ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਪ੍ਰਸ਼ਨੋਤਰੀ ਤੇ ਰੰਗੋਲੀ ਮੁਕਾਬਲੇ ਕਰਵਾਏ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਪ੍ਰਸ਼ਨੋਤਰੀ ਤੇ ਰੰਗੋਲੀ ਮੁਕਾਬਲੇ ਕਰਵਾਏ
Publish Date: Sat, 07 Nov 2026 04:27 PM (IST)
Updated Date: Sat, 07 Nov 2026 04:29 PM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ ਕੋਟ ਫੱਤਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਅੰਤਰ-ਹਾਊਸ ਪ੍ਰਸ਼ਨੋਤਰੀ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ। ਸਕੂਲ ਦੇ ਪ੍ਰਿੰਸੀਪਲ ਜਸਵਿੰਦਰ ਸਿੰਘ ਬਰੇਹ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਸਮਾਗਮ ਦੀ ਸ਼ੁਰੂਆਤ ਦੌਰਾਨ ਸੰਗੀਤ ਅਧਿਆਪਕ ਸ. ਨਰਦੀਪ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਪਾਠ ਅਤੇ ਸ਼ਬਦ ਕੀਰਤਨ ਕੀਤਾ ਗਿਆ, ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਮਾਗਮ ਦੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਸ. ਭਗਤ ਸਿੰਘ ਹਾਊਸ ਦੇ ਇੰਚਾਰਜ ਅਤੇ ਸਮੂਹ ਟੀਮ ਮੈਂਬਰਾਂ ਨੇ ਨਿਭਾਈ। ਇਸ ਮੌਕੇ ਵਿਦਿਆਰਥੀਆਂ ਨੂੰ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਅਤੇ ਬੰਦੀ ਛੋੜ ਦਿਵਸ ਦੇ ਇਤਿਹਾਸਕ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਮੀਰੀ-ਪੀਰੀ ਦੇ ਸਿਧਾਂਤ ਅਤੇ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਰਾਜਿਆਂ ਸਮੇਤ ਗੁਰੂ ਸਾਹਿਬ ਜੀ ਦੀ ਰਿਹਾਈ ਦੇ ਇਤਿਹਾਸਕ ਪ੍ਰਸੰਗ ਤੋਂ ਜਾਣੂ ਕਰਵਾਇਆ ਗਿਆ। ਇਸ ਸਬੰਧੀ ਕਰਵਾਏ ਗਏ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਗਿਆਨੀ ਦਿੱਤ ਸਿੰਘ ਹਾਊਸ ਦੀਆਂ ਵਿਦਿਆਰਥਣਾਂ ਖੁਸ਼ਦੀਪ ਕੌਰ (ਅੱਠਵੀਂ ਏ) ਅਤੇ ਗੁਰਨੂਰ ਕੌਰ (ਅੱਠਵੀਂ ਬੀ) ਨੇ ਪਹਿਲਾ ਸਥਾਨ ਹਾਸਲ ਕੀਤਾ। ਸ. ਕਰਤਾਰ ਸਿੰਘ ਹਾਊਸ ਦੀਆਂ ਵਿਦਿਆਰਥਣਾਂ ਅਮਨੀਤ ਕੌਰ (ਅੱਠਵੀਂ ਬੀ) ਅਤੇ ਸ਼ੁਭਦੀਪ ਕੌਰ (ਅੱਠਵੀਂ ਏ) ਨੇ ਦੂਜਾ, ਜਦਕਿ ਸ. ਭਗਤ ਸਿੰਘ ਹਾਊਸ ਦੀਆਂ ਅਭਿਜੋਤ ਕੌਰ (ਅੱਠਵੀਂ ਏ) ਤੇ ਰਾਜਦੀਪ ਕੌਰ (ਛੇਵੀਂ ਬੀ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਦੌਰਾਨ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਕਰਵਾਏ ਗਏ ਰੰਗੋਲੀ ਮੁਕਾਬਲੇ ਵਿਚ ਵੀ ਵਿਦਿਆਰਥਣਾਂ ਨੇ ਆਪਣੀ ਕਲਾਤਮਕ ਪ੍ਰਤਿਭਾ ਅਤੇ ਸਿਰਜਣਾਤਮਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿੱਚ ਗਿਆਨੀ ਦਿੱਤ ਸਿੰਘ ਹਾਊਸ ਦੀਆਂ ਵਿਦਿਆਰਥਣਾਂ ਗੁਰਨੂਰ ਕੌਰ (ਅੱਠਵੀਂ ਬੀ), ਕਿਰਨ ਦੇਵੀ (ਅੱਠਵੀਂ ਏ) ਤੇ ਐਸ਼ਮੀਤ ਕੌਰ (ਅੱਠਵੀਂ ਬੀ) ਨੇ ਪਹਿਲਾ ਸਥਾਨ ਹਾਸਲ ਕੀਤਾ। ਸ. ਕਰਤਾਰ ਸਿੰਘ ਹਾਊਸ ਦੀਆਂ ਨੂਰਦੀਪ ਕੌਰ (ਨੌਵੀਂ), ਜਸਦੀਪ ਕੌਰ (ਨੌਵੀਂ) ਅਤੇ ਜਸਮੀਨ ਕੌਰ (ਅੱਠਵੀਂ ਏ) ਨੇ ਦੂਜਾ, ਜਦਕਿ ਸ. ਊਧਮ ਸਿੰਘ ਹਾਊਸ ਦੀਆਂ ਅਮਨਜੋਤ ਕੌਰ (ਅੱਠਵੀਂ ਏ), ਅਰਸ਼ਦੀਪ ਕੌਰ (ਸੱਤਵੀਂ ਏ) ਅਤੇ ਗੁਰਮਨ ਕੌਰ (ਨੌਵੀਂ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਜਸਵਿੰਦਰ ਸਿੰਘ ਬਰੇਹ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਬੰਦੀ ਛੋੜ ਦਿਵਸ ਦੀ ਇਤਿਹਾਸਕ ਅਤੇ ਅਧਿਆਤਮਿਕ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਦਿਨੋ-ਦਿਨ ਗੰਭੀਰ ਸਮੱਸਿਆ ਬਣਦਾ ਜਾ ਰਿਹਾ ਹੈ, ਇਸ ਲਈ ਸਾਨੂੰ ਪਟਾਕਿਆਂ ਤੋਂ ਪਰਹੇਜ਼ ਕਰਦਿਆਂ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਪਰਿਵਾਰ ਤੇ ਸਨੇਹੀਆਂ ਨਾਲ ਖੁਸ਼ੀਆਂ ਸਾਂਝੀਆਂ ਕਰਕੇ ਤਿਉਹਾਰ ਮਨਾਉਣਾ ਚਾਹੀਦਾ ਹੈ।ਸਕੂਲ ਵਿੱਚ ਕਰਵਾਏ ਗਏ ਇਹ ਮੁਕਾਬਲੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਦੀ ਬੌਧਿਕ ਅਤੇ ਕਲਾਤਮਕ ਪ੍ਰਤਿਭਾ ਨੂੰ ਨਿਖਾਰਨ ਵਿੱਚ ਵੀ ਸਹਾਈ ਸਿੱਧ ਹੋਏ।