘਾਂ ਦੀ ਰਿਹਾਈ ਅਤੇ ਪਾਰਟੀ ਦੀ ਕਾਮਯਾਬੀ ਲਈ ਅਰਦਾਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਵੀ ਗੱਲ ਕੀਤੀ।
ਅੰਮ੍ਰਿਤਪਾਲ ਸਿੰਘ ਵੱਲੋਂ ਦੋ ਹਲਕਿਆਂ ਤੋਂ ਚੋਣ ਲੜਨ ਬਾਰੇ ਤਰਸੇਮ ਸਿੰਘ ਨੇ ਕਿਹਾ ਕਿ ਉਹ ਦੋ ਹਲਕਿਆਂ ਤੋਂ ਚੋਣ ਲੜਨਗੇ, ਪਰ ਹਲਕਿਆਂ ਬਾਰੇ ਅਜੇ ਫ਼ੈਸਲਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਕਿਸੇ ਵੀ ਹਲਕੇ ਲਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਅਤੇ ਆਉਣ ਵਾਲੇ ਦਿਨਾਂ ’ਚ ਸਥਿਤੀ ਸਪੱਸ਼ਟ ਹੋਵੇਗੀ।
2027 ਦੀਆਂ ਚੋਣਾਂ ਬਾਰੇ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਸਾਰੀਆਂ ਸਿਆਸੀ ਪਾਰਟੀਆਂ ਦੀ ਕਾਰਗੁਜ਼ਾਰੀ ਤੋਂ ਜਾਣੂ ਹਨ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਵੱਡਾ ਫ਼ਤਵਾ ਦੇਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਲੋਕਾਂ ਦੇ ਸਮਰਥਨ ਨਾਲ ਪਾਰਟੀ ਸਰਕਾਰ ਬਣਾਏਗੀ ਅਤੇ ਜੇਲ੍ਹਾਂ ’ਚ ਬੰਦ ਸਿੱਖਾਂ ਦੀ ਰਿਹਾਈ ਲਈ ਯਤਨ ਕਰੇਗੀ।
ਹਲਕਾ ਤਲਵੰਡੀ ਸਾਬੋ ’ਚ ਮਨਦੀਪ ਸਿੰਘ ਸਿੱਧੂ ਨੂੰ ਹਲਕਾ ਇੰਚਾਰਜ ਲਗਾਏ ਜਾਣ ਬਾਰੇ ਪੁੱਛੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਉਹ ਸਿਰਫ਼ ਤਲਵੰਡੀ ਸਾਬੋ ਹੀ ਨਹੀਂ, ਸਗੋਂ ਸਮੁੱਚੇ ਪੰਜਾਬ ਦੇ ਲੋਕਾਂ ਨੂੰ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦੇ ਹਨ।
ਤਰਸੇਮ ਸਿੰਘ ਨੇ ਕਿਹਾ ਕਿ ਪਾਰਟੀ ਦਾ ਉਦੇਸ਼ ਪੰਜਾਬ ’ਚੋਂ ਨਸ਼ੇ ਖ਼ਤਮ ਕਰਨਾ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਅਤੇ ਸਿੱਖ ਕੌਮ ਨੂੰ ਚੜ੍ਹਦੀ ਕਲਾ ਵੱਲ ਲਿਜਾਣਾ ਹੈ। ਉਨ੍ਹਾਂ ਲੋਕਾਂ ਨੂੰ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਹਲਕਾ ਤਲਵੰਡੀ ਸਾਬੋ ਤੋਂ ਸੀਨੀਅਰ ਆਗੂ ਮਾਸਟਰ ਕੁਲਦੀਪ ਸਿੰਘ ਗੋਸਲ ਸਮੇਤ ਪਾਰਟੀ ਦੇ ਵਰਕਰ ਤੇ ਆਗੂ ਹਾਜ਼ਰ ਸਨ।