‘ਪੰਜਾਬ ਯੂਥ ਰਨ’ ’ਚ 25 ਹਜ਼ਾਰ ਤੋਂ ਵੱਧ ਲੋਕਾਂ ਨੇ ਇੱਕੋ ਸਮੇਂ ਦੌੜ ਕੇ ਰਚਿਆ ਇਤਿਹਾਸ ਪੰਜਾਬ ਯੂਥ ਰਨ ਨੇ ਮੇਅਰ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਵਿੱਚ ਬਠਿੰਡਾ ’ਚ ਰਚਿਆ ਇਤਿਹਾਸ
Publish Date: Mon, 14 Sep 2026 05:41 PM (IST)
Updated Date: Mon, 14 Sep 2026 05:44 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਤੇ ਖੇਡਾਂ ਨਾਲ ਜੋੜਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਵਿੱਚ ਕਰਵਾਈ ਗਈ ‘ਪੰਜਾਬ ਯੂਥ ਰਨ’ ਵਿੱਚ 25 ਹਜ਼ਾਰ ਤੋਂ ਵੱਧ ਲੋਕਾਂ ਨੇ ਇੱਕੋ ਸਮੇਂ ਦੌੜ ਕੇ ਇਤਿਹਾਸ ਰਚ ਦਿੱਤਾ। 5 ਕਿਲੋਮੀਟਰ ਲੰਬੀ ਇਸ ਮੈਰਾਥਨ ਦੌਰਾਨ ਸ਼ਹਿਰ ਦੀਆਂ ਸੜਕਾਂ ’ਤੇ ਅਜਿਹਾ ਜਨਸੈਲਾਬ ਉਮੜਿਆ ਕਿ ਬਠਿੰਡਾ ਪੂਰੀ ਤਰ੍ਹਾਂ ‘ਨਸ਼ਾ ਮੁਕਤ ਪੰਜਾਬ, ਸਿਹਤਮੰਦ ਪੰਜਾਬ ਤੇ ਖੇਡਦਾ ਪੰਜਾਬ’ ਦੇ ਸੰਦੇਸ਼ ਨਾਲ ਰੰਗਿਆ ਨਜ਼ਰ ਆਇਆ। ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਤੇ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਵਿਚ ਕਰਵਾਈ ਗਈ ਇਸ ਦੌੜ ਵਿਚ ਬੱਚਿਆਂ, ਨੌਜਵਾਨਾਂ, ਲੜਕੀਆਂ, ਮਹਿਲਾਵਾਂ ਅਤੇ ਬਜ਼ੁਰਗਾਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਡਾਇਟੀਸ਼ੀਅਨ ਅੰਮ੍ਰਿਤ ਦਿਓਲ, ‘ਆਪ’ ਦੇ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਦੇ ਪ੍ਰਧਾਨ, ਕੌਂਸਲਰ, ਚੇਅਰਮੈਨ, ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਸ਼ਹਿਰ ਵਾਸੀ ਮੌਜੂਦ ਸਨ। ਇਸ ਮੌਕੇ ਪੀਸੀਏ ਪ੍ਰਧਾਨ ਅਮਰਜੀਤ ਮਹਿਤਾ ਤੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਤੇਜ਼ੀ ਨਾਲ ਸਕਾਰਾਤਮਕ ਬਦਲਾਅ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੀ ਪਛਾਣ ‘ਉੱਡਦਾ ਪੰਜਾਬ’ ਵਜੋਂ ਨਹੀਂ, ਸਗੋਂ ‘ਪੜ੍ਹਦਾ ਪੰਜਾਬ ਅਤੇ ਖੇਡਦਾ ਪੰਜਾਬ’ ਵਜੋਂ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਦੇ ਲੋਕਾਂ ਨੇ ਅੱਜ ਇਤਿਹਾਸ ਰਚ ਦਿੱਤਾ ਹੈ। ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨ ਲੜਕੇ-ਲੜਕੀਆਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਨੇ ਮੈਰਾਥਨ ’ਚ ਹਿੱਸਾ ਲੈ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦਾ ਸਮਾਜ ਆਪਣੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਸਿਹਤਮੰਦ ਜੀਵਨ ਵੱਲ ਲਿਜਾਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ‘ਪੰਜਾਬ ਯੂਥ ਰਨ’ ਸਿਰਫ਼ ਇਕ ਦੌੜ ਨਹੀਂ, ਸਗੋਂ ਨਸ਼ਿਆਂ ਖ਼ਿਲਾਫ਼ ਪੰਜਾਬ ਦੀ ਸਮੂਹਿਕ ਲੜਾਈ ਦਾ ਸੰਕਲਪ ਹੈ। ਬਠਿੰਡਾ ਦੇ ਲੋਕਾਂ ਨੇ ਜਿਸ ਉਤਸ਼ਾਹ ਨਾਲ ਇਸ ’ਚ ਹਿੱਸਾ ਲਿਆ ਹੈ, ਉਹ ‘ਰੰਗਲਾ ਪੰਜਾਬ’ ਦੀ ਦਿਸ਼ਾ ਵੱਲ ਇਕ ਮਜ਼ਬੂਤ ਕਦਮ ਹੈ। ਨਸ਼ਿਆਂ ਖ਼ਿਲਾਫ਼ ਮੁਹਿੰਮ ’ਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਰਹੀ ਸਰਕਾਰ : ਰਾਜਬੀਰ ਘੁੰਮਣ ਮੁੱਖ ਮਹਿਮਾਨ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਦੇਣ ਦਾ ਸਭ ਤੋਂ ਵਧੀਆ ਸਾਧਨ ਹਨ। ‘ਪੰਜਾਬ ਯੂਥ ਰਨ’ ਵਿਚ 25 ਹਜ਼ਾਰ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦਾ ਨੌਜਵਾਨ ਨਸ਼ਿਆਂ ਦੀ ਬਜਾਏ ਖੇਡਾਂ, ਸਿਹਤ, ਸਿੱਖਿਆ ਅਤੇ ਤਰੱਕੀ ਦੀ ਰਾਹ ਚੁਣਨਾ ਚਾਹੁੰਦਾ ਹੈ। ਘੁੰਮਣ ਨੇ ਅਮਰਜੀਤ ਮਹਿਤਾ, ਮੇਅਰ ਪਦਮਜੀਤ ਸਿੰਘ ਮਹਿਤਾ ਅਤੇ ਉਨ੍ਹਾਂ ਦੀ ਟੀਮ ਦੀ ਅਗਵਾਈ ਵਿੱਚ ਮੈਰਾਥਨ ਵਿੱਚ ਪਹੁੰਚੇ ਹਜ਼ਾਰਾਂ ਲੋਕਾਂ ਦੀ ਸ਼ਮੂਲੀਅਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬਠਿੰਡਾ ਨੇ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵਿੱਚ ਇੱਕ ਪ੍ਰੇਰਣਾਦਾਇਕ ਮਿਸਾਲ ਪੇਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ‘ਪੰਜਾਬ ਯੂਥ ਰਨ’ ਵਰਗੇ ਆਯੋਜਨ ਨੌਜਵਾਨਾਂ ਵਿੱਚ ਸਕਾਰਾਤਮਕ ਊਰਜਾ ਪੈਦਾ ਕਰਦੇ ਹਨ ਅਤੇ ਸਮਾਜ ਨੂੰ ਨਵੀਂ ਦਿਸ਼ਾ ਦਿੰਦੇ ਹਨ। ਕੈਸ਼ ਰਜਿਸਟ੍ਰੇਸ਼ਨ ਵਾਲੇ ਭਾਗੀਦਾਰਾਂ ਵਿੱਚ ਪੁਰਸ਼, ਮਹਿਲਾ, ਅੰਡਰ-19, 19 ਤੋਂ 35 ਸਾਲ, 35 ਤੋਂ 50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਦੇ ਜੇਤੂਆਂ ਨੂੰ ਚੈੱਕ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।