ਸੰਗਤ ਮੰਡੀ ਵਾਸੀਆਂ ਵੱਲੋਂ ਅੰਡਰਬ੍ਰਿਜ ਦਾ ਵਿਰੋਧ, ਓਵਰਬ੍ਰਿਜ ਬਣਾਉਣ ਦੀ ਮੰਗ ਸੰਗਤ ਮੰਡੀ ਵਾਸੀਆਂ ਵੱਲੋਂ ਅੰਡਰਬ੍ਰਿਜ ਦਾ ਵਿਰੋਧ, ਓਵਰਬ੍ਰਿਜ ਬਣਾਉਣ ਦੀ ਮੰਗ
Publish Date: Sat, 24 Oct 2026 03:50 PM (IST)
Updated Date: Sat, 24 Oct 2026 03:52 PM (IST)
ਧਰਮਪਾਲ ਸਿੰਘ, ਪੰਜਾਬੀ ਜਾਗਰਣ ਸੰਗਤ ਮੰਡੀ, ਬਠਿੰਡਾ-ਬੀਕਾਨੇਰ ਰੇਲ ਮਾਰਗ ’ਤੇ ਸੰਗਤ ਮੰਡੀ ਦੇ ਕੋਟਗੁਰੂ ਫਾਟਕ ਵਿਖੇ ਰੇਲਵੇ ਵਿਭਾਗ ਵੱਲੋਂ ਬਣਾਏ ਜਾ ਰਹੇ ਧਰਤੀ ਹੇਠਲੇ ਪੁਲ (ਅੰਡਰਬ੍ਰਿਜ) ਦਾ ਮੰਡੀ ਵਾਸੀਆਂ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਮੰਡੀ ਵਾਸੀਆਂ, ਵਪਾਰੀਆਂ ਅਤੇ ਵੱਖ-ਵੱਖ ਜਥੇਬੰਦੀਆਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿਚ ਸਰਬਸੰਮਤੀ ਨਾਲ ਅੰਡਰਬ੍ਰਿਜ ਦੀ ਬਜਾਏ ਰੇਲਵੇ ਓਵਰਬ੍ਰਿਜ ਬਣਾਉਣ ਦੀ ਮੰਗ ਕੀਤੀ ਗਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਸੰਗਤ ਦੇ ਸਾਬਕਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਨੇ ਕਿਹਾ ਕਿ ਕੋਟਗੁਰੂ ਫਾਟਕ ਸੰਗਤ ਮੰਡੀ ਦੀ ਜੀਵਨ ਰੇਖਾ ਹੈ। ਇਸ ਰਸਤੇ ਰਾਹੀਂ ਰੋਜ਼ਾਨਾ ਹਜ਼ਾਰਾਂ ਲੋਕਾਂ, ਸਕੂਲੀ ਬੱਚਿਆਂ, ਕਿਸਾਨਾਂ, ਵਪਾਰੀਆਂ ਅਤੇ ਐਂਬੂਲੈਂਸਾਂ ਦੀ ਆਵਾਜਾਈ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇੱਥੇ ਅੰਡਰਬ੍ਰਿਜ ਬਣਾਇਆ ਜਾਂਦਾ ਹੈ ਤਾਂ ਮੀਂਹ ਦੇ ਮੌਸਮ ਦੌਰਾਨ ਪਾਣੀ ਭਰਨ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ, ਜਿਸ ਨਾਲ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੋਰਨਾਂ ਇਲਾਕਿਆਂ ਵਿਚ ਬਣੇ ਅੰਡਰਬ੍ਰਿਜਾਂ ਵਿਚ ਮੀਂਹ ਦੌਰਾਨ ਪਾਣੀ ਭਰਨ ਦੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸ ਲਈ ਮੰਡੀ ਵਾਸੀਆਂ ਦੀ ਮੰਗ ਹੈ ਕਿ ਇੱਥੇ ਅਜਿਹੀ ਵਿਵਸਥਾ ਕੀਤੀ ਜਾਵੇ, ਜਿਸ ਨਾਲ ਆਉਣ ਵਾਲੇ ਲੰਮੇ ਸਮੇਂ ਤੱਕ ਲੋਕਾਂ ਨੂੰ ਆਵਾਜਾਈ ਸਬੰਧੀ ਮੁਸ਼ਕਲਾਂ ਨਾ ਝੱਲਣੀਆਂ ਪੈਣ। ਮੀਟਿੰਗ ਦੌਰਾਨ ਇਸ ਮਾਮਲੇ ਨੂੰ ਲੈ ਕੇ ਸੰਘਰਸ਼ ਕਰਨ ਲਈ ਰੇਲਵੇ ਫਾਟਕ ਸੰਘਰਸ਼ ਕਮੇਟੀ ਦਾ ਗਠਨ ਕੀਤਾ ਗਿਆ। ਇਸ ਕਮੇਟੀ ਵਿੱਚ ਨਗਰ ਕੌਂਸਲ ਸੰਗਤ ਦੇ ਪ੍ਰਧਾਨ ਰਾਹੁਲ ਗੋਇਲ, ਮਨੀਸ਼ ਕੁਮਾਰ ਟਿੰਕੂ, ਰਾਜਿੰਦਰ ਕੁਮਾਰ ਰਵੀ, ਹੈਪੀ ਰਾਓ ਯਾਦਵ, ਨਿੱਕੂ ਗਰਗ, ਅਸ਼ੋਕ ਕੁਮਾਰ ਸਿੰਗਲਾ ਅਤੇ ਰਾਜ ਕੁਮਾਰ ਸ਼ਰਮਾ ਨੂੰ ਸ਼ਾਮਲ ਕੀਤਾ ਗਿਆ। ਸੁਸ਼ੀਲ ਕੁਮਾਰ ਗੋਲਡੀ ਨੇ ਦੱਸਿਆ ਕਿ ਸੰਘਰਸ਼ ਕਮੇਟੀ ਵੱਲੋਂ ਜਲਦੀ ਹੀ ਡਿਪਟੀ ਕਮਿਸ਼ਨਰ ਬਠਿੰਡਾ ਅਤੇ ਰੇਲਵੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮੰਗ-ਪੱਤਰ ਸੌਂਪਿਆ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਲੋਕਾਂ ਦੀ ਮੰਗ ਨਾ ਮੰਨੀ ਗਈ ਤਾਂ ਮੰਡੀ ਵਾਸੀਆਂ ਵੱਲੋਂ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਕੌਂਸਲਰ ਚਿਮਨ ਲਾਲ ਬਾਂਸਲ, ਮਨਜੀਤ ਸਿੰਘ, ਪਵਨ ਕੁਮਾਰ ਬਾਂਸਲ, ਰਾਜੇਸ਼ ਕੁਮਾਰ ਮਿੱਤਲ, ਵਿੱਕੀ ਸ਼ਰਮਾ, ਰਾਜ ਕੁਮਾਰ ਗੋਇਲ, ਦਿਨੇਸ਼ ਕੁਮਾਰ ਗੋਇਲ ਸਮੇਤ ਵੱਡੀ ਗਿਣਤੀ ਵਿਚ ਮੰਡੀ ਵਾਸੀ ਹਾਜ਼ਰ ਸਨ।