ਕੋਟਬਖਤੂ ’ਚ ਸ਼੍ਰੋਮਣੀ ਅਕਾਲੀ ਦਲ ਦੇ ਐੱਸਸੀ ਵਿੰਗ ਦੀ ਹੋਈ ਰੈਲੀ ਕੋਟਬਖਤੂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਐੱਸਸੀ ਵਿੰਗ ਦੀ ਹੋਈ ਰੈਲੀ
Publish Date: Sun, 25 Oct 2026 04:24 PM (IST)
Updated Date: Sun, 25 Oct 2026 04:25 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਾਂ ਮੰਡੀ ਹਲਕਾ ਤਲਵੰਡੀ ਸਾਬੋ ਦੇ ਪਿੰਡ ਕੋਟਬਖਤੂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਐੱਸਸੀ ਵਿੰਗ ਵੱਲੋਂ ਰੈਲੀ ਕੀਤੀ ਗਈ। ਇਹ ਰੈਲੀ ਹਲਕਾ ਇੰਚਾਰਜ ਅਤੇ ਪਾਰਟੀ ਦੇ ਵਿਧਾਨ ਸਭਾ ਉਮੀਦਵਾਰ ਰਵੀਪ੍ਰੀਤ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐੱਸਸੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਵਿਚ ਹੋਈ। ਇਸ ਵਿਚ ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਐੱਸਸੀ ਭਾਈਚਾਰੇ ਸਮੇਤ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਸਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਇਨ੍ਹਾਂ ਯੋਜਨਾਵਾਂ ਨੂੰ ਅੱਗੇ ਵਧਾਉਣ ਦੀ ਬਜਾਏ ਬੰਦ ਕਰ ਦਿੱਤਾ। ਰਣੀਕੇ ਨੇ ਕਿਹਾ ਕਿ ਜੇਕਰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਧੀਆਂ ਦੇ ਵਿਆਹ ਲਈ ਇਕ ਲੱਖ ਰੁਪਏ ਸ਼ਗਨ, ਹਰ ਪਰਿਵਾਰ ਨੂੰ 50 ਕਿਲੋ ਕਣਕ ਅਤੇ ਬੇਘਰੇ ਲੋਕਾਂ ਨੂੰ ਪਲਾਟ ਤੇ ਮਕਾਨ ਦੇਣ ਸਮੇਤ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਾਰਟੀ ਦੇ ਚੋਣ ਮਨੋਰਥ ਪੱਤਰ ਅਨੁਸਾਰ ਲੋਕ ਭਲਾਈ ਦੀਆਂ ਹੋਰ ਯੋਜਨਾਵਾਂ ਵੀ ਲਾਗੂ ਕੀਤੀਆਂ ਜਾਣਗੀਆਂ। ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ‘ਰੰਗਲਾ ਪੰਜਾਬ’ ਬਣਾਉਣ ਦੇ ਵਾਅਦਿਆਂ ਦੇ ਬਾਵਜੂਦ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਹੈ। ਉਨ੍ਹਾਂ ਲੋਕਾਂ ਨੂੰ 2027 ਦੀਆਂ ਚੋਣਾਂ ਵਿਚ ਅਕਾਲੀ ਦਲ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਦਰਬਾਰਾ ਸਿੰਘ ਗੁਰੂ, ਗੁਰਜੀਤ ਸਿੰਘ ਕੋਟਬਖਤੂ, ਬਲਕਰਨ ਸਿੰਘ, ਜਸਵਿੰਦਰ ਸਿੰਘ ਜੈਲਦਾਰ, ਰਾਜਵੰਤ ਸਿੰਘ ਕੋਟਭਾਰਾ, ਜਗਦੀਪ ਸਿੰਘ ਗਹਿਰੀ, ਜੰਗੀਰ ਸਿੰਘ ਅਤੇ ਭੋਲਾ ਸਿੰਘ ਸੇਖੂ ਨੇ ਵੀ ਸੰਬੋਧਨ ਕੀਤਾ। ਅੰਤ ਵਿੱਚ ਰਵੀਪ੍ਰੀਤ ਸਿੰਘ ਸਿੱਧੂ ਨੇ ਰੈਲੀ ਵਿੱਚ ਸ਼ਾਮਲ ਹੋਏ ਲੋਕਾਂ ਅਤੇ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਚੋਣ ਜਿੱਤਣ ਤੋਂ ਬਾਅਦ ਉਹ ਲੋਕਾਂ ਦੇ ਕੰਮਾਂ ਅਤੇ ਹਲਕੇ ਦੇ ਵਿਕਾਸ ਲਈ ਯਤਨਸ਼ੀਲ ਰਹਿਣਗੇ।