ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਲਹਿਰਾ ਮੁਹੱਬਤ ਵਿਖੇ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਲਹਿਰਾ ਮੁਹੱਬਤ ਵਿਖੇ ਮੀਟਿੰਗ
Publish Date: Tue, 27 Oct 2026 04:25 PM (IST)
Updated Date: Tue, 27 Oct 2026 04:28 PM (IST)
ਹਰਮੇਲ ਸਾਗਰ, ਪੰਜਾਬੀ ਜਾਗਰਣ ਭੁੱਚੋ ਮੰਡੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਤੇ ਵਰਕਰਾਂ ਨੂੰ ਇੱਕਜੁੱਟ ਕਰਨ ਲਈ ਲਹਿਰਾ ਮੁਹੱਬਤ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਹਲਕਾ ਕੋਆਰਡੀਨੇਟਰ ਭੁੱਚੋ ਮੰਡੀ ਤੇ ਪਾਰਟੀ ਦੇ ਮੀਤ ਪ੍ਰਧਾਨ (ਪੰਜਾਬ) ਸ. ਦੀਵਾਨ ਸਿੰਘ ਡਿੱਖ ਨੇ ਕੀਤੀ। ਇਸ ਦੌਰਾਨ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ ਦੀਆਂ ਗਤੀਵਿਧੀਆਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਅਲੀ ਸ਼ੇਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੀਵਾਨ ਸਿੰਘ ਡਿੱਖ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਜ਼ਖ਼ਮੀ ਮਜ਼ਦੂਰਾਂ ਨੂੰ ਵੀ 20-20 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ, ਤਾਂ ਜੋ ਪੀੜਤ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਮਿਲ ਸਕੇ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਪਾਰਟੀ ਡਟ ਕੇ ਖੜ੍ਹੀ ਹੈ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਦਾ ਸਾਥ ਦਿੱਤਾ ਜਾਵੇਗਾ। ਜਥੇਬੰਦਕ ਮਜ਼ਬੂਤੀ ’ਤੇ ਜ਼ੋਰ ਦਿੰਦਿਆਂ ਦੀਵਾਨ ਸਿੰਘ ਡਿੱਖ ਨੇ ਕਿਹਾ ਕਿ ਪਾਰਟੀ ਦਾ ਪਹਿਲਾ ਟੀਚਾ ਹਰੇਕ ਬੂਥ ’ਤੇ ਕਮੇਟੀਆਂ ਬਣਾਉਣਾ ਹੈ। ਇਸ ਲਈ ਵਰਕਰ ਘਰ-ਘਰ ਅਤੇ ਵੋਟਰਾਂ ਤੱਕ ਪਹੁੰਚ ਕਰਕੇ ਪਾਰਟੀ ਦੀਆਂ ਨੀਤੀਆਂ ਤੇ ਏਜੰਡੇ ਬਾਰੇ ਜਾਣਕਾਰੀ ਦੇਣਗੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀਆਂ ਬਕਾਇਆ ਮਹਿੰਗਾਈ ਭੱਤੇ (ਡੀਏ) ਦੀਆਂ ਕਿਸ਼ਤਾਂ ਤੁਰੰਤ ਜਾਰੀ ਕਰਨ ਦੀ ਮੰਗ ਵੀ ਉਠਾਈ ਗਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀ ਮੰਗ ਨਾ ਮੰਨੀ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁਲਾਜ਼ਮ ਆਪਣੀ ਨਾਰਾਜ਼ਗੀ ਜ਼ਾਹਰ ਕਰਨਗੇ। ਇਸ ਮੌਕੇ ਦੇਵ ਸਿੰਘ, ਲੀਲਾ ਸਿੰਘ, ਹਰਜਿੰਦਰ ਸਿੰਘ ਫੌਜੀ, ਤਰਸੇਮ ਸਿੰਘ, ਗੁਰਲਾਲ ਸਿੰਘ, ਮਹਿੰਦਰ ਸਿੰਘ, ਕੁਲਵੰਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।