ਖੇਤੀ ਮਾਹਿਰਾਂ ਵੱਲੋਂ ਮੰਗਾਂ ਨੂੰ ਲੈ ਕੇ ਬਠਿੰਡਾ ’ਚ ਦੂਜਾ ਜ਼ੋਨ ਪੱਧਰੀ ਧਰਨਾ ਖੇਤੀ ਮਾਹਿਰਾਂ ਵੱਲੋਂ ਮੰਗਾਂ ਨੂੰ ਲੈ ਕੇ ਬਠਿੰਡਾ ’ਚ ਦੂਜਾ ਜ਼ੋਨ ਪੱਧਰੀ ਧਰਨਾ
Publish Date: Tue, 06 Oct 2026 03:59 PM (IST)
Updated Date: Tue, 06 Oct 2026 04:02 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਪਲਾਂਟ ਡਾਕਟਰ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਵੱਲੋਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਅਣਗੌਲਿਆ ਕਰਨ ਦੇ ਰੋਸ ਵਜੋਂ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਦੇ ਦਫ਼ਤਰ ਅੱਗੇ ਦੂਜਾ ਜ਼ੋਨ ਪੱਧਰੀ ਧਰਨਾ ਦਿੱਤਾ ਗਿਆ। ਧਰਨੇ ਵਿਚ ਬਠਿੰਡਾ ਤੋਂ ਇਲਾਵਾ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਬਰਨਾਲਾ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ ਖੇਤੀਬਾੜੀ ਵਿਕਾਸ ਅਫ਼ਸਰਾਂ, ਬਾਗਬਾਨੀ ਵਿਕਾਸ ਅਫ਼ਸਰਾਂ, ਖੇਤੀਬਾੜੀ ਅਫ਼ਸਰਾਂ ਅਤੇ ਸੇਵਾਮੁਕਤ ਖੇਤੀ ਟੈਕਨੋਕਰੇਟਸ ਨੇ ਸ਼ਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਹਰਮਨਦੀਪ ਸਿੰਘ ਘੁੰਮਣ ਨੇ ਕਿਹਾ ਕਿ ਸਰਕਾਰ ਤੇ ਉੱਚ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਕਰਕੇ ਮੰਗਾਂ ਤੋਂ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰ ਇਸ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਮਿਲਿਆ। ਧਰਨੇ ਦੌਰਾਨ ਆਗੂਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵਿੱਚ ਕਰੀਬ 100 ਬਲਾਕ ਖੇਤੀਬਾੜੀ ਅਫ਼ਸਰਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਖੇਤੀਬਾੜੀ ਵਿਕਾਸ ਅਫ਼ਸਰ 14 ਸਾਲ ਦੀ ਸੇਵਾ ਪੂਰੀ ਕਰਨ ਦੇ ਬਾਵਜੂਦ ਆਪਣੀ ਪਹਿਲੀ ਤਰੱਕੀ ਦੀ ਉਡੀਕ ਕਰ ਰਹੇ ਹਨ। ਧਰਨੇ ਨੂੰ ਕੁੱਲ ਹਿੰਦ ਕਿਸਾਨ ਮਹਾਸਭਾ ਅਤੇ ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਖੇਤੀ ਟੈਕਨੋਕਰੇਟਸ ਦੀਆਂ ਮੰਗਾਂ ਨੂੰ ਜਾਇਜ਼ ਦੱਸਦਿਆਂ ਆਉਣ ਵਾਲੇ ਦਿਨਾਂ ਵਿੱਚ ਵੀ ਸਮਰਥਨ ਦੇਣ ਦਾ ਭਰੋਸਾ ਦਿੱਤਾ। ਸੇਵਾਮੁਕਤ ਸਾਥੀ ਡਾ. ਸਤਵੰਤ ਸਿੰਘ ਨੇ ਵੀ ਸਰਕਾਰ ਵੱਲੋਂ ਮੰਗਾਂ ਦੀ ਅਣਦੇਖੀ ’ਤੇ ਸਵਾਲ ਉਠਾਉਂਦਿਆਂ ਸੰਘਰਸ਼ ਦੀ ਹਮਾਇਤ ਕੀਤੀ। ਇਸ ਮੌਕੇ ਡਾ. ਦਵਿੰਦਰ ਸਿੰਘ ਸੰਧੂ, ਡਾ. ਜਗਤਾਰ ਸਿੰਘ, ਡਾ. ਡੂੰਗਰ ਸਿੰਘ ਬਰਾੜ, ਡਾ. ਕਮਲ ਕੁਮਾਰ, ਡਾ. ਧਰਮਪਾਲ ਮੌਰੀਆ, ਡਾ. ਮਨਜਿੰਦਰ ਸਿੰਘ, ਡਾ. ਸਤਵਿੰਦਰਬੀਰ ਸਿੰਘ, ਡਾ. ਸਖਚੈਨ ਸਿੰਘ, ਡਾ. ਵਿਕਰਾਂਤ, ਡਾ. ਜੈਸਮੀਨ ਸਿੰਘ ਅਤੇ ਡਾ. ਗੁਰਿੰਦਰਜੀਤ ਸਿੰਘ ਮੀਰਪੁਰੀਆ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ। ਡਾ. ਰੂੜ ਸਿੰਘ, ਡਾ. ਮਿੱਠੂ ਸਿੰਘ, ਡਾ. ਸੁਰੇਸ਼ ਕੁਮਾਰ, ਡਾ. ਗੁਰਤੇਜ ਸਿੰਘ ਅਤੇ ਡਾ. ਜਸਕਰਨ ਸਿੰਘ ਨੇ ਧਰਨੇ ਵਿੱਚ ਪਹੁੰਚ ਕੇ ਹਮਾਇਤ ਪ੍ਰਗਟਾਈ। ਧਰਨੇ ਦੇ ਅੰਤ ਵਿੱਚ ਖੇਤੀ ਟੈਕਨੋਕਰੇਟਸ ਵੱਲੋਂ ਰੋਸ ਮਾਰਚ ਵੀ ਕੱਢਿਆ ਗਿਆ। ਆਗੂਆਂ ਨੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਦਾ ਐਲਾਨ ਕਰਦਿਆਂ ਕਿਹਾ ਕਿ 14 ਅਕਤੂਬਰ 2026 ਨੂੰ ਲੁਧਿਆਣਾ ਵਿਖੇ ਜ਼ੋਨ ਪੱਧਰੀ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇਸ ਤੋਂ ਬਾਅਦ ਵੀ ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਕੋਈ ਕਦਮ ਨਾ ਚੁੱਕਿਆ ਗਿਆ ਤਾਂ 19 ਅਕਤੂਬਰ 2026 ਨੂੰ ਸੂਬਾ ਹੈੱਡਕੁਆਰਟਰ ਵਿਖੇ ਕਿਸਾਨਾਂ ਦੀ ਸ਼ਮੂਲੀਅਤ ਨਾਲ ਵੱਡਾ ਸੂਬਾ ਪੱਧਰੀ ਇਕੱਠ ਕੀਤਾ ਜਾਵੇਗਾ।