ਧਨੌਲਾ ਵਾਸੀ ਨੇ ਵਿਸਾਖੀ ਮੌਕੇ ਲਾਈ ਸੀ ਦੁਕਾਨ

ਫੋਟੋ 52ਪੀ।

ਕੈਪਸ਼ਨ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਪੀੜਤ ਘਟਨਾ ਸਬੰਧੀ ਜਾਣਕਾਰੀ ਦਿੰਦਾ ਹੋਇਆ

--------------------

ਗੁਰਤੇਜ ਸਿੰਘ ਸਿੱਧੂ, ਬਠਿੰਡਾ :

ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਮੇਲੇ ਵਿਚ ਵੀਰਵਾਰ ਨੂੰ ਕੁਝ ਨਿਹੰਗਾਂ ਨੇ ਕਿਰਪਾਨਾਂ ਨਾਲ ਹਮਲਾ ਕਰਕੇ ਇਕ ਦੁਕਾਨਦਾਰ ਨੂੰ ਸਖ਼ਤ ਜ਼ਖ਼ਮੀ ਕਰ ਦਿੱਤਾ ਜਿਸ ਨੂੰ ਲਹੂ ਲੁਹਾਣ ਹਾਲਤ ਵਿਚ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਧਨੌਲਾ ਦੇ ਰਹਿਣ ਵਾਲੇ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਕਿਰਪਾਨਾਂ ਅਤੇ ਸਿਰੀ ਸਾਹਿਬ ਦੇ ਗਾਤਰੇ ਬਣਾਉਣ ਦਾ ਕੰਮ ਕਰਦਾ ਹੈ। ਉਸ ਨੇ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕਿਰਪਾਨਾਂ ਅਤੇ ਗਾਤਰੇ ਵੇਚਣ ਲਈ ਆਪਣੀ ਦੁਕਾਨ ਲਾਈ ਸੀ। ਪੀੜਤ ਨੇ ਦੱਸਿਆ ਕਿ ਵੀਰਵਾਰ ਸਵੇਰੇ ਇਕ ਨਿਹੰਗ ਉਨ੍ਹਾਂ ਦੀ ਦੁਕਾਨ ਤੋਂ ਕੁਝ ਸਾਮਾਨ ਚੁੱਕ ਕੇ ਲੈ ਗਿਆ ਜਿਸ ਦੇ ਉਨ੍ਹਾਂ ਨੂੰ ਪੈਸੇ ਨਹੀਂ ਦਿੱਤੇ ਗਏ। ਇਸ ਤੋਂ ਬਾਅਦ ਸੱਤ ਅੱਠ ਨਿਹੰਗ ਕਿਰਪਾਨਾਂ ਨਾਲ ਲੈਸ ਹੋ ਕੇ ਆਏ ਅਤੇ ਉਸ ਦੀ ਦੁਕਾਨ ਤੋਂ ਸਾਮਾਨ ਚੁੱਕਣਾ ਸ਼ੁਰੂ ਕਰ ਦਿੱਤਾ। ਜਦੋਂ ਉਸ ਦੇ ਪਿਤਾ ਇੰਦਰਜੀਤ ਸਿੰਘ ਅਤੇ ਭਰਾ ਗੁਰਪਾਲ ਸਿੰਘ ਨੇ ਉਨ੍ਹਾਂ ਨੂੰ ਰੋਕਣ ਦਾ ਯਤਨ ਕੀਤਾ ਤਾਂ ਨਿਹੰਗਾਂ ਨੇ ਝਗੜਾ ਸ਼ੁਰੂ ਕਰ ਦਿੱਤਾ ਤੇ ਉਨ੍ਹਾਂ 'ਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ। ਜਦੋਂ ਉਹ ਆਪਣੇ ਪਿਤਾ ਅਤੇ ਭਰਾ ਨੂੰ ਬਚਾਉਣ ਲਈ ਆਇਆ ਤਾਂ ਉਸ 'ਤੇ ਵੀ ਹਮਲਾ ਕੀਤਾ ਗਿਆ। ਉਸ ਦੇ ਹੱਥ ਅਤੇ ਬਾਂਹ ਕਿਰਪਾਨ ਵੱਜਣ ਨਾਲ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ 'ਤੇ ਹਮਲਾ ਕਰਨ ਵਾਲੇ ਨਿਹੰਗਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਵੱਲੋਂ ਮਹੱਲਾ ਕੱਢਣ ਉਪਰੰਤ ਵਿਸਾਖੀ ਮੇਲਾ ਰਸਮੀ ਤੌਰ ਤੇ ਸਮਾਪਤ ਹੋ ਗਿਆ ਸੀ, ਪਰ ਇਸ ਤੋਂ ਬਾਅਦ ਵੀ ਲਗਾਤਾਰ ਤਖ਼ਤ ਸਾਹਿਬ ਤੇ ਸ਼ਰਧਾਲੂ ਆਉਂਦੇ ਰਹਿੰਦੇ ਹਨ ਜਿਸ ਕਾਰਨ ਧਨੌਲਾ ਵਾਸੀ ਅਤਿੰਦਰਪਾਲ ਸਿੰਘ ਦੀ ਦੁਕਾਨ ਅਜੇ ਲੱਗੀ ਹੋਈ ਸੀ।

------------------------------