ਪੰਜਾਬ ਦੀ ਤਰੱਕੀ, ਪੰਜਾਬੀਅਤ ਦੀ ਰਾਖੀ ਸਾਡਾ ਮੁੱਖ ਏਜੰਡਾ: ਗਿੱਲ ਰੌਤਾ ਪੰਜਾਬ ਦੀ ਤਰੱਕੀ, ਪੰਜਾਬੀਅਤ ਦੀ ਰਾਖੀ ਸਾਡਾ ਮੁੱਖ ਏਜੰਡਾ: ਗਿੱਲ ਰੌਤਾ
Publish Date: Mon, 12 Oct 2026 05:57 PM (IST)
Updated Date: Mon, 12 Oct 2026 05:59 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ:- ਵਾਰਿਸ ਪੰਜਾਬ ਦੇ ਜਥੇਬੰਦੀ ਵੱਲੋਂ ਹਲਕਾ ਰਾਮਪੁਰਾ ਫੂਲ ਦਾ ਇੰਚਾਰਜ ਨਿਯੁਕਤ ਕੀਤੇ ਗਏ ਗੁਰਵਿੰਦਰ ਸਿੰਘ ਗਿੱਲ ਰੌਤਾ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਰਾਖੀ, ਪੰਜਾਬੀਅਤ ਨੂੰ ਮਜ਼ਬੂਤ ਕਰਨਾ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਉਨ੍ਹਾਂ ਲਈ ਬਿਹਤਰ ਭਵਿੱਖ ਯਕੀਨੀ ਬਣਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹਨ। ਉਹ ਅੱਜ ਰਾਮਪੁਰਾ ਫੂਲ ਵਿਖੇ ਪੰਜਾਬੀ ਜਾਗਰਣ ਨਾਲ ਗੱਲਬਾਤ ਕਰ ਰਹੇ ਸਨ। ਗਿੱਲ ਰੌਤਾ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਵਾਰਿਸ ਪੰਜਾਬ ਦੇ ਦੀ ਵਿਚਾਰਧਾਰਾ ਅਤੇ ਨੀਤੀਆਂ ਨੂੰ ਹਲਕੇ ਦੇ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਥੇਬੰਦੀ ਨੂੰ ਲੋਕਾਂ ਵੱਲੋਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਨ੍ਹਾਂ ਨੂੰ ਸਿੱਖਿਆ, ਖੇਡਾਂ ਅਤੇ ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ, ਅਕਾਲੀ ਦਲ-ਭਾਜਪਾ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੂੰ ਮੌਕਾ ਦੇ ਚੁੱਕੇ ਹਨ, ਪਰ ਉਨ੍ਹਾਂ ਦੇ ਵਿਚਾਰ ਅਨੁਸਾਰ ਸੂਬੇ ਦੀਆਂ ਕਈ ਅਹਿਮ ਸਮੱਸਿਆਵਾਂ ਦਾ ਹਾਲੇ ਵੀ ਢੁੱਕਵਾਂ ਹੱਲ ਨਹੀਂ ਹੋ ਸਕਿਆ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਹਿੱਤਾਂ ਦੀ ਬਜਾਏ ਆਪਣੇ ਸਿਆਸੀ ਹਿੱਤਾਂ ਨੂੰ ਵਧੇਰੇ ਤਰਜੀਹ ਦਿੱਤੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਅਜਿਹੀ ਸਿਆਸੀ ਸੋਚ ਦੀ ਲੋੜ ਹੈ, ਜੋ ਲੋਕਾਂ ਦੇ ਹੱਕਾਂ ਅਤੇ ਭਲਾਈ ਨੂੰ ਪਹਿਲ ਦੇਵੇ। ਗਿੱਲ ਰੌਤਾ ਨੇ ਕਿਹਾ ਕਿ ਵਾਰਿਸ ਪੰਜਾਬ ਦੇ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਦੇ ਨਾਲ-ਨਾਲ ਜਥੇਬੰਦੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।