ਨਸ਼ਿਆਂ ਦੇ ਮਾਮਲੇ ’ਤੇ ਕੇਂਦਰ ਸਰਕਾਰ ਦੀ ਭੂਮਿਕਾ ’ਤੇ ਸਵਾਲ ਚੁੱਕੇ ਨਸ਼ਿਆਂ ਦੇ ਮਾਮਲੇ ’ਤੇ ਕੇਂਦਰ ਸਰਕਾਰ ਦੀ ਭੂਮਿਕਾ ’ਤੇ ਸਵਾਲ ਚੁੱਕੇ
Publish Date: Thu, 22 Oct 2026 04:45 PM (IST)
Updated Date: Thu, 22 Oct 2026 04:45 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਰਾਮਾਂ ਮੰਡੀ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਨਸ਼ਿਆਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਦੀ ਭੂਮਿਕਾ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਨਸ਼ਿਆਂ ਵਰਗੇ ਗੰਭੀਰ ਮਸਲੇ ’ਤੇ ਰਾਜਨੀਤੀ ਕਰਨ ਦੀ ਬਜਾਏ ਤਸਕਰੀ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਕਾਰਨ ਨਸ਼ਾ ਤਸਕਰਾਂ ਵਿਰੁੱਧ ਕਾਨੂੰਨੀ ਕਾਰਵਾਈ ਪ੍ਰਭਾਵਿਤ ਹੋਈ ਹੈ। ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਮੈਡੀਕਲ ਵਰਤੋਂ ਵਾਲੀਆਂ ਕੁਝ ਨਸ਼ੀਲੀਆਂ ਦਵਾਈਆਂ ਨਾਲ ਸਬੰਧਤ ਕਾਨੂੰਨੀ ਵਿਵਸਥਾਵਾਂ ਵਿੱਚ ਤਬਦੀਲੀਆਂ ਤੋਂ ਬਾਅਦ ਕਈ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਥਾਣੇ ਪੱਧਰ ’ਤੇ ਜ਼ਮਾਨਤ ਮਿਲਣ ਦੇ ਮਾਮਲੇ ਸਾਹਮਣੇ ਆਉਂਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਨਾਲ ਨਸ਼ਾ ਤਸਕਰੀ ਦੇ ਧੰਦੇ ਨੂੰ ਰੋਕਣ ਵਿੱਚ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਕਾਨੂੰਨ ਦੀ ਪ੍ਰਭਾਵਸ਼ਾਲੀ ਪਾਲਣਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਤੋਂ ਮੰਗ ਕੀਤੀ ਕਿ ਕੇਂਦਰ ਵਿੱਚ ਪਿਛਲੇ 12 ਸਾਲਾਂ ਦੌਰਾਨ ਨਸ਼ਾ ਤਸਕਰੀ ਨੂੰ ਰੋਕਣ ਲਈ ਕੀਤੇ ਗਏ ਉਪਰਾਲਿਆਂ ਅਤੇ ਉਨ੍ਹਾਂ ਦੇ ਨਤੀਜਿਆਂ ਬਾਰੇ ਦੇਸ਼ ਦੀ ਜਨਤਾ ਨੂੰ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਚੋਰੀਆਂ, ਲੁੱਟਾਂ-ਖੋਹਾਂ ਅਤੇ ਕਤਲਾਂ ਦੇ ਵਧਦੇ ਮਾਮਲਿਆਂ ’ਤੇ ਵੀ ਚਿੰਤਾ ਪ੍ਰਗਟਾਈ ਅਤੇ ਕਿਹਾ ਕਿ ਅਪਰਾਧਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣੇ ਜ਼ਰੂਰੀ ਹਨ। ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਾ ਤਸਕਰੀ ਵਿੱਚ ਪੁਲਿਸ ਅਤੇ ਸਿਆਸੀ ਆਗੂਆਂ ਦੀ ਕਥਿਤ ਸ਼ਮੂਲੀਅਤ ਦੇ ਕੁਝ ਮਾਮਲੇ ਵੀ ਸਾਹਮਣੇ ਆਏ ਹਨ, ਜਿਨ੍ਹਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਨਸ਼ਿਆਂ ਅਤੇ ਅਪਰਾਧਾਂ ਦੀ ਸਮੱਸਿਆ ਨਾਲ ਨਜਿੱਠਣਾ ਮੁਸ਼ਕਲ ਹੋ ਰਿਹਾ ਹੈ ਤਾਂ ਦੇਸ਼ ਭਰ ਵਿੱਚ ਇਕ ਦੇਸ਼ ਇੱਕ ਪੁਲਿਸ ਯਾਨੀ ਇੰਡੀਅਨ ਪੁਲਿਸ ਬਣਾਉਣ ਦੀ ਸੰਭਾਵਨਾ ’ਤੇ ਵਿਚਾਰ ਕਿਉਂ ਨਹੀਂ ਕੀਤਾ ਗਿਆ।