Punjab Roadways Strike : ਪੰਜਾਬ ਰੋਡਵੇਜ਼ ਮੁਲਾਜ਼ਮਾਂ ਨੇ ਹੜਤਾਲ ਦੀ ਦਿੱਤੀ ਚਿਤਾਵਨੀ, ਆਖਿਰ ਕਿਉਂ ਹਨ ਨਾਰਾਜ਼?
ਭੁੱਲਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ—ਸਾਰੇ ਰੂਟਾਂ 'ਤੇ ਸਰਕਾਰੀ ਬੱਸਾਂ ਚਲਾਉਣ ਅਤੇ ਨਿੱਜੀਕਰਨ ਖਤਮ ਕਰਨ ਦੇ—ਅੱਜ ਝੂਠੇ ਸਾਬਤ ਹੋ ਚੁੱਕੇ ਹਨ, ਕਿਉਂਕਿ ਸਰਕਾਰ ਕਿਲੋਮੀਟਰ ਸਕੀਮ ਤਹਿਤ ਬੱਸਾਂ ਦੇ ਟੈਂਡਰ ਲਿਆ ਕੇ ਟਰਾਂਸਪੋਰਟ ਵਿਭਾਗ ਦੇ ਨਿੱਜੀਕਰਨ ਵੱਲ ਵਧ ਰਹੀ ਹੈ।
Publish Date: Mon, 09 Feb 2026 04:00 PM (IST)
Updated Date: Mon, 09 Feb 2026 04:05 PM (IST)
ਜਾਗਰਣ ਸੰਵਾਦਦਾਤਾ, ਬਠਿੰਡਾ: ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ 'ਤੇ ਬਠਿੰਡਾ ਡਿਪੂ 'ਚ ਗੇਟ ਰੈਲੀ ਕੀਤੀ ਗਈ। ਸੂਬਾਈ ਆਗੂ ਸਰਬਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ (Punjab Government) ਨੌਜਵਾਨਾਂ ਨੂੰ ਰੁਜ਼ਗਾਰ ਦੇਣ 'ਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਉਲਟਾ ਪਿਛਲੇ 10-20 ਸਾਲਾਂ ਤੋਂ ਕੰਟਰੈਕਟ ਅਤੇ ਆਊਟਸੋਰਸਿੰਗ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ 'ਸਪੈਸ਼ਲ ਕੈਡਰ ਪਾਲਿਸੀ 2023' ਦੇ ਨਾਂ 'ਤੇ ਨਵੀਆਂ ਮੁਸ਼ਕਲਾਂ 'ਚ ਫਸਾਇਆ ਜਾ ਰਿਹਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਟਰਾਂਸਪੋਰਟ ਵਿਭਾਗ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹੱਲ ਕਰਨ 'ਚ ਨਾਕਾਮ ਸਾਬਤ ਹੋਈ ਹੈ। ਸਰਕਾਰ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਪੁਲਿਸ ਪ੍ਰਸ਼ਾਸਨ ਦਾ ਸਹਾਰਾ ਲੈ ਕੇ ਮੁਲਾਜ਼ਮਾਂ ਦੀ ਆਵਾਜ਼ ਦਬਾ ਰਹੀ ਹੈ। ਭੁੱਲਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ—ਸਾਰੇ ਰੂਟਾਂ 'ਤੇ ਸਰਕਾਰੀ ਬੱਸਾਂ ਚਲਾਉਣ ਅਤੇ ਨਿੱਜੀਕਰਨ ਖਤਮ ਕਰਨ ਦੇ—ਅੱਜ ਝੂਠੇ ਸਾਬਤ ਹੋ ਚੁੱਕੇ ਹਨ, ਕਿਉਂਕਿ ਸਰਕਾਰ ਕਿਲੋਮੀਟਰ ਸਕੀਮ ਤਹਿਤ ਬੱਸਾਂ ਦੇ ਟੈਂਡਰ ਲਿਆ ਕੇ ਟਰਾਂਸਪੋਰਟ ਵਿਭਾਗ ਦੇ ਨਿੱਜੀਕਰਨ ਵੱਲ ਵਧ ਰਹੀ ਹੈ।
ਯੂਨੀਅਨ ਆਗੂਆਂ ਨੇ ਦੱਸਿਆ ਕਿ ਅੰਦੋਲਨ ਦੌਰਾਨ ਕਈ ਮੁਲਾਜ਼ਮਾਂ ਤੇ ਆਗੂਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਖਿਲਾਫ ਗੰਭੀਰ ਧਾਰਾਵਾਂ ਲਗਾਈਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਜੇਲ੍ਹਾਂ 'ਚ ਬੰਦ ਕੀਤਾ ਗਿਆ ਹੈ। ਲਗਭਗ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਸਰਕਾਰ ਸਿਰਫ ਭਰੋਸਾ ਦੇ ਰਹੀ ਹੈ, ਪਰ ਰਿਹਾਈ ਨਹੀਂ ਕੀਤੀ ਜਾ ਰਹੀ।
ਡਿਪੂ ਪ੍ਰਧਾਨ ਹਰਤਾਰ ਸ਼ਰਮਾ ਸਮੇਤ ਹੋਰ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀ ਰਿਹਾਈ ਅਤੇ ਮੰਗਾਂ 'ਤੇ ਤੁਰੰਤ ਫੈਸਲਾ ਨਾ ਲਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ 11 ਫਰਵਰੀ ਨੂੰ ਦੁਪਹਿਰ ਤੋਂ ਸ਼ਾਮ ਤਕ ਬੱਸਾਂ ਬੰਦ ਕਰ ਕੇ ਹੜਤਾਲ ਕੀਤੀ ਜਾਵੇਗੀ ਤੇ 12 ਫਰਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਮੁਲਾਜ਼ਮਾਂ ਦੀ ਰਿਹਾਈ ਅਤੇ ਮੰਗਾਂ ਪੂਰੀਆਂ ਹੋਣ ਤਕ ਸੰਘਰਸ਼ ਜਾਰੀ ਰਹੇਗਾ।