ਸ੍ਰੀ ਗੁਰੂ ਹਰਗੋਬਿੰਦ ਕਾਨਵੈਂਟ ਸਕੂਲ ਨਥਾਣਾ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਸੈਮੀਨਾਰ
ਸ੍ਰੀ ਗੁਰੂ ਹਰਗੋਬਿੰਦ ਕਾਨਵੈਂਟ ਸਕੂਲ ਨਥਾਣਾ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਸੈਮੀਨਾਰ
Publish Date: Thu, 29 Oct 2026 04:35 PM (IST)
Updated Date: Thu, 29 Oct 2026 04:37 PM (IST)
ਹਰਪ੍ਰੀਤ ਮਦੇਸਾ, ਪੰਜਾਬੀ ਜਾਗਰਣ ਨਥਾਣਾ, ਸ੍ਰੀ ਗੁਰੂ ਹਰਗੋਬਿੰਦ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਨਥਾਣਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸਿਵਲ ਜੱਜ ਕੁਲਦੀਪ ਗੋਇਲ ਅਤੇ ਐਡਵੋਕੇਟ ਸ਼ਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ। ਸੈਮੀਨਾਰ ਦੌਰਾਨ ਬੱਚਿਆਂ ਨੂੰ ਬਾਲ ਮਜ਼ਦੂਰੀ, ਬਾਲ ਤਸਕਰੀ ਅਤੇ ਬੱਚਿਆਂ ਨਾਲ ਹੋਣ ਵਾਲੇ ਦੁਰਵਿਵਹਾਰ ਤੇ ਸ਼ੋਸ਼ਣ ਵਰਗੀਆਂ ਗੰਭੀਰ ਸਮੱਸਿਆਵਾਂ ਬਾਰੇ ਜਾਗਰੂਕ ਕੀਤਾ ਗਿਆ। ਬੁਲਾਰਿਆਂ ਨੇ ਬੱਚਿਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਰਹਿਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਜਾਂ ਗਲਤ ਵਿਵਹਾਰ ਦੀ ਸਥਿਤੀ ਵਿਚ ਭਰੋਸੇਯੋਗ ਵਿਅਕਤੀ ਜਾਂ ਸਬੰਧਤ ਅਧਿਕਾਰੀਆਂ ਦੀ ਮਦਦ ਲੈਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਸਿੱਖਿਆ, ਸਿਹਤ ਅਤੇ ਸੁਰੱਖਿਆ ਦੇ ਅਧਿਕਾਰਾਂ ਦੀ ਮਹੱਤਤਾ ਬਾਰੇ ਵੀ ਚਾਨਣਾ ਪਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਜੋਤੀ ਸ਼ਰਮਾ ਨੇ ਕਿਹਾ ਕਿ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਦੇਣ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਬਾਰੇ ਜਾਣਕਾਰੀ ਦੇਣ ਲਈ ਅਜਿਹੇ ਜਾਗਰੂਕਤਾ ਪ੍ਰੋਗਰਾਮ ਬਹੁਤ ਜ਼ਰੂਰੀ ਹਨ।