ਗੁਰਤੇਜ ਸਿੰਘ ਸਿੱਧੂ, ਬਿਠੰਡਾ : ਪਿਛਲੀ ਸਰਕਾਰ ਦੇ ਸਮੇਂ ਤੋਂ ਸ਼ੁਰੂ ਹੋਈਆਂ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਮੌਜੂਦਾ ਸਰਕਾਰ ਦੇ ਸਮੇਂ ਵੀ ਥਾਂ-ਥਾਂ ਵਾਪਰ ਰਹੀਆਂ ਹਨ। ਜਿਵੇਂ ਪਿਛਲੀ ਬਾਦਲ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿਚ ਬੁਰੀ ਤਰ੍ਹਾਂ ਫੇਲ ਹੋਈ ਸੀ, ਉਸੇ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਵੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿਚ ਅਸਫਲ ਸਾਬਤ ਹੋ ਰਹੀ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਸਰਬੱਤ ਖਾਲਸਾ ਕੰਟਰੋਲ ਰੂਮ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕੀਤਾ।

ਦਾਦੂਵਾਲ ਨੇ ਕਿਹਾ ਕਿ ਪਿਛਲੀ ਬਾਦਲ ਸਰਕਾਰ ਸਮੇਂ ਗੁਰੁੂ ਗ੍ਰੰਥ ਸਾਹਿਬ ਸਮੇਤ ਹੋਰਨਾਂ ਧਾਰਮਿਕ ਗੰ੫ਥਾਂ ਦੀ ਬੇਅਬਦੀ ਦੀਆਂ ਘਟਨਾਵਾਂ ਵਾਪਰੀਆਂ ਜਿਨ੍ਹਾਂ ਦਾ ਦੁੱਖ ਅੱਜ ਵੀ ਸਿੱਖ ਹਿਰਦਿਆਂ ਵਿਚ ਹੈ। ਜਿਵੇਂ ਬਾਦਲ ਸਰਕਾਰ ਸਮੇਂ ਬੇਅਦਬੀ ਦੀਆਂ ਘਟਨਾਵਾਂ ਸਾਜ਼ਿਸ਼ ਤਹਿਤ ਕਰਵਾਈਆਂ ਗਈਆਂ, ਉਵੇਂ ਹੁਣ ਵੀ ਇਨ੍ਹਾਂ ਘਟਨਾਵਾਂ ਦਾ ਵਾਪਰਨਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਚਾਹੀਦਾ ਹੈ ਕਿ ਖੁਫ਼ੀਆ ਤੰਤਰ ਨੂੰ ਇੰਨਾ ਮਜ਼ਬੂਤ ਕੀਤਾ ਜਾਵੇ ਕਿ ਇਸ ਤਰ੍ਹਾਂ ਦੀਆਂ ਨਾ ਘਟਨਾਵਾਂ ਵਾਪਰਨ ਪਰ ਮਹਿਸੂਸ ਇਹ ਹੋ ਰਿਹਾ ਹੈ ਕਿ ਕੈਪਟਨ ਸਰਕਾਰ ਬਰਗਾੜੀ, ਮੱਲਕੇ ਤੇ ਭਗਤਾ ਭਾਈ ਕਾ ਦੇ ਕੁਝ ਦੋਸ਼ੀਆਂ ਨੂੰ ਫੜ ਕੇ ਸਿਰਫ ਆਪਣੀ ਪਿੱਠ ਥਪਥਪਾਉਣ ਵਿਚ ਹੀ ਲੱਗੀ ਹੋਈ ਹੈ ਜਦੋਂਕਿ ਬੇਅਦਬੀ ਦੀਆਂ ਘਟਨਾਵਾਂ ਨਿਰੰਤਰ ਵਾਪਰ ਰਹੀਆਂ ਹਨ।

ਦਾਦੂਵਾਲ ਨੇ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਕਤ ਘਟਨਾਵਾਂ ਨੂੰ ਗੰਭੀਰਤਾ ਨਾ ਲੈਣਾ ਉਨ੍ਹਾਂ ਨੂੰ ਬਾਦਲਕਿਆਂ ਵਾਂਗ ਮਹਿੰਗਾ ਪੈ ਸਕਦਾ ਹੈ। ਉਨਾਂ ਕਿਹਾ ਕਿ ਬਾਦਲਾਂ ਨੇ ਪਿਛਲੀ ਸਰਕਾਰ ਸਮੇਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਖੁਦ ਜਿੰਮੇਵਾਰ ਮੰਨ ਕੇ ਹੀ ਸ਼੍ਰੀ ਦਰਬਾਰ ਸਾਹਿਬ ਜਾ ਕੇ ਪਸ਼ਚਾਤਾਪ ਕਰਨ ਦਾ ਯਤਨ ਕੀਤਾ ਹੈ ਪੰਥ ਅਤੇ ਪੰਜਾਬ ਦੇ ਲੋਕ ਉਨ੍ਹਾਂ ਨੂੰ ਬਖਸ਼ਣ ਦੇ ਰੌਂਅ ਵਿੱਚ ਨਹੀ ਹਨ। ਇਸੇ ਤੋਂ ਸਬਕ ਲੈਂਦਿਆਂ ਕੈਪਟਨ ਸਰਕਾਰ ਨੂੰ ਵੀ ਅਵੇਸਲਾਪਨ ਛੱਡਣਾ ਚਾਹੀਦਾ ਹੈ ਅਤੇ ਥਾਂ-ਥਾਂ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।