ਦੀਪਕ ਸ਼ਰਮਾ, ਬਠਿੰਡਾ : ਬਠਿੰਡਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਛੇ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਲਾਹਣ ਬਰਾਮਦ ਕੀਤੀ ਹੈ। ਇਸ ਅਧਾਰ 'ਤੇ ਪੁਲਿਸ ਨੇ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਥਾਣਿਆਂ 'ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸਪੈਸ਼ਲ ਟਾਸਕ ਫੋਰਸ ਨੇ ਇਕ ਕਾਰਵਾਈ ਦੌਰਾਨ ਕਾਰ ਸਵਾਰ ਨੌਜਵਾਨ ਨੂੰ ਗਿ੍ਫ਼ਤਾਰ ਕਰ ਕੇ 90 ਗ੍ਰਾਮ ਹੈਰੋਇਨ ਬਰਾਮਦ ਕੀਤੀ। ਫੜੇ ਗਏ ਕਥਿਤ ਦੋਸ਼ੀ ਦੀ ਪਛਾਣ ਅਮਨਦੀਪ ਸਿੰਘ ਵਾਸੀ ਪਿੰਡ ਗਿੱਦੜ ਵਜੋਂ ਹੋਈ ਹੈ। ਉਕਤ ਨੌਜਵਾਨ ਪੇਸ਼ੇ ਵਜੋਂ ਨਕਸਾ ਨਵੀਸ ਸੀ, ਪਰ ਨਸ਼ੇ ਦਾ ਆਦੀ ਹੋਣ ਕਰ ਕੇ ਹੈਰੋਇਨ ਦੀ ਤਸਕਰੀ ਕਰਨ ਲੱਗ ਪਿਆ। ਇਸ ਸਬੰਧੀ ਇੰਸਪੈਕਟਰ ਨਵੀਨ ਕੁਮਾਰ ਨੇ ਦੱਸਿਆ ਕਿ ਗਸ਼ਤ ਦੌਰਾਨ ਜਦ ਪੁਲਿਸ ਪਾਰਟੀ ਪਿੰਡ ਪੂਹਲਾ ਕੋਲ ਪਹੁੰਚੀ ਤਾਂ ਇਕ ਅਲਟੋ ਕਾਰ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਕਾਰ 'ਚੋਂ 90 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਅਧਾਰ 'ਤੇ ਕਾਰ ਸਵਾਰ ਅਮਨਦੀਪ ਸਿੰਘ ਨੁੰ ਗਿ੍ਫਤਾਰ ਕਰਕੇ ਥਾਣਾ ਨਥਾਣਾ ਵਿਖੇ ਕੇਸ ਦਰਜ ਕੀਤਾ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਉਕਤ ਨੌਜਵਾਨ ਨੇ ਮੰਨਿਆ ਹੈ ਕਿ ਉਹ ਹੈਰੋਇਨ ਦੀ ਇਹ ਖੇਪ ਦਿੱਲੀ ਤੋਂ ਲੈ ਕੇ ਆਇਆ ਸੀ ਤੇ ਜ਼ਿਲ੍ਹੇ 'ਚ ਅੱਗੇ ਵੇਚਣੀ ਸੀ। ਇਸੇ ਤਰ੍ਹਾਂ ਥਾਣਾ ਫੂਲ ਦੇ ਸਬ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਪਿੰਡ ਫੂਲ ਕੋਲ ਲਾਏ ਨਾਕੇ ਦੌਰਾਨ ਇਕ ਰਿਟਜ਼ ਕਾਰ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਕਾਰ ਸਵਾਰ ਵਿਅਕਤੀਆਂ ਕੋਲੋਂ 23 ਗ੍ਰਾਮ ਹੈਰੋਇਨ ਬਰਾਮਦ ਕੀਤੀ। ਕਥਿਤ ਦੋਸ਼ੀਆਂ ਦੀ ਪਛਾਣ ਲਵਜੀਤ ਸ਼ਰਮਾ, ਰਵੀ ਕੁਮਾਰ, ਬਲਜਿੰਦਰ ਸਿੰਘ ਵਾਸੀ ਭਾਈਰੂਪਾ ਵਜੋਂ ਹੋਈ ਹੈ। ਉਕਤ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਥਾਣਾ ਕੈਨਾਲ ਕਾਲੋਨੀ ਦੇ ਸਬ ਇੰਸਪੈਕਟਰ ਗਨੇਸ਼ਵਰ ਕੁਮਾਰ ਨੇ ਦੱਸਿਆ ਕਿ ਬਾਦਲ ਰੋਡ 'ਤੇ ਸਥਿਤ ਪੁਲ ਕੋਲ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਕਥਿੱਤ ਦੋਸ਼ੀ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਬੰਗੀ ਨਗਰ ਵਜੋਂ ਹੋਈ ਹੈ। ਥਾਣਾ ਦਿਆਲਪੁਰਾ ਦੇ ਏਐਸਆਈ ਜਸਵੀਰ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਹੋਇਆਂ ਪਿੰਡ ਮਲੂਕਾ ਤੋਂ ਮਨਪ੍ਰਰੀਤ ਸਿੰਘ ਵਾਸੀ ਮਲੂਕਾ ਨੂੰ ਗਿ੍ਫਤਾਰ ਕਰਕੇ 80 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ।