ਦੀਵਾਲੀ ਤੱਕ ਮੇਨ ਬਾਜ਼ਾਰ ’ਚ ਪੁਲਿਸ ਗਸ਼ਤ ਲਾਉਣ ਦੀ ਦੁਕਾਨਦਾਰਾਂ ਨੇ ਕੀਤੀ ਮੰਗ ਦੀਵਾਲੀ ਤੱਕ ਮੇਨ ਬਾਜ਼ਾਰ ਵਿਚ ਪੁਲਿਸ ਗਸ਼ਤ ਲਾਉਣ ਦੀ ਦੁਕਾਨਦਾਰਾਂ ਨੇ ਕੀਤੀ ਮੰਗ
Publish Date: Wed, 04 Nov 2026 06:24 PM (IST)
Updated Date: Wed, 04 Nov 2026 06:26 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਰਾਮਾਂ ਮੰਡੀ, ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਰਾਮਾਂ ਮੰਡੀ ਦੇ ਮੇਨ ਬਾਜ਼ਾਰ ਵਿੱਚ ਵਾਹਨਾਂ ਦੀ ਵਧ ਰਹੀ ਆਵਾਜਾਈ ਅਤੇ ਟ੍ਰੈਫਿਕ ਜਾਮ ਦੀ ਸਮੱਸਿਆ ਨੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਬਾਜ਼ਾਰ ਵਿੱਚ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸ਼ਹਿਰ ਦੇ ਸਮੂਹ ਦੁਕਾਨਦਾਰਾਂ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਉਨ੍ਹਾਂ ਨੂੰ ਚੰਗੇ ਕਾਰੋਬਾਰ ਅਤੇ ਆਮਦਨ ਦੀ ਉਮੀਦ ਹੁੰਦੀ ਹੈ, ਪਰ ਬਾਜ਼ਾਰ ਵਿੱਚ ਲੱਗਦੇ ਜਾਮ ਕਾਰਨ ਗਾਹਕਾਂ ਨੂੰ ਦੁਕਾਨਾਂ ਤੱਕ ਪਹੁੰਚਣ ਵਿੱਚ ਦਿੱਕਤ ਆ ਰਹੀ ਹੈ। ਇਸ ਕਾਰਨ ਉਨ੍ਹਾਂ ਦੇ ਕਾਰੋਬਾਰ ’ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਦੁਕਾਨਦਾਰਾਂ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਜਦੋਂ ਕਿਸੇ ਮੰਤਰੀ ਦਾ ਦੌਰਾ ਹੁੰਦਾ ਹੈ ਤਾਂ ਸੁਰੱਖਿਆ ਅਤੇ ਪ੍ਰਬੰਧਾਂ ਲਈ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਜਾਂਦੇ ਹਨ, ਪਰ ਆਮ ਲੋਕਾਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੁਲਿਸ ਮੁਲਾਜ਼ਮਾਂ ਦੀ ਘਾਟ ਦਿਖਾਈ ਦਿੰਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਸ਼ਹਿਰ ਦੇ ਦੁਕਾਨਦਾਰ ਅਤੇ ਆਮ ਲੋਕ ਬੁਨਿਆਦੀ ਸਮੱਸਿਆਵਾਂ ਨਾਲ ਜੂਝ ਰਹੇ ਹਨ ਤਾਂ ਸਰਕਾਰ ਵੱਲੋਂ ਇਨ੍ਹਾਂ ਵੱਲ ਧਿਆਨ ਕਿਉਂ ਨਹੀਂ ਦਿੱਤਾ ਜਾ ਰਿਹਾ। ਦੁਕਾਨਦਾਰਾਂ ਨੇ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਤੋਂ ਮੰਗ ਕੀਤੀ ਕਿ ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਤਿਉਹਾਰਾਂ ਦੇ ਸੀਜ਼ਨ ਦੇ ਖ਼ਤਮ ਹੋਣ ਤੱਕ ਰਾਮਾਂ ਮੰਡੀ ਦੇ ਮੇਨ ਬਾਜ਼ਾਰ ਵਿੱਚ ਪੁਲਿਸ ਦੀ ਪੱਕੀ ਡਿਊਟੀ ਲਗਾਈ ਜਾਵੇ ਅਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਇਆ ਜਾਵੇ, ਤਾਂ ਜੋ ਦੁਕਾਨਦਾਰਾਂ ਦੇ ਕਾਰੋਬਾਰ ਦੇ ਨਾਲ-ਨਾਲ ਖਰੀਦਦਾਰੀ ਲਈ ਆਉਣ ਵਾਲੇ ਲੋਕਾਂ ਨੂੰ ਵੀ ਰਾਹਤ ਮਿਲ ਸਕੇ।