ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ਵਜੋਂ ਰੈਲੀ ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ਵਜੋਂ ਰੈਲੀ
Publish Date: Mon, 05 Oct 2026 04:05 PM (IST)
Updated Date: Mon, 05 Oct 2026 04:08 PM (IST)
ਹਰਮੇਲ ਸਾਗਰ ਪੰਜਾਬੀ ਜਾਗਰਣ ਭੁੱਚੋ ਮੰਡੀ ਜੀਐੱਚਟੀਪੀ ਠੇਕਾ ਮੁਲਾਜ਼ਮ ਯੂਨੀਅਨ ਆਜ਼ਾਦ ਦੇ ਬੈਨਰ ਹੇਠ ਅੱਜ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਵੱਲੋਂ ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ਵਜੋਂ ਪਲਾਂਟ ਦੇ ਮੁੱਖ ਗੇਟ ’ਤੇ ਰੋਸ ਰੈਲੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਜਗਰੂਪ ਸਿੰਘ, ਜਨਰਲ ਸਕੱਤਰ ਜਗਸੀਰ ਭੰਗੂ, ਮੀਤ ਪ੍ਰਧਾਨ ਬਲਜਿੰਦਰ ਮਾਨ ਅਤੇ ਵਿੱਤ ਸਕੱਤਰ ਲਛਮਣ ਰਾਮਪੁਰਾ ਨੇ ਕਿਹਾ ਕਿ ਥਰਮਲ ਪਲਾਂਟ ਵਿੱਚ ਪਿਛਲੇ ਲੰਬੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਸੇਵਾਵਾਂ ਨਿਭਾਅ ਰਹੇ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੇ ਦਬਾਅ ਸਦਕਾ ਪਾਵਰ ਕਾਰਪੋਰੇਸ਼ਨ ਮੈਨੇਜਮੈਂਟ ਵੱਲੋਂ ਥਰਮਲ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਫੈਸਲਾ ਕੀਤਾ ਗਿਆ ਸੀ। ਇਸ ਫੈਸਲੇ ਤਹਿਤ ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਆਫਰ ਲੈਟਰ ਜਾਰੀ ਕੀਤੇ ਜਾਣ ਦੇ ਬਾਵਜੂਦ ਹੁਣ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇਣ ’ਤੇ ਰੋਕ ਲਗਾ ਦਿੱਤੀ ਗਈ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਸਿਵਲ ਸਰਕਲ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਦੇਰੀ ਦੇ ਨਿਯੁਕਤੀ ਪੱਤਰ ਸੌਂਪੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਨਿਯੁਕਤੀ ਪੱਤਰ ਜਾਰੀ ਨਾ ਕੀਤੇ ਗਏ ਤਾਂ ਸਿਵਲ ਸਰਕਲ ਦੇ ਠੇਕਾ ਮੁਲਾਜ਼ਮ 7 ਅਕਤੂਬਰ ਤੋਂ 10 ਅਕਤੂਬਰ ਤੱਕ ਹਰ ਰੋਜ਼ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਦੋ ਘੰਟੇ ਟੂਲ ਡਾਊਨ ਕਰਕੇ ਆਪਣਾ ਸੰਘਰਸ਼ ਤੇਜ਼ ਕਰਨਗੇ।