ਗੁਰਤੇਜ ਸਿੰਘ ਸਿੱਧੂ, ਬਠਿੰਡਾ : ਸਹਿਕਾਰਤਾ ਅਤੇ ਖੇਤੀਬਾੜੀ ਵਿਭਾਗ ਦੇ ਨੱਕ ਹੇਠ ਬਿਨਾਂ ਮਨਜੂਰੀ ਸਹਿਕਾਰੀ ਸਭਾਵਾਂ ਰਾਹੀਂ ਸਾਗਰੀਕਾ ਖਾਦ ਵੇਚੇ ਜਾਣ ਦੇ ਮਾਮਲੇ ਦਾ ਸ਼੍ਰੋਮਣੀ ਅਕਾਲੀ ਦਲ ਨੇ ਗੰਭੀਰ ਨੋਟਿਸ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਤੇ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਬੀਜ ਘੁਟਾਲਾ, ਜਿਪਸਮ ਘੁਟਾਲਾ ਅਤੇ ਹੁਣ ਨਵੀਂ ਕਿਸਮ ਦਾ ਘੁਟਾਲਾ ਸਾਹਮਣੇ ਆਇਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਸਾਗਰੀਕਾ ਖਾਦ ਸਹਿਕਾਰੀ ਸਭਾਵਾਂ ਰਾਹੀਂ ਵੇਚ ਕੇ ਕਿਸਾਨਾਂ ਦੀ ਸ਼ਰੇਆਮ ਲੁੱਟ ਕੀਤੀ ਗਈ ਹੈ।

ਮਲੂਕਾ ਨੇ ਕਿਹਾ ਕਿ ਮੌਜ਼ੂਦਾ ਕਾਂਗਰਸ ਸਰਕਾਰ ਘਪਲਿਆਂ ਦੀ ਸਰਕਾਰ ਬਣਕੇ ਰਹਿ ਗਈ ਹੈ, ਜਿਸ 'ਚ ਹਰ ਰੋਜ ਕਰੋੜਾਂ ਰੁਪਏ ਦੇ ਘੁਟਾਲੇ ਸਾਹਮਣੇ ਆ ਰਹੇ ਹਨ। ਮਲੂਕਾ ਨੇ ਕਿਹਾ ਕਿ ਸੂਬਾ ਸਰਕਾਰ ਦੇ ਮੰਤਰੀਆਂ, ਆਗੂਆਂ ਅਤੇ ਅਫਸਰਸ਼ਾਹੀ ਦੀ ਮਿਲੀ ਭੁਗਤ ਨਾਲ ਨਿੱਤ ਨਵੇਂ ਘੁਟਾਲੇ ਕੀਤੇ ਜਾ ਰਹੇ ਹਨ ਅਤੇ ਵਿਸ਼ੇਸ਼ ਤੌਰ 'ਤੇ ਦੇਸ਼ ਦੇ ਅੰਨ ਦਾਤਾ ਨੂੰ ਵੀ ਨਹੀਂ ਬਖਸ਼ਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਪਹਿਲਾਂ ਖੇਤੀਬਾੜੀ ਯੂਨੀਵਰਸਿਟੀ ਦੇ ਨੱਕ ਹੇਠ ਕਰੋੜਾਂ ਰੁਪਏ ਦਾ ਬੀਜ ਘੁਟਾਲਾ, ਉਸ ਤੋਂ ਬਾਅਦ ਜਿਪਸਮ ਦੀ ਖਰੀਦ 'ਚ ਘੁਟਾਲਾ ਤੇ ਹੁਣ ਸਹਿਕਾਰੀ ਸਭਾਵਾਂ ਰਾਹੀਂ ਸ਼ਰੇਆਮ ਘਟੀਆ ਕੁਆਲਿਟੀ ਦੀ ਖਾਦ ਸਾਗਰੀਕਾ ਵੇਚੀ ਜਾ ਰਹੀ ਹੈ। ਇਸ ਖਾਦ ਨੂੰ ਵੇਚਣ ਦੀ ਮਨਜੂਰੀ ਖੇਤੀਬਾੜੀ ਵਿਭਾਗ ਵੱਲੋਂ ਨਾ ਦਿੱਤੇ ਜਾਣ ਦੇ ਬਾਵਜੂਦ ਸਹਿਕਾਰਤਾ ਵਿਭਾਗ ਵੱਲੋਂ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਕਹਾਉਣ ਵਾਲੀ ਕੈਪਟਨ ਸਰਕਾਰ ਅਤੇ ਉਸਦੇ ਮੰਤਰੀ ਆਪਣੇ ਨਿਜ਼ੀ ਹਿਤਾਂ ਦੀ ਪੂਰਤੀ ਲਈ ਕਿਸਾਨਾਂ ਨੂੰ ਨੀਵੇਂ ਪੱਧਰ ਦੇ ਬੀਜ ਅਤੇ ਖਾਦਾਂ ਦੀ ਸਪਲਾਈ ਰਾਹੀਂ ਕਰੋੜਾਂ ਰੁਪਏ ਦੇ ਘੁਟਾਲੇ ਕਰ ਰਹੇ ਹਨ। ਮਲੂਕਾ ਨੇ ਕਿਹਾ ਕਿ ਇਫਕੋ ਵੱਲੋਂ ਆਲੂਆਂ ਦੀ ਫਸਲ ਲਈ ਤਿਆਰ ਕੀਤੀ ਗਈ ਖਾਦ ਸਾਗਰੀਕਾ ਹੁਣ ਬਿਨਾਂ ਮਨਜੂਰੀ ਝੋਨੇ ਲਈ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਰੋੜਾਂ ਰੁਪਏ ਦੇ ਹੋਏ ਬੀਜ ਘੁਟਾਲੇ ਵਾਂਗ ਖੇਤੀਬਾੜੀ ਵਿਭਾਗ ਦੀ ਭੂਮਿਕਾ ਵੀ ਸ਼ੱਕ ਦੇ ਘੇਰੇ 'ਚ ਹੈ। ਖੇਤੀਬਾੜੀ ਵਿਭਾਗ ਅਤੇ ਇਫਕੋ ਦੇ ਅਧਿਕਾਰੀਆਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਕੋਈ ਤਸੱਲੀਬਖਸ਼ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਏ।

ਮਲੂਕਾ ਨੇ ਕਿਹਾ ਕਿ ਸੂਬੇ ਦਾ ਕਿਸਾਨ ਪਹਿਲਾਂ ਹੀ ਆਰਥਿਕ ਮੰਦੀ ਦਾ ਸ਼ਿਕਾਰ ਹੈ ਅਤੇ ਅਜਿਹੇ 'ਚ ਸੂਬਾ ਸਰਕਾਰ ਦੇ ਖੇਤੀਬਾੜੀ ਨਾਲ ਸਬੰਧਤ ਅਦਾਰਿਆਂ ਵੱਲੋਂ ਕਿਸਾਨਾਂ ਦੀ ਲੁੱਟ ਦਾ ਮਾਮਲਾ ਬੇਹੱਦ ਗੰਭੀਰ ਅਤੇ ਮੰਦਭਾਗਾ ਹੈ। ਸਾਬਕਾ ਮੰਤਰੀ ਮਲੂਕਾ ਨੇ ਕਿਹਾ ਕਿ ਜੇ ਮੁੱਖ ਮੰਤਰੀ ਕਿਸਾਨਾਂ ਪ੍ਰਤੀ ਰੱਤੀ ਭਰ ਵੀ ਫਿਕਰਮੰਦ ਹਨ ਤਾਂ ਇਸ ਮਾਮਲੇ ਦਾ ਤੁਰੰਤ ਨੋਟਿਸ ਲੈਣ ਅਤੇ ਇਸ ਦੀ ਨਿਰਪੱਖ ਜਾਂਚ ਦੇ ਹੁਕਮ ਜਾਰੀ ਕਰਨ। ਮਲੂਕਾ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਤੇ ਖੇਤੀਬਾੜੀ ਵਿਭਾਗ ਦੀ ਸਥਾਪਨਾ ਸੂਬੇ ਦੇ ਕਿਸਾਨਾਂ ਨੂੰ ਸਹੂਲਤਾਂ ਦੇਣ ਲਈ ਕੀਤੀ ਗਈ ਸੀ, ਪਰ ਅਫਸੋਸ ਦੀ ਗੱਲ ਹੈ ਕਿ ਕਾਂਗਰਸ ਸਰਕਾਰ ਦੇ ਮੰਤਰੀਆਂ ਵੱਲੋਂ ਅਫਸਰਸ਼ਾਹੀ ਦੀ ਮਿਲੀਭੁਗਤ ਨਾਲ ਕਿਸਾਨਾਂ ਨਾਲ ਸਬੰਧਤ ਅਦਾਰਿਆਂ ਨੂੰ ਵੀ ਨਹੀਂ ਬਖਸ਼ਿਆ ਜਾ ਰਿਹਾ। ਮਲੂਕਾ ਨੇ ਕਿਹਾ ਕਿ ਜੇ ਸਰਕਾਰ ਵੱਲੋਂ ਕਿਸਾਨਾਂ ਨਾਲ ਸਬੰਧਤ ਮਸਲਿਆਂ ਨੂੰ ਗੰਭੀਰਤਾ ਨਾਲ ਨਾ ਲਿਆ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਦਾ ਕਿਸਾਨ ਵਿੰਗ ਕਿਸਾਨਾਂ ਦੇ ਹਿਤਾਂ ਲਈ ਹਰ ਸੰਘਰਸ਼ ਲਈ ਤਿਆਰ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਜਥੇਦਾਰ ਸਤਨਾਮ ਸਿੰਘ ਭਾਈਰੂਪਾ, ਹਰਿੰਦਰ ਹਿੰਦਾ, ਮਨਜੀਤ ਧੰੁਨਾ, ਗਗਨਦੀਪ ਗਰੇਵਾਲ, ਹਰਜੀਤ ਮਲੂਕਾ, ਮੋਹਣ ਭਗਤਾ, ਰਕੇਸ਼ ਗੋਇਲ, ਮੀਡੀਆ ਇੰਚਾਰਜ਼ ਰਤਨ ਸ਼ਰਮਾ ਮਲੂਕਾ ਆਦਿ ਹਾਜ਼ਰ ਸਨ।