ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਨਗਰ ਨਿਗਮ ਦੀ ਤਹਿਬਜ਼ਾਰੀ ਸ਼ਾਖਾ ’ਤੇ ਸਵਾਲ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਨਗਰ ਨਿਗਮ ਦੀ ਤਹਿਬਜ਼ਾਰੀ ਸ਼ਾਖਾ ’ਤੇ ਸਵਾਲ
Publish Date: Thu, 08 Oct 2026 06:50 PM (IST)
Updated Date: Thu, 08 Oct 2026 06:50 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਸ਼ਹਿਰ ਦੀਆਂ ਸੜਕਾਂ, ਗਲੀਆਂ, ਬਾਜ਼ਾਰਾਂ ਅਤੇ ਫੁੱਟਪਾਥਾਂ ’ਤੇ ਹੋ ਰਹੇ ਕਥਿਤ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਨਗਰ ਨਿਗਮ ਦੀ ਤਹਿਬਜ਼ਾਰੀ ਸ਼ਾਖਾ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਗਏ ਹਨ। ਆਰਟੀਆਈ ਐਕਟੀਵਿਸਟ ਅਤੇ ‘ਗਾਹਕ ਜਾਗੋ’ ਦੇ ਸਕੱਤਰ ਸੰਜੀਵ ਗੋਇਲ ਨੇ ਦੋਸ਼ ਲਗਾਇਆ ਹੈ ਕਿ ਸ਼ਹਿਰ ਵਿੱਚ ਲੰਬੇ ਸਮੇਂ ਤੋਂ ਨਾਜਾਇਜ਼ ਕਬਜ਼ਿਆਂ ਦੀ ਸਮੱਸਿਆ ਬਣੀ ਹੋਈ ਹੈ, ਜਿਸ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਟ੍ਰੈਫਿਕ ਵਿਵਸਥਾ ਵੀ ਪ੍ਰਭਾਵਿਤ ਹੋ ਰਹੀ ਹੈ। ਗੋਇਲ ਨੇ ਕਿਹਾ ਕਿ ਬਠਿੰਡਾ ਸ਼ਹਿਰ ਦੀ ਸ਼ਾਇਦ ਹੀ ਕੋਈ ਅਜਿਹੀ ਸੜਕ, ਗਲੀ, ਬਾਜ਼ਾਰ ਜਾਂ ਫੁੱਟਪਾਥ ਹੋਵੇ, ਜਿੱਥੇ ਨਾਜਾਇਜ਼ ਕਬਜ਼ਿਆਂ ਦੀ ਸਮੱਸਿਆ ਨਾ ਹੋਵੇ। ਉਨ੍ਹਾਂ ਦੋਸ਼ ਲਗਾਇਆ ਕਿ ਨਗਰ ਨਿਗਮ ਦੀ ਤਹਿਬਜ਼ਾਰੀ ਸ਼ਾਖਾ ਵੱਲੋਂ ਸਮੇਂ-ਸਮੇਂ ’ਤੇ ਕਬਜ਼ੇ ਹਟਾਉਣ ਦੀ ਕਾਰਵਾਈ ਕੀਤੀ ਜਾਂਦੀ ਹੈ, ਪਰ ਇਹ ਕਾਰਵਾਈ ਪ੍ਰਭਾਵਸ਼ਾਲੀ ਸਾਬਤ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਫੁੱਟਪਾਥਾਂ ’ਤੇ ਕਬਜ਼ਿਆਂ ਕਾਰਨ ਪੈਦਲ ਚੱਲਣ ਵਾਲੇ ਲੋਕਾਂ ਨੂੰ ਸੜਕਾਂ ’ਤੇ ਚੱਲਣ ਲਈ ਮਜਬੂਰ ਹੋਣਾ ਪੈਂਦਾ ਹੈ, ਜਿਸ ਕਾਰਨ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਅਨੁਸਾਰ ਧੋਬੀ ਬਾਜ਼ਾਰ, ਮਿੱਡੂ ਮੱਲ ਵਾਲੀ ਗਲੀ, ਕਿੱਕਰ ਬਾਜ਼ਾਰ, ਬੈਂਕ ਬਾਜ਼ਾਰ, ਆਰੀਆ ਸਮਾਜ ਚੌਕ, ਮਹਿਣਾ ਚੌਕ, ਕਿਲ੍ਹਾ ਰੋਡ, ਕੋਰਟ ਰੋਡ, ਸਿਰਕੀ ਬਾਜ਼ਾਰ, ਸਦਰ ਬਾਜ਼ਾਰ, ਪੋਸਟ ਆਫਿਸ ਬਾਜ਼ਾਰ, ਹਾਥੀ ਮੰਦਰ ਵਾਲੀ ਗਲੀ, ਹਾਜ਼ੀ ਰਤਨ ਚੌਕ, ਸਬਜ਼ੀ ਮੰਡੀ ਰੋਡ, ਬੱਸ ਸਟੈਂਡ ਦੀ ਬੈਕ ਸਾਈਡ ਵਾਲੀ ਸੜਕ, ਜੀਟੀ ਰੋਡ ਅਤੇ ਅਮਰੀਕ ਸਿੰਘ ਰੋਡ ਸਮੇਤ ਕਈ ਇਲਾਕਿਆਂ ਵਿੱਚ ਕਬਜ਼ਿਆਂ ਦੀ ਸਮੱਸਿਆ ਦੇਖਣ ਨੂੰ ਮਿਲ ਰਹੀ ਹੈ। 26 ਮਹੀਨੇ ਪਹਿਲਾਂ ਕੀਤੀ ਸੀ ਸ਼ਿਕਾਇਤ ਸੰਜੀਵ ਗੋਇਲ ਨੇ ਦੱਸਿਆ ਕਿ ਜੀਟੀ ਰੋਡ ’ਤੇ ਪੁਰਾਣੇ ਬੱਸ ਸਟੈਂਡ ਚੌਕ ਨੇੜੇ ਕੁਝ ਦੁਕਾਨਦਾਰਾਂ ਵੱਲੋਂ ਕਥਿਤ ਤੌਰ ’ਤੇ ਸਰਕਾਰੀ ਜਗ੍ਹਾ ਅਤੇ ਫੁੱਟਪਾਥ ’ਤੇ ਲੰਬੇ ਸਮੇਂ ਤੋਂ ਕਬਜ਼ਾ ਕੀਤੇ ਜਾਣ ਸਬੰਧੀ ਉਨ੍ਹਾਂ ਵੱਲੋਂ ਕਈ ਵਾਰ ਸ਼ਿਕਾਇਤਾਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ 29 ਜੁਲਾਈ 2024 ਨੂੰ ਵੀ ਇਸ ਕਬਜ਼ੇ ਨੂੰ ਹਟਾਉਣ ਅਤੇ ਸਬੰਧਤ ਸਟਾਫ਼ ਦੀ ਕਾਰਗੁਜ਼ਾਰੀ ਸਬੰਧੀ ਸ਼ਿਕਾਇਤ ਪੰਜਾਬ ਦੇ ਮੁੱਖ ਮੰਤਰੀ, ਮੁੱਖ ਸਕੱਤਰ, ਸਥਾਨਕ ਸਰਕਾਰ ਵਿਭਾਗ ਦੇ ਅਧਿਕਾਰੀਆਂ, ਡਿਪਟੀ ਕਮਿਸ਼ਨਰ ਬਠਿੰਡਾ ਅਤੇ ਨਗਰ ਨਿਗਮ ਕਮਿਸ਼ਨਰ ਸਮੇਤ ਹੋਰ ਅਧਿਕਾਰੀਆਂ ਨੂੰ ਭੇਜੀ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਵੱਲੋਂ 1 ਅਗਸਤ 2024 ਨੂੰ ਇਹ ਸ਼ਿਕਾਇਤ ਸਬੰਧਤ ਅਧਿਕਾਰੀਆਂ ਨੂੰ ਕਾਰਵਾਈ ਲਈ ਭੇਜੀ ਗਈ ਸੀ। ਇਸ ਤੋਂ ਬਾਅਦ ਡਾਇਰੈਕਟੋਰੇਟ ਸਥਾਨਕ ਸਰਕਾਰ ਪੰਜਾਬ, ਚੰਡੀਗੜ੍ਹ ਵੱਲੋਂ ਪੱਤਰ ਨੰਬਰ 2337, ਮਿਤੀ 20 ਸਤੰਬਰ 2024 ਰਾਹੀਂ ਇਹ ਮਾਮਲਾ ਨਗਰ ਨਿਗਮ ਬਠਿੰਡਾ ਦੇ ਕਮਿਸ਼ਨਰ ਕੋਲ ਭੇਜਿਆ ਗਿਆ ਸੀ। ਸੰਜੀਵ ਗੋਇਲ ਦਾ ਦੋਸ਼ ਹੈ ਕਿ ਇਸ ਦੇ ਬਾਵਜੂਦ ਲੰਬਾ ਸਮਾਂ ਬੀਤ ਜਾਣ ’ਤੇ ਵੀ ਕਥਿਤ ਨਾਜਾਇਜ਼ ਕਬਜ਼ਾ ਨਹੀਂ ਹਟਾਇਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰੀ ਪੱਧਰ ਤੋਂ ਭੇਜੀ ਗਈ ਸ਼ਿਕਾਇਤ ’ਤੇ ਵੀ ਜੇਕਰ ਸਮੇਂ ਸਿਰ ਕਾਰਵਾਈ ਨਹੀਂ ਹੁੰਦੀ ਤਾਂ ਇਸ ਨਾਲ ਤਹਿਬਜ਼ਾਰੀ ਸ਼ਾਖਾ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠਣੇ ਸੁਭਾਵਿਕ ਹਨ। ਤਿਉਹਾਰੀ ਸੀਜ਼ਨ ਤੋਂ ਪਹਿਲਾਂ ਕਬਜ਼ੇ ਹਟਾਉਣ ਦੀ ਮੰਗ ਆਰਟੀਆਈ ਐਕਟੀਵਿਸਟ ਨੇ ਕਿਹਾ ਕਿ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਕਾਰਨ ਬਾਜ਼ਾਰਾਂ ਵਿਚ ਲੋਕਾਂ ਦੀ ਆਮਦ ਅਤੇ ਵਾਹਨਾਂ ਦੀ ਆਵਾਜਾਈ ਹੋਰ ਵਧਣ ਦੀ ਸੰਭਾਵਨਾ ਹੈ। ਅਜਿਹੇ ਵਿਚ ਸੜਕਾਂ, ਗਲੀਆਂ ਤੇ ਫੁੱਟਪਾਥਾਂ ’ਤੇ ਮੌਜੂਦ ਕਬਜ਼ਿਆਂ ਕਾਰਨ ਟ੍ਰੈਫਿਕ ਸਮੱਸਿਆ ਹੋਰ ਗੰਭੀਰ ਹੋ ਸਕਦੀ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਬਠਿੰਡਾ ਅਤੇ ਨਗਰ ਨਿਗਮ ਕਮਿਸ਼ਨਰ ਤੋਂ ਮੰਗ ਕੀਤੀ ਕਿ ਸ਼ਹਿਰ ਦੀਆਂ ਸੜਕਾਂ, ਗਲੀਆਂ, ਬਾਜ਼ਾਰਾਂ ਤੇ ਫੁੱਟਪਾਥਾਂ ਤੋਂ ਨਾਜਾਇਜ਼ ਕਬਜ਼ੇ ਤੁਰੰਤ ਹਟਾਉਣ ਲਈ ਪ੍ਰਭਾਵਸ਼ਾਲੀ ਮੁਹਿੰਮ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਮੁੜ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਵੀ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਆਵਾਜਾਈ ਵਿਚ ਆ ਰਹੀ ਪ੍ਰੇਸ਼ਾਨੀ ਤੋਂ ਰਾਹਤ ਮਿਲ ਸਕੇ ਤੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਸੁਚਾਰੂ ਢੰਗ ਨਾਲ ਚੱਲ ਸਕੇ।