ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦਸਵੇਂ ਦਿਨ ਵੀ ਜਾਰੀ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦਸਵੇਂ ਦਿਨ ਵੀ ਜਾਰੀ, ਹਪਸਤਾਲ ਵਿਚ ਫੈਲੀ ਗੰਦਗੀ ਕਾਰਨ ਮਰੀਜ਼ ਪ੍ਰੇਸ਼ਾਨ
Publish Date: Fri, 23 Oct 2026 07:44 PM (IST)
Updated Date: Sat, 24 Oct 2026 04:01 AM (IST)
ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦਸਵੇਂ ਦਿਨ ਵੀ ਜਾਰੀ ਕਰਮਚਾਰੀਆਂ ਨੇ ਸਿਵਲ ਹਸਪਤਾਲ ਤੋਂ ਡੀਸੀ ਦਫ਼ਤਰ ਤੱਕ ਕੱਢਿਆ ਮਾਰਚ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਸ਼ਹਿਰ ਵਿੱਚ ਸਰਕਾਰੀ ਅਦਾਰਿਆਂ ਦੇ ਕਰਮਚਾਰੀਆਂ ਦੀਆਂ ਹੜਤਾਲਾਂ ਕਾਰਨ ਆਮ ਲੋਕਾਂ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ। ਸਿਵਲ ਹਸਪਤਾਲ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਸ਼ੁੱਕਰਵਾਰ ਨੂੰ ਦਸਵੇਂ ਦਿਨ ਵੀ ਜਾਰੀ ਰਹੀ। ਸਫ਼ਾਈ ਪ੍ਰਬੰਧ ਪ੍ਰਭਾਵਿਤ ਹੋਣ ਕਾਰਨ ਹਸਪਤਾਲ ਵਿੱਚ ਇਲਾਜ ਕਰਵਾਉਣ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ, ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫ਼ਾਈ ਕਰਮਚਾਰੀਆਂ ਨੇ ਸ਼ੁੱਕਰਵਾਰ ਨੂੰ ਸਿਵਲ ਹਸਪਤਾਲ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੱਢ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦਸਵੇਂ ਦਿਨ ਵਿੱਚ ਦਾਖ਼ਲ ਹੋਣ ਕਾਰਨ ਸਿਵਲ ਹਸਪਤਾਲ ਵਿੱਚ ਸਫ਼ਾਈ ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਹਸਪਤਾਲ ਦੇ ਵਾਰਡਾਂ, ਗਲਿਆਰਿਆਂ ਅਤੇ ਹੋਰ ਹਿੱਸਿਆਂ ਵਿੱਚ ਨਿਯਮਤ ਸਫ਼ਾਈ ਨਾ ਹੋਣ ਕਾਰਨ ਗੰਦਗੀ ਇਕੱਠੀ ਹੋ ਰਹੀ ਹੈ। ਇਸ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਸਪਤਾਲ ਵਰਗੀ ਸੰਵੇਦਨਸ਼ੀਲ ਥਾਂ ’ਤੇ ਸਫ਼ਾਈ ਦੀ ਘਾਟ ਅਤੇ ਬਦਬੂ ਕਾਰਨ ਮਰੀਜ਼ਾਂ ਦੀ ਸਿਹਤ ਸਬੰਧੀ ਚਿੰਤਾਵਾਂ ਵੀ ਵਧ ਰਹੀਆਂ ਹਨ। ਇੱਥੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਇਲਾਜ ਲਈ ਪਹੁੰਚਦੇ ਹਨ, ਜਿਸ ਕਾਰਨ ਸਫ਼ਾਈ ਪ੍ਰਬੰਧਾਂ ਦਾ ਸੁਚਾਰੂ ਰਹਿਣਾ ਬੇਹੱਦ ਜ਼ਰੂਰੀ ਹੈ। ਸਫ਼ਾਈ ਕਰਮਚਾਰੀ ਆਊਟਸੋਰਸ ਸਿਹਤ ਵਿਭਾਗ ਕਰਮਚਾਰੀ ਯੂਨੀਅਨ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ’ਤੇ ਬੈਠੇ ਹਨ। ਸ਼ੁੱਕਰਵਾਰ ਨੂੰ ਕਰਮਚਾਰੀਆਂ ਨੇ ਸਿਵਲ ਹਸਪਤਾਲ ਤੋਂ ਡੀਸੀ ਦਫ਼ਤਰ ਤੱਕ ਮਾਰਚ ਕੱਢ ਕੇ ਆਪਣਾ ਰੋਸ ਪ੍ਰਗਟਾਇਆ। ਯੂਨੀਅਨ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਨੇ ਦੋਸ਼ ਲਾਇਆ ਕਿ ਸਫ਼ਾਈ ਦਾ ਠੇਕਾ ਨਿੱਜੀ ਕੰਪਨੀ ਐਪੈਕਸ ਸ਼ੀ ਨੂੰ ਦੇਣ ਕਾਰਨ ਕਰਮਚਾਰੀਆਂ ਦਾ ਸ਼ੋਸ਼ਣ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀ ਮੁੱਖ ਮੰਗ ਹੈ ਕਿ ਠੇਕੇਦਾਰੀ ਪ੍ਰਥਾ ਖ਼ਤਮ ਕਰਕੇ ਉਨ੍ਹਾਂ ਨੂੰ ਸਿੱਧੇ ਸਿਹਤ ਵਿਭਾਗ ਦੇ ਅਧੀਨ ਕੀਤਾ ਜਾਵੇ ਅਤੇ ਨੌਕਰੀਆਂ ਪੱਕੀਆਂ ਕੀਤੀਆਂ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਮੰਗਾਂ ਦਾ ਢੁੱਕਵਾਂ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਬਾਕਸ ਪੀਆਰਟਸੀ ਦੀ ਹੜਤਾਲ ਕਾਰਨ ਬੱਸ ਸੇਵਾ ਪ੍ਰਭਾਵਿਤ, ਮੁਸਾਫ਼ਰ ਪ੍ਰੇਸ਼ਾਨ ਉੱਧਰ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਤੇ ਆਊਟਸੋਰਸ ਕਰਮਚਾਰੀਆਂ ਦੀ ਹੜਤਾਲ ਵੀ ਜਾਰੀ ਰਹਿਣ ਕਾਰਨ ਜਨਤਕ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਬਠਿੰਡਾ ਡਿਪੂ ਦੀਆਂ ਲਗਭਗ 200 ਸਰਕਾਰੀ ਬੱਸਾਂ ਦੀ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਰੋਜ਼ਾਨਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ, ਵਿਦਿਆਰਥੀਆਂ ਅਤੇ ਨੌਕਰੀਪੇਸ਼ਾ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰੀ ਬੱਸਾਂ ਨਾ ਮਿਲਣ ਕਾਰਨ ਔਰਤਾਂ ਨੂੰ ਵੀ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਾ ਲਾਭ ਲੈਣ ਵਿੱਚ ਮੁਸ਼ਕਲ ਆ ਰਹੀ ਹੈ। ਕਈ ਮੁਸਾਫ਼ਰਾਂ ਨੂੰ ਨਿੱਜੀ ਬੱਸਾਂ ਜਾਂ ਹੋਰ ਸਾਧਨਾਂ ਰਾਹੀਂ ਸਫ਼ਰ ਕਰਨਾ ਪੈ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦਾ ਖ਼ਰਚਾ ਵਧ ਰਿਹਾ ਹੈ। ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਜਾਣ ਵਾਲੇ ਲੋਕਾਂ ਨੂੰ ਬੱਸਾਂ ਦੀ ਉਡੀਕ ਵਿੱਚ ਲੰਮਾ ਸਮਾਂ ਬਿਤਾਉਣਾ ਪੈ ਰਿਹਾ ਹੈ। ਬਠਿੰਡਾ ਡਿਪੂ ਦੇ ਪ੍ਰਧਾਨ ਸਰਬਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਵਿੱਚ ਠੇਕਾ ਕਰਮਚਾਰੀਆਂ ਨੂੰ ਪੱਕਾ ਕਰਨਾ, ਕਿਲੋਮੀਟਰ ਸਕੀਮ ਦੇ ਟੈਂਡਰ ਬੰਦ ਕਰਨਾ ਅਤੇ ਦਰਜ ਕੀਤੇ ਗਏ ਮੁਕੱਦਮੇ ਵਾਪਸ ਲੈਣਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਕਈ ਦੌਰ ਦੀ ਗੱਲਬਾਤ ਹੋਣ ਦੇ ਬਾਵਜੂਦ ਮੰਗਾਂ ਦਾ ਕੋਈ ਢੁੱਕਵਾਂ ਹੱਲ ਨਹੀਂ ਨਿਕਲਿਆ। ਕਰਮਚਾਰੀਆਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਸਫ਼ਾਈ ਪ੍ਰਬੰਧਾਂ ਅਤੇ ਜਨਤਕ ਆਵਾਜਾਈ ਦੇ ਪ੍ਰਭਾਵਿਤ ਹੋਣ ਕਾਰਨ ਆਮ ਲੋਕਾਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ।